ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਸਕੱਤਰ ਸਿੰਘ ਬੱਲ ਵੱਲੋਂ ਅੱਜ ਗੁਰਦਾਸਪੁਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਦੇ ਨਿਰੀਖਣ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਸਕੱਤਰ ਸਿੰਘ ਬੱਲ ਨੇ ਵੇਅਰ ਹਾਊਸ ਦੀ ਲਾਗ ਬੁੱਕ ਚੈੱਕ ਕਰਨ ਦੇ ਨਾਲ ਸਟਾਕ ਰਜਿਸਟਰ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਵੇਅਰਹਾਊਸ ਵਿੱਚ ਲਗਾਏ ਅੱਗ ਬਝਾਊ ਯੰਤਰਾਂ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਵੀ ਕੀਤੀ। ਉਨ੍ਹਾਂ ਕਿਹਾ ਕਿ ਵੇਅਰ ਹਾਊਸ ਵਿੱਚ ਵੋਟਿੰਗ ਮਸ਼ੀਨਾਂ ਦੇ ਰੱਖ-ਰਖਾਵ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ।