ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲੋੜਵੰਦਾਂ ਤੱਕ ਲਾਭ ਪਹੁੰਚਾਉਣ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ – ਕੇਂਦਰੀ ਰਾਜ ਮੰਤਰੀ
‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕਰਨ ’ਤੇ ਕੇਂਦਰੀ ਰਾਜ ਮੰਤਰੀ ਨੇ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਅਧਿਕਾਰੀਆਂ ਨੂੰ ਵਧਾਈ ਦਿੱਤੀ
ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ) – ਸ੍ਰੀਮਤੀ ਮੀਨਾਕਸ਼ੀ ਲੇਖੀ, ਕੇਂਦਰੀ ਰਾਜ ਮੰਤਰੀ, ਵਿਦੇਸ਼ੀ ਮਾਮਲੇ ਅਤੇ ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਏ.ਡੀ.ਸੀ. (ਜ) ਡਾ. ਨਿਧੀ ਕੁਮੁਦ ਬਾਮਬਾ, ਏ.ਡੀ.ਸੀ. (ਯੂ.ਡੀ) ਸ੍ਰੀਮਤੀ ਅਮਨਦੀਪ ਕੌਰ, ਏ.ਡੀ.ਸੀ. (ਆਰ.ਡੀ) ਸ੍ਰੀਮਤੀ ਪਰਮਜੀਤ ਕੌਰ ਸਮੇਤ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਰੀਵਿਊ ਕਰਦਿਆਂ ਕੇਂਦਰੀ ਰਾਜ ਮੰਤਰੀ, ਸ੍ਰੀਮਤੀ ਮੀਨਾਕਸ਼ੀ ਲੇਖੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀ ਹਰ ਨੀਤੀ ਨੂੰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਬਿਨ੍ਹਾਂ ਘਰ ਦੇ ਰਹਿ ਰਹੇ ਹਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਘਰ ਬਣਾ ਕੇ ਦਿੱਤੇ ਜਾਣ। ਇਸਦੇ ਨਾਲ ਹੀ ਸਰਕਾਰ ਦੀਆਂ ਯੋਜਨਾਵਾਂ ਦੀ ਜਨ ਸਧਾਰਨ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਵਿੱਚ ਥਾਂ-ਥਾਂ ਕੈਂਪ ਲਗਾਏ ਜਾਣ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਪੀ.ਐੱਮ. ਕਿਸਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ ਯੋਜਨਾ, ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ, ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪ੍ਰੀ ਮੈਟ੍ਰਿਕ ਵਜ਼ੀਫਾ ਯੋਜਨਾ, ਪ੍ਰਧਾਨ ਮੰਤਰੀ ਸਟ੍ਰੀਟ ਵੈਂਡਰ ਯੋਜਨਾ, ਨੈਸ਼ਨਲ ਰੂਰਲ ਲਾਈਵਲੀਹੁਡ ਮਿਸ਼ਨ ਯੋਜਨਾ ਸਮੇਤ ਸਾਰੀਆਂ ਕੇਂਦਰੀ ਸਕੀਮਾਂ ਦਾ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਦੀਆਂ ਇਨ੍ਹਾਂ ਲੋਕ ਪੱਖੀ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਇਨ੍ਹਾਂ ਦਾ ਲਾਭ ਜਨ ਸਧਾਰਨ ਤੱਕ ਪਹੁੰਚਾਇਆ ਜਾਵੇ।
ਜ਼ਿਲ੍ਹਾ ਗੁਰਦਾਸਪੁਰ ਨੇ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ
ਕੇਂਦਰੀ ਰਾਜ ਮੰਤਰੀ, ਸ੍ਰੀਮਤੀ ਮੀਨਾਕਸ਼ੀ ਲੇਖੀ ਨੇ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕਰਨ ’ਤੇ ਜ਼ਿਲ੍ਹਾ ਵਾਸੀਆਂ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। 75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਕੇਂਦਰ ਸਰਕਾਰ ਵੱਲੋਂ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ 26 ਅਪ੍ਰੈਲ 2022 ਤੋਂ 15 ਅਗਸਤ 2022 ਤੱਕ ਚਲਾਇਆ ਗਿਆ ਸੀ ਜਿਸ ਤਹਿਤ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਗਰੀਬ ਤੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਦੇਣਾ ਸੀ। ਇਸ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਬਹੁਤ ਵਧੀਆ ਕੰਮ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਮਿਸਾਲੀ ਕੰਮ ਕੀਤਾ ਜਿਸ ਦੀ ਬਦੌਲਤ ਦੇਸ਼ ਭਰ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ, ਜਦਕਿ ਥੋੜੇ ਜਿਹੇ ਫਰਕ ਨਾਲ ਉੱਤਰ ਪ੍ਰਦੇਸ਼ ਦਾ ਜ਼ਿਲ੍ਹਾ ਗਾਜੀਆਬਾਦ ਪਹਿਲੇ ਸਥਾਨ ’ਤੇ ਰਿਹਾ। ਕੇਂਦਰੀ ਰਾਜ ਮੰਤਰੀ ਨੇ ਇਸ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੀਵਨ ਗੁਪਤਾ, ਰਜਿੰਦਰ ਬਿੱਟਾ, ਪੰਕਜ ਜੋਸ਼ੀ, ਬਾਲ ਕਿਸ਼ਨ ਮਿੱਤਲ, ਪਰਮਿੰਦਰ ਗਿੱਲ ਜ਼ਿਲ੍ਹਾ ਪ੍ਰਧਾਨ, ਰਾਕੇਸ਼ ਭਾਟੀਆ ਜ਼ਿਲ੍ਹਾ ਪ੍ਰਧਾਨ, ਰੇਨੂ ਕਸ਼ਯਪ, ਕੁਲਦੀਪ ਸਿੰਘ ਸਮੇਤ ਹੋਰ ਵੀ ਆਗੂ ਹਾਜ਼ਰ ਸਨ।