ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ
ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ 30 ਅਗਸਤ ਤੱਕ ਆਪਣੇ ਨਾਮ ਖੇਡ ਵਿਭਾਗ ਦੇ ਪੋਰਟਲ ’ਤੇ ਰਜਿਸਟਰਡ ਕਰਨ
ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਪੂਰੀ ਤਰਾਂ ਤਿਆਰ ਹੈ ਅਤੇ ਇਨ੍ਹਾਂ ਖੇਡਾਂ ਦੀ ਸ਼ੁਰੂਆਤ 1 ਸਤੰਬਰ 2022 ਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ 1 ਸਤੰਬਰ ਤੋਂ 7 ਸਤੰਬਰ ਤੱਕ ਹਰ ਬਲਾਕ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਹੋਣਗੇ ਅਤੇ ਅਤੇ ਫਿਰ 12 ਸਤੰਬਰ ਤੋਂ ਲੈ ਕੇ 21 ਸਤੰਬਰ 2022 ਤੱਕ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਬਲਾਕ ਪੱਧਰੀ ਖੇਡਾਂ ਵਿੱਚ ਫੁੱਟਬਾਲ, ਅਥਲੈਟਿਕਸ, ਖੋ-ਖੋ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਰੱਸਾ-ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਵਿੱਚ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਜਰੂਰ ਲੈਣ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਅਤੇ ਖਿਡਾਰਨਾਂ 30 ਅਗਸਤ 2022 ਸ਼ਾਮ 5 ਵਜੇ ਤੱਕ ਆਪਣਾ ਨਾਮ ਖੇਡ ਵਿਭਾਗ ਦੇ ਆਨ-ਲਾਈਨ ਪੋਰਟਲ www.punjabkhedmela2022.in ’ਤੇ ਰਜਿਸਟਰਡ ਜਰੂਰ ਕਰਨ। ਇਸ ਤੋਂ ਇਲਾਵਾ ਆਫ ਲਾਈਨ ਨਾਮ ਦਰਜ ਕਰਵਾਉਣ ਜਾਂ ਖੇਡਾਂ ਸਬੰਧੀ ਹੋਰ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ, ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।