ਸਿਵਲ ਹਸਪਤਾਲ ਬੱਬਰੀ ਵਿਖੇ ਜਲਦ ਸ਼ੁਰੂ ਹੋਵੇਗੀ MRI ਦੀ ਸਹੂਲਤ : ਰਮਨ ਬਹਿਲ

ਗੁਰਦਾਸਪੁਰ

ਰਮਨ ਬਹਿਲ ਦੇ ਯਤਨਾਂ ਸਦਕਾ ਪਹਿਲਾਂ ਵੀ ਗੁਰਦਾਸਪੁਰ ਵਾਸੀਆਂ ਨੂੰ ਸਿਵਲ ਹਸਪਤਾਲ ਵਿਖੇ ਅਲਟਰਾਸਾਊਂਡ ਅਤੇ ਸੀ ਟੀ ਸਕੈਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ

ਰਮਨ ਬਹਿਲ ਨੇ MRI ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਮਰਾ ਤਿਆਰ, ਜਨਰੇਟਰ ਤੇ ਬਿਜਲੀ ਦੀ ਵਾਇਰਿੰਗ ਦਾ ਕੰਮ ਮੁਕੰਮਲ

ਗੁਰਦਾਸਪੁਰ, 1 ਸਤੰਬਰ 2026 (ਸਰਬਜੀਤ ਸਿੰਘ)– ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਸਿਵਲ ਹਸਪਤਾਲ ਬੱਬਰੀ ਵਿਖੇ ਪਹੁੰਚ ਕੇ ਬਣ ਰਹੇ MRI ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਐਮ.ਓ. ਡਾ. ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਹੁਣ ਬਹੁਤ ਜਲਦ ਸਿਵਲ ਹਸਪਤਾਲ ਬੱਬਰੀ ਵਿਖੇ MRI ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ MRI ਮਸ਼ੀਨ ਲਈ ਕਮਰਾ ਤਿਆਰ ਹੋ ਚੁੱਕਾ ਹੈ, ਜਨਰੇਟਰ ਲਗਾਇਆ ਜਾ ਚੁੱਕਾ ਹੈ ਅਤੇ ਬਿਜਲੀ ਦੀ ਵਾਇਰਿੰਗ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ। ਹੁਣ ਜਲਦ ਹੀ MRI ਮਸ਼ੀਨ ਹਸਪਤਾਲ ਵਿਖੇ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਲੋਕਾਂ ਨੂੰ ਇੱਥੇ ਹੀ MRI ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ।

ਰਮਨ ਬਹਿਲ ਨੇ ਕਿਹਾ ਕਿ MRI ਦੀ ਸਹੂਲਤ ਨਾ ਹੋਣ ਕਾਰਨ ਹੁਣ ਤੱਕ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ MRI ਕਰਵਾਉਣ ਲਈ ਅੰਮ੍ਰਿਤਸਰ ਜਾਂ ਪਠਾਨਕੋਟ ਜਾਣਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਸਮੇਂ ਅਤੇ ਪੈਸੇ ਦੀ ਬਰਬਾਦੀ ਦੇ ਨਾਲ-ਨਾਲ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬੱਬਰੀ ਵਿਖੇ ਇਹ ਸਹੂਲਤ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੇ ਹੀ ਜ਼ਿਲ੍ਹੇ ਵਿੱਚ ਆਧੁਨਿਕ ਜਾਂਚ ਦੀ ਸਹੂਲਤ ਉਪਲਬਧ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਵਿਖੇ ਉਨ੍ਹਾਂ ਵਲੋਂ ਕੀਤੇ ਯਤਨਾਂ ਸਦਕਾ ਅਲਟਰਾਸਾਊਂਡ ਅਤੇ ਸੀ ਟੀ ਸਕੈਨ ਦੀ ਸਹੂਲਤ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਹੈ ਅਤੇ ਹੁਣ ਐਮ ਆਰ ਆਈ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਰਮਨ ਬਹਿਲ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਅਤੇ ਅੱਜ ਵੀ ਕਹਿੰਦੇ ਹਨ ਕਿ ਉਨ੍ਹਾਂ ਦੀ ਰਾਜਨੀਤੀ ਸਿਰਫ਼ ਲੋਕ ਸੇਵਾ ਦੀ ਰਾਜਨੀਤੀ ਹੈ। ਉਨ੍ਹਾਂ ਦਾ ਮੁੱਖ ਮਕਸਦ ਗੁਰਦਾਸਪੁਰ ਹਲਕੇ ਦੇ ਲੋਕਾਂ ਨੂੰ ਹਰ ਸੰਭਵ ਬੁਨਿਆਦੀ ਅਤੇ ਸਿਹਤ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।

ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬੱਬਰੀ ਵਿਖੇ MRI ਦੀ ਸਹੂਲਤ ਸ਼ੁਰੂ ਹੋਣਾ ਗੁਰਦਾਸਪੁਰ ਜ਼ਿਲ੍ਹੇ ਦੇ ਲੋਕਾਂ ਲਈ ਸਿਹਤ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

Leave a Reply

Your email address will not be published. Required fields are marked *