20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ-ਮਜ਼ਦੂਰ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਬੋਹਾ ਖੇਤਰ ਵਿੱਚ ਪਿੰਡ ਪੱਧਰੀ ਰੈਲੀ

ਮਾਲਵਾ

ਬੋਹਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਆਲ ਇੰਡੀਆ ਕਿਸਾਨ ਮਹਾਂ ਸਭਾ ਦੇ 5ਵੇਂ ਕੇਂਦਰੀ ਇਜਲਾਸ ਦੇ ਮੌਕੇ 20 ਸਤੰਬਰ ਨੂੰ ਜਲੰਧਰ ਵਿਖੇ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਕਿਸਾਨ-ਮਜ਼ਦੂਰ ਕਾਨਫਰੰਸ ਦੀਆਂ ਤਿਆਰੀਆਂ ਤਹਿਤ ਬੋਹਾ ਖੇਤਰ ਦੇ ਪਿੰਡ ਬਰੇ ਵਿੱਚ ਇੱਕ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ।

ਰੈਲੀ ਨੂੰ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਚੱਕ ਅਲੀਸ਼ੇਰ, ਦਰਸ਼ਨ ਮਘਾਣੀਆ ਅਤੇ ਗੁਰਤੇਜ ਬਾਰੇ ਨੇ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ “20 ਸਤੰਬਰ ਚਲੋ ਜਲੰਧਰ” ਦਾ ਨਾਅਰਾ ਬੁਲੰਦ ਕਰਦਿਆਂ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਜਨਤਕ ਵਰਗਾਂ ਨੂੰ ਕਾਨਫਰੰਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿੱਚ ਕਾਰਪੋਰੇਟ-ਪ੍ਰਸਤ ਅਤੇ ਫਿਰਕੂ-ਫਾਸ਼ੀਵਾਦੀ ਨੀਤੀਆਂ ‘ਤੇ ਚੱਲ ਰਹੀ ਮੋਦੀ ਸਰਕਾਰ ਮਿਹਨਤਕਸ਼ ਲੋਕਾਂ ਦੇ ਹੱਕਾਂ ‘ਤੇ ਲਗਾਤਾਰ ਹਮਲੇ ਕਰ ਰਹੀ ਹੈ। ਜਲ, ਜੰਗਲ, ਜ਼ਮੀਨ ਸਮੇਤ ਦੇਸ਼ ਦੇ ਕੁਦਰਤੀ ਸਰੋਤਾਂ ਨੂੰ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ, ਜਦਕਿ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸੇਵਾਵਾਂ ਦਾ ਵੀ ਤੇਜ਼ੀ ਨਾਲ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਲੋਕ ਇਨ੍ਹਾਂ ਲੋਕ-ਵਿਰੋਧੀ ਨੀਤੀਆਂ ਦਾ ਵਿਰੋਧ ਕਰਦੇ ਹਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵੱਲੋਂ “ਦਿਮਾਗੀ ਨਕਸਲ” ਵਰਗੇ ਸ਼ਬਦਾਂ ਨਾਲ ਬਦਨਾਮ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਕਰੋੜਾਂ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਰੁਜ਼ਗਾਰ ਅਤੇ ਜੀਵਨ-ਜੀਵਿਕਾ ‘ਤੇ ਗੰਭੀਰ ਅਸਰ ਪਵੇਗਾ। ਇਸੇ ਤਰ੍ਹਾਂ ਮਨਰੇਗਾ ਨੂੰ ਕਮਜ਼ੋਰ ਕਰਨ ਅਤੇ ਕਿਰਤ ਕਾਨੂੰਨਾਂ ਨੂੰ ਬੇਅਸਰ ਬਣਾਉਣ ਨਾਲ ਖੇਤ ਮਜ਼ਦੂਰਾਂ ਅਤੇ ਪੇਂਡੂ ਗਰੀਬਾਂ ਦੀ ਜ਼ਿੰਦਗੀ ਹੋਰ ਵੀ ਮੁਸ਼ਕਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਦਾ ਡਟਵਾਂ ਜਵਾਬ ਦੇਣ ਲਈ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 20 ਸਤੰਬਰ ਨੂੰ ਜਲੰਧਰ ਵਿਖੇ ਵਿਸ਼ਾਲ ਕਿਸਾਨ-ਮਜ਼ਦੂਰ ਰੈਲੀ ਕਰਨ ਜਾ ਰਹੀਆਂ ਹਨ।

ਬੁਲਾਰਿਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜਲੰਧਰ ਕਾਨਫਰੰਸ ਦੇ ਮੰਚ ਤੋਂ ਜੰਤਰ-ਮੰਤਰ ਵਿਖੇ ਚਲੇ ਇਤਿਹਾਸਕ ਵਿਦਿਆਰਥੀ ਅੰਦੋਲਨ ਦੌਰਾਨ 23 ਦਿਨਾਂ ਤੱਕ ਮਰਨ ਵਰਤ ਰੱਖਣ ਵਾਲੇ ਵਿਦਿਆਰਥੀ ਆਗੂ ਨੇਹਾ ਬੋਰਾ ਅਤੇ ਆਮੀਨ ਅਮਿਤੋਜ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *