ਸਾਂਝੇ ਮੋਰਚੇ ਵੱਲੋਂ ਡੀ ਸੀ ਦਫ਼ਤਰ ਵਿਖੇ ਲਾਇਆ ਧਰਨਾ , ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸੰਗਰੂਰ-ਬਰਨਾਲਾ

ਬਰਨਾਲਾ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਡੀ ਸੀ ਕੰਪਲੈਕਸ ਵਿੱਚ ‘ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਮਜ਼ਦੂਰ ਅਤੇ ਵੱਡੀ ਪੱਧਰ ਤੇ ਮਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ ਕੀਤੀ ਗਈ। ਧਰਨੇ ਦੀ ਸ਼ੁਰੂਆਤ ਇਨਕਲਾਬੀ ਗਾਇਕ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਖੁਸ਼ੀਆਂ ਸਿੰਘ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਪਿਛਲੇ ਛੇ – ਸੱਤ ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਨੂੰ ਸ਼ਰੇਆਮ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਮਜ਼ਦੂਰਾਂ ਤੋਂ ਕੰਮ ਕਿਤੇ ਹੋਰ ਥਾਂ ਤੇ ਕਰਵਾਇਆ ਜਾਂਦਾ ਹੈ ਪਰ ਹਾਜ਼ਰੀ ਪੰਜ – ਛੇ ਕਿਲੋਮੀਟਰ ਕਿਤੇ ਹੋਰ ਜਗ੍ਹਾ ਤੇ ਲਵਾਈ ਜਾਂਦੀ ਹੈ। ਇਸ ਨਾਲ ਮਜ਼ਦੂਰਾਂ ਉੱਪਰ ਆਰਥਿਕ ਬੋਝ ਵੀ ਵਧ ਗਿਆ ਹੈ ਅਤੇ ਅਤਿ ਦੀ ਗਰਮੀ ਵਿੱਚ ਮਜ਼ਦੂਰ ਤੰਗ ਪ੍ਰੇਸ਼ਾਨ ਵੀ ਹੁੰਦੇ ਹਨ। ਆਗੂਆਂ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਕਾਨੂੰਨ ਖ਼ਤਮ ਕਰਨਾ ਚਾਹੁੰਦੀ ਹੈ। ਮੋਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਮਨਰੇਗਾ ਦੇ ਬਜ਼ਟ ਵਿੱਚ 48 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਹੈ।ਆਗੂਆਂ ਨੇ ਮੰਗ ਕੀਤੀ ਕਿ ਨਿਯਮਾਂ ਅਨੁਸਾਰ ਮਜ਼ਦੂਰਾਂ ਦੀ ਰਾਇ ਨਾਲ ਹਰ ਪੰਜਾਹ ਮਜ਼ਦੂਰਾਂ ਪਿੱਛੇ ਇਕ ਮੇਟ ਨਿਯੁਕਤ ਕੀਤਾ ਜਾਵੇ। ਪਿੰਡਾਂ ਦੇ ਸਰਪੰਚਾਂ ਅਤੇ ਸਿਆਸੀ ਰਸੂਖਵਾਨਾ ਦੀ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ। ਮਜ਼ਦੂਰ ਆਗੂਆਂ ਦੀ ਮੰਗ ਸੀ ਕਿ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗ ਕਰਵਾਈ ਜਾਵੇ, ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੀਟਿੰਗ ਨਹੀਂ ਕਾਰਵਾਈ ਗਈ। ਅੱਜ ਮਜ਼ਦੂਰ ਸੜਕ ਜਾਮ ਕੀਤੀ ਜਾਵੇਗੀ।ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਭੋਲ਼ਾ ਸਿੰਘ ਕਲਾਲਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਮਜ਼ਦੂਰਾਂ ਨੂੰ ਕਿਤੇ ਵੀ ਸੌ ਦਿਨ ਦਾ ਕੰਮ ਨਹੀਂ ਮਿਲ਼ਿਆ। ਅਤੇ ਨਾਂ ਹੀ ਬੇਰੁਜ਼ਗਾਰੀ ਭੱਤਾ ਦਿੱਤਾ ਗਿਆ। ਬਹੁਤੇ ਪਿੰਡਾਂ ਵਿੱਚ ਜਾਅਲੀ ਹਾਜ਼ਰੀਆਂ ਲਾਕੇ ਅਤੇ ਸਰਪੰਚਾਂ ਅਤੇ ਰਸੂਖਵਾਨ ਲੋਕਾਂ ਵਲੋਂ ਮਨਰੇਗਾ ਮਜ਼ਦੂਰਾਂ ਤੋਂ ਆਪਣੇ ਨਿੱਜੀ ਕੰਮ ਕਰਵਾਏ ਜਾ ਰਹੇ ਹਨ। ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ, 700 ਰੁਪਏ ਦਿਹਾੜੀ ਅਤੇ ਪ੍ਰੀਵਾਰ ਦੇ ਦੋ ਜੀਆਂ ਨੂੰ ਕੰਮ ਦੀ ਗਰੰਟੀ ਕੀਤੀ ਜਾਵੇ, ਮਜ਼ਦੂਰਾਂ ਦਾ ਸਰਕਾਰੀ ਤੇ ਪ੍ਰਾਈਵੇਟ ਕਰਜ਼ਾ ਮੁਆਫ਼ ਕੀਤਾ ਜਾਵੇ। ਮਹਿਕਮੇ ਦੇ ਕਰਮਚਾਰੀਆਂ ਵੱਲੋਂ ਸਰਪੰਚਾਂ ਨਾਲ ਮਿਲਕੇ ਮਨਮਰਜ਼ੀ ਨਾਲ ਲਿਸਟਾਂ ਬਨਾਉਣੀਆਂ ਬੰਦ ਕੀਤੀਆਂ ਜਾਣ। ਜਿਨ੍ਹਾਂ ਮਜ਼ਦੂਰਾਂ ਨੂੰ ਕੰਮ ਦੀ ਲੋੜ ਹੈ, ਉਹਨਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਇਹ ਵੀ ਕਿਹਾ ਕਿ ਮਨਰੇਗਾ ਕੰਮ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ। ਮਜ਼ਦੂਰ ਆਗੂਆਂ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਦੇ ਅਧਾਰਿਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਭਾਨ ਸਿੰਘ ਜੱਸੀ, ਕਾਮਰੇਡ ਨਛੱਤਰ ਸਿੰਘ ਰਾਮਨਗਰ, ਸ਼ਿੰਗਾਰਾ ਸਿੰਘ ਚੁਣਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਜਵੰਦਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸਟੇਟ ਸੰਚਾਲਨ ਦੀ ਜ਼ਿੰਮੇਵਾਰੀ ਅੰਤਰਜਾਮੀ ਸਿੰਘ ਬਰਨਾਲਾ ਨੇ ਨਿਭਾਈ।

Leave a Reply

Your email address will not be published. Required fields are marked *