ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ 15 ਜੁਲਾਈ ਤੱਕ ਕਰ ਸਕਦੇ ਹਨ ਪੋਰਟਲ ‘ਤੇ ਰਜਿਸਟਰੇਸ਼ਨ
ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ.ਐੱਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 2024-25 ਦੌਰਾਨ ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 50 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2023-24 ਦੌਰਾਨ ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 15 ਜੁਲਾਈ, 2024 ਤੱਕ ਪੋਰਟਲ agrimachinerypb.com ਉੱਤੇ ਰਜਿਸਟਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਡੀ.ਐੱਸ.ਆਰ. ਤਕਨੀਕ ਨਾ ਸਿਰਫ਼ ਪਾਣੀ ਦੀ ਸੰਭਾਲ ਵਿੱਚ ਸਹਾਈ ਹੁੰਦੀ ਹੈ, ਸਗੋਂ ਇਸ ਨਾਲ ਮਜ਼ਦੂਰੀ ਦੀ ਲਾਗਤ ਵੀ ਘਟਦੀ ਹੈ ਅਤੇ ਵਧੇਰੇ ਝਾੜ ਵੀ ਪ੍ਰਾਪਤ ਹੁੰਦਾ ਹੈ।