ਵਿਦਿਆਰਥੀਆਂ ਤੇ ਖਿਡਾਰੀਆਂ ਨੇ ‘ਰਨ ਫਾਰ ਇਕੁਐਲਿਟੀ’ ਦੌਰਾਨ ਦਿੱਤਾ ਆਪਸੀ ਭਾਈਚਾਰੇ ਤੇ ਸਮਾਨਤਾ ਦਾ ਸੰਦੇਸ਼
ਮੀਂਹ ਦੌਰਾਨ ਵੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਮੈਰਾਥਨ ਵਿੱਚ ਲਿਆ ਭਾਗ
ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਖੇਡ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ ਵਿਸ਼ਾਲ ‘ਰਨ ਫਾਰ ਇਕੁਐਲਿਟੀ’ ਮੈਰਾਥਨ ਕਰਵਾਈ ਗਈ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ, ਜ਼ਿਲ੍ਹਾ ਖੇਡ ਅਫਸਰ (ਸ) ਰਾਜੇਸ਼ ਕੁਮਾਰ ਸ਼ਰਮਾ,ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ, ਇਕਬਾਲ ਸਿੰਘ ਸਮਰਾ, ਟਰੱਸਟੀ ਰਘਬੀਰ ਸਿੰਘ ਖਾਲਸਾ, ਹਿਤੇਸ਼ ਮਹਾਜਨ, ਸੰਦੀਪ ਕੁਮਾਰ, ਅਮਰਜੀਤ ਸਿੰਘ ਪੂਰੇਵਾਲ, ਸ੍ਰੀਮਤੀ ਅਨੀਤਾ ਸਪੋਰਟਸ ਕੁਆਰਡੀਨੇਟਰ, ਅਨੂੰ ਅਰੋੜਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸ੍ਰੀ ਗੁਰੂ ਰਵਿਦਾਸ ਜੀ ਚੌਂਕ ਤੋਂ ਤੋਂ ਸ਼ੁਰੂ ਹੋ ਕੇ ਇਹ ਮੈਰਾਥਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦੀ ਹੋਈ ਵਾਪਸ ਸ੍ਰੀ ਗੁਰੂ ਰਵਿਦਾਸ ਜੀ ਚੌਂਕ ਵਿਖੇ ਆ ਕੇ ਸਮਾਪਤ ਹੋਈ। ਪੰਜ ਕਿਲੋਮੀਟਰ ਦੀ ਇਸ ਦੌੜ ਵਿੱਚ ਕਰੀਬ 700 ਵਿਦਿਆਰਥੀਆਂ, ਖਿਡਾਰੀਆਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ।
ਇਸ ਮੌਕੇ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਇਸ ਮੈਰਾਥਨ ਦਾ ਮਕਸਦ ਖੇਡਾਂ ਰਾਹੀਂ ਨਵੀਂ ਪੀੜ੍ਹੀ ਤੱਕ ਸ੍ਰੀ ਗੁਰੂ ਰਵਿਦਾਸ ਜੀ ਦਾ ਸਮਾਨਤਾ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਨੌਜਵਾਨਾਂ ਦੀ ਊਰਜਾ ਚੰਗੇ ਪਾਸੇ ਲੱਗਦੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਸੂਬੇ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾ ਸਕੇ।
ਉਨ੍ਹਾਂ ਨੇ ਮੈਰਾਥਨ ਦੌਰਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਵੱਲੋਂ ਮੀਂਹ ਦੌਰਾਨ ਵੀ ਦਿਖਾਏ ਉਤਸ਼ਾਹ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਦੌੜ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਸਮਾਨਤਾ ਦਾ ਸੁਨੇਹਾ ਨੌਜਵਾਨਾਂ ਤੱਕ ਬਹੁਤ ਵਧੀਆ ਢੰਗ ਨਾਲ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਿਹਤਮੰਦ ਜੀਵਨ ਲਈ ਪ੍ਰੇਰਿਤ ਕਰਦੇ ਹਨ, ਸਗੋਂ ਆਪਸੀ ਏਕਤਾ ਵੀ ਵਧਾਉਂਦੇ ਹਨ।


