ਮਾਨਸਾ, ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕੇਂਦਰੀ ਕਮੇਟੀ ਮੈਂਬਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਅਤੇ ਸੀਪੀਆਈ (ਐੱਮ.ਐੱਲ.) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦੇ ਦੋ ਦਿਨਾਂ ਦੇ ਅੰਦਰ ਹੋਏ ਦੁਖਦਾਈ ਵਿਛੋੜੇ ‘ਤੇ ਸੀਪੀਆਈ (ਐੱਮ.ਐੱਲ.) ਲਿਬਰੇਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਬਾਬਾ ਬੂਝਾ ਸਿੰਘ ਭਵਨ ਵਿਖੇ ਮੀਟਿੰਗ ਦੌਰਾਨ ਵਿਛੜੇ ਆਗੂਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਲਿਬਰੇਸ਼ਨ ਦੇ ਆਗੂ ਕਾਮਰੇਡ ਰਾਜਵਿੰਦਰ ਰਾਣਾ ਅਤੇ ਕਾਮਰੇਡ ਨਛੱਤਰ ਸਿੰਘ ਖੀਵਾ ਨੇ ਵਿਛੜੇ ਆਗੂਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਥੀ ਗੁਰਨਾਮ ਸਿੰਘ ਦਾਊਦ ਅਤੇ ਕਾਮਰੇਡ ਅਜਮੇਰ ਸਿੰਘ ਸਮਰਾ ਨੇ ਆਪਣਾ ਸਮੁੱਚਾ ਜੀਵਨ ਕਿਰਤੀ ਲੋਕਾਂ, ਦੱਬੇ-ਕੁਚਲੇ ਵਰਗਾਂ ਅਤੇ ਇਨਕਲਾਬੀ-ਜਮਹੂਰੀ ਲਹਿਰਾਂ ਦੀ ਮਜ਼ਬੂਤੀ ਲਈ ਸਮਰਪਿਤ ਕੀਤਾ। ਉਨ੍ਹਾਂ ਦਾ ਵਿਛੋੜਾ ਪੰਜਾਬ ਦੀ ਕਮਿਊਨਿਸਟ ਅਤੇ ਲੋਕਪੱਖੀ ਲਹਿਰ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਆਗੂਆਂ ਨੇ ਵਿਛੜੇ ਸਾਥੀਆਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੀਆਂ ਪਾਰਟੀਆਂ ਦੇ ਸਮੂਹ ਸਾਥੀਆਂ ਨਾਲ ਡੂੰਘੀ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਸੰਘਰਸ਼ਮਈ ਜੀਵਨ ਅਤੇ ਲੋਕ-ਪੱਖੀ ਵਿਚਾਰਾਂ ਤੋਂ ਪ੍ਰੇਰਣਾ ਲੈਂਦੇ ਹੋਏ ਲੋਕ ਹਿੱਤਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਲਿਬਰੇਸ਼ਨ ਦੇ ਜਿ਼ਿਲ੍ਹਾ ਸਕੱਤਰ ਕਾਮਰੇਡ ਸੁਰਿੰਦਰਪਾਲ ਸ਼ਰਮਾ,ਕਾਮਰੇਡ ਬਲਵਿੰਦਰ ਘਰਾਗਣਾ, ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ , ਇੰਨਕਲਾਬੀ ਨੌਜਵਾਨ ਸਭਾ ਦੇ ਹੈਪੀ ਮਾਨ, ਰਾਜਦੀਪ ਮਾਨ, ਗੁਰਪ੍ਰੀਤ ਦੂਲੋਵਾਲ, ਗਗਨਦੀਪ ਬੱਪੀਆਣਾ, ਆਇਸਾ ਦੇ ਆਗੂ ਕੁਲਦੀਪ ਸਿੰਘ ਮਾਨਸਾ ਹਾਜ਼ਰ ਸਨ


