ਸਾਰੇ ਵਿਭਾਗਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਦਿੱਤੇ ਨਿਰਦੇਸ਼
ਗੁਰਦਾਸਪੁਰ, 9 ਅਗਸਤ ( ਸਰਬਜੀਤ ਸਿੰਘ) – ਵੈਕਟਰ ਬੋਰਨ ਬਿਮਾਰੀਆਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਜਿਲ੍ਹੇ ਦੇ ਪੇਂਡੂ ਖੇਤਰ ਅਤੇ ਸ਼ਹਿਰੀ ਖੇਤਰ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਆਪਸੀ ਤਾਲਮੇਲ ਨੂੰ ਬਣਾਏ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇ ਅਤੇ ਜ਼ਿਲ੍ਹਾ ਵਾਸੀ ਡਰਾਈ ਡੇਅ ਦੌਰਾਨ ਆਪਣੇ ਘਰਾਂ ਵਿੱਚ ਕੂਲਰਾਂ, ਫਰਿੱਜਾਂ ਆਦਿ ਨੂੰ ਸਾਫ਼ ਕਰਕੇ ਸੁਕਾਉਣ ਤਾਂ ਜੋ ਮੱਛਰਾਂ ਦਾ ਲਾਰਵਾ ਪਨਪਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵੀ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਡੇਂਗੂ ਅਤੇ ਚਿਕਨਗੁਨੀਆ ਦੇ ਕਿਸੇ ਵੀ ਸ਼ੱਕੀ ਕੇਸ ਦੀ ਪੁਸ਼ਟੀ ਕਰਨ ਲਈ ਸਿਵਲ ਸਰਜਨ ਦਫ਼ਤਰ ਨੂੰ ਸੂਚਿਤ ਕਰਨ ਅਤੇ ਆਪਣੇ ਪੱਧਰ ‘ਤੇ ਡੇਂਗੂ ਵਿਰੋਧੀ ਮੁਹਿੰਮ ਵੀ ਚਲਾਉਣ। ਇਸ ਦੌਰਾਨ ਆਈ. ਈ. ਸੀ. ਸਮੱਗਰੀ ਦੇ ਪ੍ਰਸਾਰ ਅਤੇ ਜਨਤਕ ਥਾਵਾਂ ‘ਤੇ ਡੇਂਗੂ ਅਤੇ ਚਿਕਨਗੁਨੀਆ ਬਾਰੇ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਕਰਨ ਬਾਰੇ ਵੀ ਚਰਚਾ ਕੀਤੀ ਗਈ।
ਸਥਾਨਕ ਸਰਕਾਰਾਂ ਵਿਭਾਗ ਨੂੰ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ। ਇਸ ਦੇ ਨਾਲ ਹੀ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਤਿਆਰੀਆਂ ਬਾਰੇ ਵੀ ਚਰਚਾ ਕੀਤੀ ਗਈ। ਕਾਰਜ ਸਾਧਕ ਅਫ਼ਸਰਾਂ ਅਤੇ ਸਿਵਲ ਸਰਜਨ ਦੇ ਨੁਮਾਇੰਦਿਆਂ ਨੂੰ ਪਾਣੀ ਅਤੇ ਭੋਜਨ ਦੀ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ। ਸਾਰੇ ਵਿਭਾਗਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਇਹਨਾਂ ਬਿਮਾਰੀਆਂ ਦੇ ਰੋਕਥਾਮ ਲਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਨੂੰ ਤੁਰੰਤ ਲਾਗੂ ਕਰਨ ਲਈ ਸਰਕਾਰ ਵੱਲੋ ਜਾਰੀ ਹਦਾਇਤਾਂ ਸਾਂਝੀਆਂ ਕੀਤੀਆਂ ਗਈਆਂ ਤਾਂ ਜੋ ਕਿ ਜਿਲ੍ਹਾ ਵਾਸੀਆਂ ਨੂੰ ਇਹਨਾਂ ਬਿਮਾਰੀਆਂ ਤੋਂ ਬਚਾ ਕੇ ਉਹਨਾਂ ਨੂੰ ਸਿਹਤਮੰਦ ਰੱਖਿਆ ਜਾ ਸਕੇ।