ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ
ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕੀਤੀ ਗਈ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਅਸ਼ਵਨੀ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਹਨ।
ਰਿਹਰਸਲ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਭ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਡੀ.ਐੱਸ.ਪੀ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਪਲਾਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ (ਲੜਕੇ ਤੇ ਲੜਕੀਆਂ) ਅਤੇ ਪੰਜਾਬ ਪੁਲਿਸ ਦੀ ਬੈਂਡ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਨੂੰ ਰੂਪਮਾਨ ਕਰਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਰਿਹਰਸਲ ਦੌਰਾਨ ਗਿੱਧੇ ਅਤੇ ਭੰਗੜੇ ਦੀਆਂ ਟੀਮਾਂ ਨੇ ਵੀ ਖ਼ੂਬ ਰੰਗ ਬੰਨ੍ਹਿਆ।
ਅਜ਼ਾਦੀ ਦਿਵਸ ਸਮਾਗਮ ਦੀ ਰਿਹਰਸਲ ਦਾ ਜਾਇਜ਼ਾ ਲੈਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਜ਼ਾਦੀ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਭਾਗ ਲੈਣ।
ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਕਿਹਾ ਕਿ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ ਜਿਸ ਦਾ ਨਿਰੀਖਣ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਕਰਨਗੇ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਸ਼ਾਨਦਾਰ ਅਤੇ ਯਾਦਗਾਰੀ ਹੋਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ ਕਿ ਉਹ ਸਮਾਂ ਕੱਢ ਕੇ ਅਜ਼ਾਦੀ ਜਸ਼ਨਾਂ ਵਿੱਚ ਜ਼ਰੂਰ ਸ਼ਾਮਲ ਹੋਣ।