ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ

ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ, ਏ.ਡੀ.ਸੀ. ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੇ ਲਗਾਏ ਪੌਦੇ
ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾ
ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੌਦੇ ਲਗਾਏ ਗਏ।
ਵਣ-ਮਹਾਂਉਤਸਵ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 65 ਤੋਂ 70 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸੀਜ਼ਨ ਦੌਰਾਨ 18 ਲੱਖ ਨਵੇਂ ਪੌਦੇ ਲਗਾਉਣ ਦਾ ਟੀਚਾ ਹੈ ਜਿਸ ਵਿਚੋਂ 11 ਲੱਖ ਪੌਦੇ ਲਗਾਏ ਜਾ ਚੁੱਕੇ ਹਨ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਰੁੱਖ ਧਰਤੀ ਉੱਪਰ ਜੀਵਨ ਦਾ ਅਧਾਰ ਹਨ ਅਤੇ ਧਰਤੀ ਉੱਪਰ ਜੀਵਨ ਬਣਿਆ ਰਹੇ ਇਸ ਲਈ ਰੁੱਖਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਜਿਸ ਤਰਾਂ ਨਾਲ ਬੇਤਹਾਸ਼ਾ ਰੁੱਖਾਂ ਦੀ ਕਟਾਈ ਹੋਈ ਹੈ ਉਸ ਨਾਲ ਆਲਮੀ ਤਪਸ ਵਿੱਚ ਵਾਧਾ ਹੋਇਆ ਹੈ ਅਤੇ ਕਈ ਤਰਾਂ ਦੇ ਮੌਸਮੀ ਵਿਗਾੜ ਆਏ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੇ ਤਵਾਜ਼ਨ ਨੂੰ ਕਾਇਮ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਸਾਡੀ ਧਰਤੀ ਜੀਵਨਦਾਇਕ ਬਣੀ ਰਹੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਵੀ ਜ਼ਿਲ੍ਹਾ ਵਾਸੀਆਂ ਨੂੰ ਇਸ ਮਾਨਸੂਨ ਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੁੱਖਾਂ ਦਾ ਸਭ ਤੋਂ ਵੱਧ ਯੋਗਦਾਨ ਹੈ, ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿਚੋਂ ਆਮ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਥਾਵਾਂ ਉੱਪਰ ਪੌਦੇ ਲਗਾਉਣ ਲਈ ਮੁਫ਼ਤ ਪੌਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੌਦੇ ਪ੍ਰਾਪਤ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *