ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਪੰਨਵਾਂ ਵਿਖੇ ਸੁਵਿਧਾ ਕੈਂਪ ਦਾ ਆਯੋਜਨ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਲੋਕਾਂ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਸੀਨੀਅਰ ਵਾਈਸ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਪੰਨਵਾਂ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ  ਵਿੱਚ ਪਿੰਡ ਪੰਨਵਾਂ ਤੋਂ ਇਲਾਵਾ ਪਿੰਡ ਮਨਸੂਰ ਕਲਾਂ, ਮਨਸੂਰ ਅਬਾਦੀ, ਗੁਰਚੱਕ ਅਤੇ ਡਾਲਾ ਦੇ ਵਸਨੀਕਾਂ ਨੇ ਵੀ ਭਾਗ ਲਿਆ।

ਸੁਵਿਧਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਹਰਦੀਪ ਸਿੰਘ, ਬੀ.ਡੀ.ਪੀ.ਓ. ਜਸਬੀਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਪੰਜਾਬ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਮਾਰਕਿਟ ਕਮੇਟੀ ਕਲਾਨੌਰ ਰਣਜੇਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਇਸ ਕੈਂਪ ਵਿੱਚ ਸ਼ਾਮਿਲ ਹੋਏ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅੱਜ ਸਰਹੱਦੀ ਪਿੰਡ ਪੰਨਵਾਂ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਉਨ੍ਹਾਂ ਦੇ ਕੋਲ ਜਾ ਕੇ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਦਰਖਾਸਤਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਅਧਿਕਾਰੀਆਂ ਵੱਲੋਂ ਵਧੇਰੀਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਜਿਹੜੀਆਂ ਦਰਖਾਸਤਾਂ ਕਿਸੇ ਵਿਭਾਗ ਦੇ ਉੱਚ ਪੱਧਰ ਤੱਕ ਭੇਜਣ ਵਾਲੀਆਂ ਸਨ ਉਨ੍ਹਾਂ ਨੂੰ ਫਾਰਵਰਡ ਕੀਤਾ ਗਿਆ ਹੈ ਤਾਂ ਜੋ ਇਸ ਕੈਂਪ ਦੌਰਾਨ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਕੀਤਾ ਜਾ ਸਕੇ। ਇਸ ਮੌਕੇ ਅਧਾਰ ਕਾਰਡ, ਜਾਤੀ ਸਰਟੀਫਿਕੇਟ, ਆਮਦਨ, ਰੂਰਲ, ਰੈਜੀਡੈਂਸ ਅਤੇ ਬਾਰਡਰ ਏਰੀਏ ਦੇ ਸਰਟੀਫਿਕੇਟ ਮੌਕੇ ’ਤੇ ਜਾਰੀ ਕੀਤੇ ਗਏ।

ਇਸ ਮੌਕੇ ਪੰਜਾਬ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਤਰ੍ਹਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮੁੱਖ ਮੰਤਵ ਲੋਕਾਂ ਦੇ ਬਰੂੰਹਾਂ ਤੱਕ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ ਅਤੇ ਰਹਿੰਦੀਆਂ ਮੁਸ਼ਕਲਾਂ ਦੇ ਸਮਾਂਬੱਧ ਸਮਾਧਾਨ ਅਧਿਕਾਰੀ ਆਪਣੇ ਦਫ਼ਤਰ ਜਾ ਕੇ ਕਰਨਗੇ।

Leave a Reply

Your email address will not be published. Required fields are marked *