ਚੰਡੀਗੜ੍ਹ, ਗੁਰਦਾਸਪੁਰ, 7 ਜੁਲਾਈ ( ਸਰਬਜੀਤ ਸਿੰਘ)— ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਤੋਂ ਫ਼ੰਡ ਜਾਰੀ ਕਰਵਾਉਣ ਲਈ ਢਿੱਲੀ ਪਹੁੰਚ ਅਪਣਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।
ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰਡੀਐਫ), ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਤੇ ਸਰਵ ਸਿੱਖਿਆ ਅਭਿਆਨ (ਐਸਐਸਏ) ਸਮੇਤ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਲਗਭਗ 10,000 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ।
ਬਾਜਵਾ ਨੇ ਕਿਹਾ ਕਿ ਐਨਐਚਐਮ ਵਰਗੇ ਕੁਝ ਮਾਮਲਿਆਂ ਵਿੱਚ ਪੰਜਾਬ ਦੀ ‘ਆਪ’ ਸਰਕਾਰੀ ਨਿਯਮਾਂ ਅਤੇ ਨੀਤੀਆਂ ਦੀ ਪਾਲਨਾ ਕਰਨ ਵਿੱਚ ਅਸਫਲ ਰਹੀ ਹੈ ਅਤੇ ਨਤੀਜੇ ਵਜੋਂ ਕੇਂਦਰੀ ਸਿਹਤ ਮੰਤਰਾਲੇ ਨੇ ਸੂਬੇ ਨੂੰ ਫ਼ੰਡਾਂ ਦੇ ਪ੍ਰਵਾਹ ਨੂੰ ਰੋਕ ਦਿੱਤਾ ਹੈ। ਇਸ ਦੌਰਾਨ, ਐਨਐਚਐਮ ਤਹਿਤ ਰੋਕੀ ਗਈ ਰਕਮ 1000 ਕਰੋੜ ਰੁਪਏ ਤੱਕ ਪਹੁੰਚ ਗਈ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਾਸ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਹੰਕਾਰ ਛੱਡ ਕੇ ਕੇਂਦਰ ਸਰਕਾਰ ਨਾਲ ਫ਼ੰਡਾਂ ਦੀ ਰੁਕਾਵਟ ਦੇ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਚਾਹੀਦਾ ਹੈ। ਇਹ ਵੀ ਦੇਖਿਆ ਗਿਆ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਫ਼ੰਡਾਂ ਦੀ ਦੁਰਵਰਤੋਂ ਕਰ ਰਹੀ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੂਬੇ ਦੇ ਵਿੱਤ ਮੰਤਰਾਲੇ ਵੱਲੋਂ ਆਰਥਿਕਤਾ ਦੇ ਮਾੜੇ ਪ੍ਰਬੰਧਨ ਕਾਰਨ ਸੂਬੇ ਦਾ ਬਕਾਇਆ ਕਰਜ਼ਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਪੰਜਾਬ ਦੀ ਆਰਥਿਕਤਾ ਡੂੰਘੇ ਸੰਕਟ ਵਿੱਚ ਹੈ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਹੁਣ ਭਾਰਤ ਸਰਕਾਰ ਦੇ ਸਾਬਕਾ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਕੋਲ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸੁਝਾਅ ਮੰਗੇ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ‘ਆਪ’ ਸਰਕਾਰ ਨੇ ਘੱਟੋ-ਘੱਟ ਇਹ ਸਵੀਕਾਰ ਕਰ ਲਿਆ ਹੈ ਕਿ ‘ਆਪ’ ਦੇ ਢਾਈ ਸਾਲਾਂ ਦੇ ਸ਼ਾਸਨ ਕਾਲ ‘ਚ ਅਰਥਵਿਵਸਥਾ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਹੈ। ਬਾਜਵਾ ਨੇ ਕਿਹਾ ਕਿ ਮਾਹਿਰਾਂ ਦੀ ਰਾਏ ਲੈਣ ਤੋਂ ਪਹਿਲਾਂ ‘ਆਪ’ ਸਰਕਾਰ ਨੂੰ ਆਪਣੇ ਗਲਤ ਕੰਮਾਂ ਦਾ ਆਤਮ-ਨਿਰੀਖਣ ਕਰਨਾ ਚਾਹੀਦਾ ਹੈ ਅਤੇ ਆਪਣੇ ਤਰੀਕੇ ਸੁਧਾਰਨੇ ਚਾਹੀਦੇ ਹਨ।