ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਜਾਰੀ ਕੀਤੇ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ

ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫ਼ਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੁਰਦਾਸਪੁਰ, ਬਰਨਾਲਾ, ਫ਼ਰੀਦਕੋਟ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 757, ਬਰਨਾਲਾ ਦੇ 01, ਫ਼ਰੀਦਕੋਟ ਦੇ 482, ਹੁਸ਼ਿਆਰਪੁਰ ਦੇ 1356, ਮਲੇਰਕੋਟਲਾ ਦੇ 253, ਮੋਗਾ ਦੇ 817, ਸ੍ਰੀ ਮੁਕਤਸਰ ਸਾਹਿਬ ਦੇ 935, ਸੰਗਰੂਰ ਦੇ 854 ਅਤੇ ਤਰਨਤਾਰਨ ਦੇ 859 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗ਼ਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਿਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *