ਮੁੱਖ ਮੰਤਰੀ ਦੀ ਗੈਰ-ਜ਼ਿੰਮੇਵਾਰ ਪਹੁੰਚ ਨੇ ਪੰਜਾਬ ਦੀ ਵਿੱਤੀ ਹਾਲਤ ਕੀਤੀ ਤਬਾਹ-ਬਾਜਵਾ

ਪੰਜਾਬ

ਚੰਡੀਗੜ੍ਹ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ (ਆਪ) ਦੇ ਸ਼ਾਸਨ ਕਾਲ ਦੌਰਾਨ ਪੰਜਾਬ ਦੀ ਆਰਥਿਕ ਸਥਿਤੀ ‘ਚ ਭਾਰੀ ਅਰਾਜਕਤਾ ਦੀ ਸਥਿਤੀ ਪੈਦਾ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ‘ਆਪ’ ਸਰਕਾਰ ‘ਤੇ ਪੰਜਾਬ ਦੀ ਵਿੱਤੀ ਸਥਿਤੀ ਨੂੰ ਗੰਭੀਰਤਾ ਨਾਲ ਨਾ ਸੰਭਾਲਣ ਦਾ ਦੋਸ਼ ਲਾਇਆ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਾਗੜੀਆ ਨਾਲ ਮੁਲਾਕਾਤ ਕੀਤੀ ਅਤੇ ਗ੍ਰਾਂਟ ਲਈ ਪੰਜਾਬ ਦਾ ਪੱਖ ਪੇਸ਼ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਸਾਬਕਾ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸੁਝਾਅ ਮੰਗੇ।

ਉਨ੍ਹਾਂ ਕਿਹਾ ਕਿ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਸ਼ਰਮਨਾਕ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀ ਵਿੱਤੀ ਹਾਲਤ ਨੂੰ ਸੁਚਾਰੂ ਬਣਾਉਣ ਲਈ ਆਪਣੀ ਡੂੰਘੀ ਨੀਂਦ ਤੋਂ ਜਾਗ ਗਏ ਹਨ। ਜਿਵੇਂ ਕਹਿੰਦੇ ਹਨ, ਕਿ ਵੇਲੇ ਦੇ ਕੰਮ ਤੇ ਕੁਵੇਲੇ ਦੀਆਂ ਟੱਕਰਾਂ। ਜੇਕਰ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀ ਆਰਥਿਕਤਾ ਦੀ ਬਿਹਤਰੀ ਲਈ ਸਮੇਂ ਸਿਰ ਤਨਦੇਹੀ ਨਾਲ ਕੰਮ ਕਰ ਰਹੇ ਹੁੰਦੇ ਤਾਂ ਉਹ ਹੁਣ ਜਲਦਬਾਜ਼ੀ ਵਿੱਚ ਨਾ ਭੱਜਦੇ। ਬਾਜਵਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਦਾ ਹੰਕਾਰ ਹੈ ਜਿਸ ਨੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਵੈ-ਪ੍ਰਚਾਰ, ਹਵਾਈ ਯਾਤਰਾ ਅਤੇ ਪਾਰਟੀ ਦੇ ਵਿਸਥਾਰ ‘ਤੇ ਪੰਜਾਬ ਦੇ ਖ਼ਜ਼ਾਨੇ ‘ਚੋਂ ਬੇਲੋੜੇ ਪੈਸੇ ਬਰਬਾਦ ਕੀਤੇ। ਮੁੱਖ ਮੰਤਰੀ ਮਾਨ ਨੂੰ ਸੂਬੇ ਦੀ ਲਹੂ-ਲੁਹਾਨ ਹੋਈ ਆਰਥਿਕਤਾ ਦੀ ਕੋਈ ਪਰਵਾਹ ਨਹੀਂ ਸੀ। ਇਸ ਦੌਰਾਨ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ‘ਚ ਸ਼ੀਸ਼ਾ ਦਿਖਾਇਆ ਹੈ, ਤੇ ਹੁਣ ਉਹ ਪੰਜਾਬ ਦੀ ਆਰਥਿਕਤਾ ‘ਤੇ ਕੰਮ ਕਰਨ ਦਾ ਸੋਚ ਰਹੇ ਹਨ। ਹੁਣ ਉਹ ਪੰਜਾਬ ਵਿੱਚ ਮਸੀਹਾ ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਰੁਟੀਨ ਗਤੀਵਿਧੀਆਂ ਉਧਾਰ ਲਏ ਫ਼ੰਡਾਂ ਨਾਲ ਚਲਾਈਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ ਇਸ ਵਿੱਤੀ ਸਾਲ ਦੇ ਅੰਤ ਤੱਕ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਬਾਜਵਾ ਨੇ ਪੁੱਛਿਆ ਕਿ ਕੀ ਆਮ ਆਦਮੀ ਪਾਰਟੀ ਖ਼ਾਸ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਜਿਹਾ ਵਾਅਦਾ ਕੀਤਾ ਸੀ?

Leave a Reply

Your email address will not be published. Required fields are marked *