ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਨਿਸ਼ਚੇ’ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਕ੍ਰਿਕਟ ਮੈਚ ਕਰਵਾਇਆ ਗਿਆ

ਪੰਜਾਬ


ਪੰਜਾਬ ਪੁਲਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ – ਐੱਸ.ਐੱਸ.ਪੀ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਆਮ ਜਨਤਾ ਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ‘ਮਿਸ਼ਨ ਨਿਸ਼ਚੇ’ ਤਹਿਤ ਵਿਸ਼ੇਸ਼ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਤਹਿਤ ਦਯਾਮਾ ਹਰੀਸ਼ ਕੁਮਾਰ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਦੀ ਅਗਵਾਈ ਹੇਠ ਪੁਲਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਅੱਜ ਸਥਾਨਕ ਪੁਲਸ ਲਾਈਨ ਵਿਖੇ ਸਰਹੱਦੀ ਪਿੰਡਾਂ ਦੀਆਂ ਵਿਲੇਜ਼ ਡਿਫੈਂਸ ਕਮੇਟੀਆਂ ਦੀ ਸਾਂਝੀ ਟੀਮ ਅਤੇ ਪੁਲਸ ਵਿਭਾਗ ਦੀ ਟੀਮ ਦਰਮਿਆਨ ਇੱਕ ਕ੍ਰਿਕਟ ਮੈਚ ਕਰਵਾਇਆ ਗਿਆ। ਇਸ ਰੁਮਾਂਚਕ ਮੈਚ ਵਿੱਚ ਸਰਹੱਦੀ ਪਿੰਡਾਂ ਦੀ ਕ੍ਰਿਕੇਟ ਟੀਮ ਜੇਤੂ ਰਹੀ।
ਇਸ ਮੈਚ ਨੂੰ ਦੇਖਣ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਲਈ ਐੱਸ.ਐੱਸ.ਪੀ. ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਅਤੇ ਹੋਰ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਿਤ ਹੁੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਓਥੇ ਨੌਜਵਾਨਾਂ ਵਿੱਚ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ ਕਿ ਉਹ ਨਸ਼ਿਆਂ ਦੀ ਦਲ-ਦਲ ਵਿੱਚ ਨਾ ਫਸਣ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਮੈਚ ਕਰਵਾਉਣ ਦਾ ਮਕਸਦ ਵੀ ਏਹੀ ਹੈ ਕਿ ਨੌਜਵਾਨ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ‘ਨਸ਼ਿਆਂ ਨੂੰ ਨਾਂਹ, ਪੰਜਾਬ ਨੂੰ ਹਾਂ’ ਦਾ ਨਾਅਰਾ ਵੀ ਦਿੱਤਾ ਗਿਆ। ਕ੍ਰਿਕੇਟ ਮੈਚ ਦੀ ਜੇਤੂ ਟੀਮ ਅਤੇ ਰਨਰ ਅੱਪ ਟੀਮ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਪੁਲਸ ਨੂੰ ਦੇਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ।

Leave a Reply

Your email address will not be published. Required fields are marked *