ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਹੁਣ ਨਿੱਜੀ ਸਕੂਲਾਂ ਵਾਂਗ ਘਰ ਤੋਂ ਹੀ ਬੱਸ ਦੀ ਸਹੂਲਤ ਮਿਲੇਗੀ – ਰਮਨ ਬਹਿਲ
ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਦੇ ਯਤਨ ਲਗਾਤਾਰ ਜਾਰੀ ਹਨ। ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿੱਚ ਬਣੇ ਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆਂ ਦੇ ਸਕੂਲ ਆਣ-ਜਾਣ ਲਈ ਬੱਸ ਸਰਵਿਸ ਵੀ ਸ਼ੁਰੂ ਹੋ ਗਈ ਹੈ। ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਹਰੀ ਝੰਡੀ ਦਿਖਾ ਕੇ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਵਿੱਚ ਪੜ੍ਹਦੇ ਬੱਚਿਆਂ ਲਈ ਪਹਿਲੀ ਬੱਸ ਸਰਵਿਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ, ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਦੇ ਪ੍ਰਿੰਸੀਪਲ ਅਨਿਲ ਭੱਲਾ ਸਮੇਤ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਗੁਰਦਾਸਪੁਰ ਵਾਸੀਆਂ ਨੂੰ ਵਧਾਈ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਨਵੀਂ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕਰਨ ਦੇ ਨਾਲ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਗਿਆ ਹੈ ਓਥੇ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸ਼ੁਰੂ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ, ਗੁਰਦਾਸਪੁਰ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਬੱਸ ਸਰਵਿਸ ਵੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨਾਲ ਹੁਣ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਸਮੇਂ ਕੋਈ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਤੋਂ ਵੱਖ-ਵੱਖ ਤਿੰਨ ਰੂਟਾਂ ਲਈ ਬੱਸ ਸਰਵਿਸ ਚਲਾਈ ਜਾਣੀ ਹੈ ਜਿਸਦੀ ਸ਼ੁਰੂਆਤ ਅੱਜ ਦੋਰਾਂਗਲਾ ਰੂਟ ਲਈ ਬੱਸ ਚਲਾ ਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਨਿੱਜੀ ਸਕੂਲਾਂ ਵਾਂਗ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਵੀ ਘਰ ਤੋਂ ਹੀ ਬੱਸ ਸਰਵਿਸ ਮਿਲੇਗੀ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਮੁਸਤਫ਼ਾਬਾਦ ਜੱਟਾਂ ਵਿਖੇ ਗਏ ਸਨ ਅਤੇ ਉਸ ਪਿੰਡ ਦੀ ਵਸਨੀਕ ਵਿਦਿਆਰਥਣ ਸੁਨੇਹਾ ਨੇ ਉਨ੍ਹਾਂ ਕੋਲੋਂ ਇਹ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਸਕੂਲ ਆਫ਼ ਐਮੀਨੈਂਸ, ਗੁਰਦਾਸਪੁਰ ਲਈ ਬੱਸ ਸਰਵਿਸ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਵੱਲ ਉਚੇਚਾ ਧਿਆਨ ਦੇ ਰਹੀ ਹੈ ਅਤੇ ਵਿਦਿਆਰਥਣ ਸੁਨੇਹਾ ਅਤੇ ਉਸ ਵਰਗੇ ਹੋਰ ਵਿਦਿਆਰਥੀਆਂ ਦੀ ਮੰਗ ’ਤੇ ਸਿੱਖਿਆ ਵਿਭਾਗ ਵੱਲੋਂ ਅੱਜ ਗੁਰਦਾਸਪੁਰ ਦੇ ਸਕੂਲ ਆਫ਼ ਐਮੀਨੈਂਸ ਤੋਂ ਬੱਸ ਸਰਵਿਸ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਤੋਂ ਬੱਸ ਸਰਵਿਸ ਸ਼ੁਰੂ ਹੋਣ ਨਾਲ ਵਿਦਿਆਰਥੀਆਂ ਖਾਸ ਕਰਕੇ ਵਿਦਿਆਰਥਣਾਂ ਨੂੰ ਵੱਡੀ ਸਹੂਲਤ ਮਿਲੇਗੀ। ਬਹਿਲ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।
ਸਕੂਲ ਆਫ਼ ਐਮੀਨੈਂਸ ਵਿਖੇ ਬੱਸ ਸਰਵਿਸ ਸ਼ੁਰੂ ਹੋਣ ਦਾ ਵਿਦਿਆਰਥਣ ਸੁਨੇਹਾ ਸਮੇਤ ਹੋਰ ਵਿਦਿਆਰਥੀਆਂ ਨੇ ਵੀ ਸਵਾਗਤ ਕੀਤਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਬੱਸ ਸਰਵਿਸ ਸ਼ੁਰੂ ਹੋਣ ਨਾਲ ਹੁਣ ਉਨ੍ਹਾਂ ਨੂੰ ਸਕੂਲ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ। ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਚੇਅਰਮੈਨ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਦੇ ਪ੍ਰਿੰਸੀਪਲ ਅਨਿਲ ਭੱਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ 228 ਵਿਦਿਆਰਥੀ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿੱਚ ਛੇਵੀਂ ਤੋਂ ਤੋਂ 12ਵੀਂ ਤੱਕ ਕੁੱਲ 1252 ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ।