ਚੇਅਰਮੈਨ ਰਮਨ ਬਹਿਲ ਨੇ ਗ੍ਰਾਂਟ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਾਟਰੂ ਚੱਕ ਦਾ ਵਿਸ਼ੇਸ਼ ਧੰਨਵਾਦ ਕੀਤਾ
ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭੁੰਬਲੀ ਵਾਸੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਧੰਨ-ਧੰਨ ਬਾਬਾ ਚੱਠਾ ਸਾਹਿਬ ਛਿੰਝ ਮੇਲਾ ਕਮੇਟੀ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕਰ ਦਿੱਤੀ ਹੈ। ਜਾਰੀ ਕੀਤੀ ਇਸ ਵਿਸ਼ੇਸ਼ ਗ੍ਰਾਂਟ ਦਾ ਚੈੱਕ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਬਾਬਾ ਚੱਠਾ ਛਿੰਝ ਮੇਲਾ ਕਮੇਟੀ ਭੁੰਬਲੀ ਦੇ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਦਾ ਧੰਨਵਾਦ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਪਿਛਲੇ ਸਾਲ ਪਿੰਡ ਭੁੰਬਲੀ ਵਿੱਚ ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਕਰਵਾਏ ਛਿੰਝ ਅਤੇ ਸੱਭਿਆਚਾਰਕ ਮੇਲੇ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਪ੍ਰਬੰਧਕਾਂ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ ਆਪਣੇ ਉਸ ਵਾਅਦੇ ਨੂੰ ਨਿਭਾਉਂਦਿਆਂ ਮੇਲਾ ਕਮੇਟੀ ਭੁੰਬਲੀ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ ਜਿਸਦਾ ਚੈੱਕ ਅੱਜ ਉਨ੍ਹਾਂ ਵੱਲੋਂ ਮੇਲਾ ਕਮੇਟੀ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਮੇਲਾ ਕਮੇਟੀ ਮੈਬਰਾਂ ਨੂੰ ਕਿਹਾ ਕਿ ਉਹ ਆਪਣੇ ਪਿੰਡ ਛਿੰਝਾਂ ਮੇਲੇ ਕਰਵਾ ਕੇ ਪੰਜਾਬ ਦੇ ਸੱਭਿਆਚਾਰ ਨੂੰ ਏਵੇਂ ਹੀ ਉਤਸ਼ਾਹਤ ਕਰਦੇ ਰਹਿਣ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਛਿੰਝਾਂ, ਖੇਡਾਂ ਅਤੇ ਸੱਭਿਆਚਾਰਕ ਮੇਲਿਆਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਆਪਣੇ ਅਮੀਰ ਸਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਇਹ ਉਪਰਾਲੇ ਜਾਰੀ ਰਹਿਣਗੇ।