ਡੀ.ਆਈ.ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ ਨੇ ਗੁਰਦਾਸਪੁਰ ਵਿਖੇ ਸਮਾਜ ਸੇਵੀ ਸੰਸਥਾਵਾਂ, ਮੁਹਤਬਰਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਕੀਤੀ
ਗੁਰਦਾਸਪੁਰ, 8 ਜੁਲਾਈ ( ਸਰਬਜੀਤ ਸਿੰਘ ) – ਬਾਰਡਰ ਰੇਂਜ ਅੰਮ੍ਰਿਤਸਰ ਦੇ ਡੀ.ਆਈ.ਜੀ. ਰਾਕੇਸ਼ ਕੌਸ਼ਲ ਵੱਲੋਂ ਅੱਜ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪੁਲਸ ਦੇ ਅਧਿਕਾਰੀਆਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਸਮਾਜ ਸੇਵੀ ਸੰਸਥਾਵਾਂ ਅਤੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਕੋਲੋਂ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਸਹਿਯੋਗ ਮੰਗਿਆ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ.ਐੱਸ.ਪੀ. ਹਰੀਸ਼ ਦਾਯਮਾ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਆਈ.ਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਸ ਸੂਬੇ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਫ਼ੈਸਲਾਕੁਨ ਲੜਾਈ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸਮਾਜ ਦੇ ਹਰ ਵਰਗ ਦਾ ਸਾਥ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਾਰਡਰ ਰੇਂਜ ਵਿੱਚ ਬੀਤੇ ਇੱਕ ਸਾਲ ਵਿੱਚ ਨਸ਼ਾ ਤਸਕਰਾਂ ਦੀ 30 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿੱਚ ਪੁਲਸ ਵੱਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜੇਲ੍ਹ ਅੰਦਰ ਡੱਕਿਆ ਜਾ ਰਿਹਾ ਹੈ।
ਡੀ.ਆਈ.ਜੀ. ਰਾਕੇਸ਼ ਕੌਸ਼ਲ ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਵੀ ਪੁਲਸ ਵੱਲੋਂ ਬੀ.ਐੱਸ.ਐੱਫ. ਨਾਲ ਮਿਲ ਕੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਡਰੋਨ ਗਤੀਵਿਧੀਆਂ ਉੱਪਰ ਵੀ ਆਪਣੀ ਨਜ਼ਰ ਰੱਖਣ ਅਤੇ ਕੋਈ ਵੀ ਸੂਚਨਾ ਤੁਰੰਤ ਪੰਜਾਬ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਖੇਪ ਫੜਾਉਣ ਵਾਲੇ ਵਿਅਕਤੀ ਨੂੰ ਵਿਸ਼ੇਸ਼ ਇਨਾਮ ਵੀ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪੁਲਿਸ ਦੀਆਂ ਅੱਖਾਂ, ਨੱਕ ਅਤੇ ਕੰਨ ਬਣਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਨਸ਼ੇ ਸਬੰਧੀ ਆਈ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ-ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੁਲਸ ਅਧਿਕਾਰੀ ਜਾਂ ਕਰਮਚਾਰੀ ਦੀ ਨਸ਼ੇ ਦੇ ਕੇਸਾਂ ਸਬੰਧੀ ਕਾਰਗੁਜ਼ਾਰੀ ਢਿੱਲੀ ਪਾਈ ਗਈ ਤਾਂ ਉਸ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਦੇ ਜਜ਼ਬੇ ਅਤੇ ਜੋਸ਼ ਦਾ ਕੋਈ ਜਵਾਬ ਨਹੀਂ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਵੀ ਪੰਜਾਬੀ ਪੂਰੇ ਜਜ਼ਬੇ ਤੇ ਜੋਸ਼ ਨਾਲ ਸਰਕਾਰ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਓਥੇ ਇਨ੍ਹਾਂ ਨੌਜਵਾਨਾਂ ਦੇ ਪੁਨਰਵਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਬਚਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਏਗਾ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪਿਛਲੇ ਇੱਕ ਸਾਲ ਤੋਂ ‘ਮਿਸ਼ਨ ਨਿਸ਼ਚੇ’ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜਲਦੀ ਹੀ ਮਿਸ਼ਨ ਨਿਸ਼ਚੇ ਤਹਿਤ ਸਰਹੱਦੀ ਪਿੰਡਾਂ ਵਿੱਚ ਫਿਰ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਨਸ਼ਿਆਂ ਦੀ ਸੂਚਨਾ ਦੇਣ ਲਈ ਇੱਕ ਹੈਲਪ ਲਾਈਨ ਨੰਬਰ 78145-45950 ਚਲਾਇਆ ਜਾ ਰਿਹਾ ਹੈ ਜਿਸ ਉੱਪਰ ਕੋਈ ਵੀ ਵਿਅਕਤੀ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।