ਬਾਜਵਾ ਨੇ ਪੰਜਾਬ ਦੀਆਂ ਸਹਿਕਾਰੀ ਸੰਸਥਾਵਾਂ ਦੀ ਅਣਦੇਖੀ ਕਰਨ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬ

ਚੰਡੀਗੜ੍ਹ, ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਹਿਕਾਰੀ ਸੰਸਥਾਵਾਂ ਦੀ ਅਣਦੇਖੀ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਹਿਕਾਰੀ ਬੈਂਕਾਂ, ਖੰਡ ਮਿੱਲਾਂ ਅਤੇ ਮਿਲਕ ਪਲਾਂਟਾਂ ਸਮੇਤ ਪੰਜਾਬ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਪੰਜਾਬ ਦੀ ‘ਆਪ’ ਸਰਕਾਰ ਦੇ ਬੇਪਰਵਾਹ ਵਿਵਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਕਾਰਕ ਕਾਰਨ ਇਹ ਸੰਸਥਾਵਾਂ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਦੁੱਧ ਉਤਪਾਦ ਬ੍ਰਾਂਡ ਵੇਰਕਾ, ਜੋ ਕਿ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ ਦੀ ਮਲਕੀਅਤ ਹੈ, ਪੰਜਾਬ ਵਿੱਚ ਆਪਣਾ ਆਧਾਰ ਗੁਆ ਰਿਹਾ ਹੈ, ਜਦੋਂ ਕਿ ਅਮੂਲ ਸੂਬੇ ਵਿੱਚ ਦੁੱਧ ਦੇ ਕਾਰੋਬਾਰ ‘ਤੇ ਕਬਜ਼ਾ ਕਰ ਰਿਹਾ ਹੈ। ਅਜਿਹਾ ‘ਆਪ’ ਸਰਕਾਰ ਦੀ ਸੁਸਤ ਪਹੁੰਚ ਕਾਰਨ ਹੋ ਰਿਹਾ ਹੈ, ਜੋ ਵੇਰਕਾ ਦੇ ਬਚਾਅ ਲਈ ਅੱਗੇ ਆਉਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਬਾਜਵਾ ਨੇ ਕਿਹਾ ਕਿ ਸੂਬੇ ‘ਚ ਵੇਰਕਾ ਦੀ ਮੰਡੀ ਤੇਜ਼ੀ ਨਾਲ ਹੇਠਾਂ ਜਾ ਰਹੀ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਹੋਰ ਸਹਿਕਾਰੀ ਸੰਸਥਾਵਾਂ ਨੂੰ ਵੀ ਪੰਜਾਬ ਸਰਕਾਰ ਦੀ ਉਦਾਸੀਨਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਹਿਕਾਰੀ ਖੇਤਰ ਵਿੱਚ ਵਿਆਪਕ ਭ੍ਰਿਸ਼ਟਾਚਾਰ ਇਸ ਦੇ ਪਤਨ ਦਾ ਇੱਕ ਵੱਡਾ ਕਾਰਨ ਹੈ।

ਸਹਿਕਾਰੀ ਸੰਸਥਾਵਾਂ ਖੇਤੀ ਖੇਤਰ ਦੀ ਰੀੜ੍ਹ ਦੀ ਹੱਡੀ ਹਨ। ਬਾਜਵਾ ਨੇ ਕਿਹਾ ਕਿ ਜੇਕਰ ਇਹ ਸੰਸਥਾਵਾਂ ਟੁੱਟ ਜਾਂਦੀਆਂ ਹਨ ਤਾਂ ਖੇਤੀ ਖੇਤਰ, ਜੋ ਪਹਿਲਾਂ ਹੀ ਭਾਰੀ ਸੰਕਟ ਨਾਲ ਜੂਝ ਰਿਹਾ ਹੈ, ਨੂੰ ਵੱਡਾ ਝਟਕਾ ਲੱਗੇਗਾ।

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਹਿਕਾਰੀ ਸੰਸਥਾਵਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਵੱਡੇ-ਵੱਡੇ ਦਾਅਵੇ ਕਰਨ ਦੀ ਬਜਾਏ ਉਨ੍ਹਾਂ ਨੂੰ ਪ੍ਰਫੁੱਲਤ ਰੱਖਣ ਲਈ ਸੁਹਿਰਦ ਯਤਨ ਕਰਨੇ ਚਾਹੀਦੇ ਹਨ।

Leave a Reply

Your email address will not be published. Required fields are marked *