ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਤੁਰੰਤ ਸ਼ਹਿਰ ਦੇ ਸੀਵਰੇਜ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ
ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਦੀਨਾਨਗਰ ਸ਼ਹਿਰ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐੱਸ.ਡੀ.ਐੱਮ ਦੀਨਾਨਗਰ ਸ੍ਰੀ ਵਿਕਰਮਜੀਤ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਤਹਿਸੀਲਦਾਰ ਪਰਮਪ੍ਰੀਤ ਸਿੰਘ ਗੁਰਾਇਆ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਈ.ਓ. ਅਸ਼ੋਕ ਕੁਮਾਰ, ਐਕਸੀਅਨ ਸੀਵਰੇਜ ਬੋਰਡ, ਐਕਸੀਅਨ ਪਾਵਰਕਾਮ ਸਮੇਤ ਹੋਰ ਵੀ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੀਨਾਨਗਰ ਦੇ ਰੇਲਵੇ ਸਟੇਸ਼ਨ, ਦੁਸ਼ਹਿਰਾ ਗਰਾਉਂਡ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਸੀਵਰੇਜ, ਸੜਕਾਂ, ਸਫ਼ਾਈ ਅਤੇ ਬਿਜਲੀ ਦੀਆਂ ਨੀਵੀਆਂ ਤਾਰਾਂ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ। ਡਿਪਟੀ ਕਮਿਸ਼ਨਰ ਨੇ ਮੌਕੇ ਹਾਜ਼ਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਬਿਨ੍ਹਾਂ ਕਿਸੇ ਹੋਰ ਦੇਰੀ ਸ਼ਹਿਰ ਵਿੱਚ ਸੀਵਰੇਜ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੜਕਾਂ ’ਚ ਸੀਵਰੇਜ ਪੈ ਗਿਆ ਹੈ ਉਨ੍ਹਾਂ ਸੜਕਾਂ/ਗਲੀਆਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਲਿਆਉਣ ਦੀਆਂ ਵੀ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਸ਼ਹਿਰ ਵਿੱਚ ਨੀਵੀਆਂ ਬਿਜਲੀ ਦੀਆਂ ਤਾਰਾਂ ਦਾ ਨੋਟਿਸ ਲੈਂਦਿਆਂ ਐਕਸੀਅਨ ਪਾਵਰਕਾਮ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਨੂੰ ਤੁਰੰਤ ਉੱਚਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕਾਨੂੰਨ ਅਨੁਸਾਰ ਪੂਰੀ ਸੁਹਿਰਦਤਾ ਨਾਲ ਹੱਲ ਕਰਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਢਿੱਲ-ਮੱਠ ਜਾਂ ਕੰਮ ਦੀ ਕਵਾਲਟੀ ਵਿੱਚ ਕਿਸੇ ਤਰਾਂ ਦੀ ਘਾਟ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਆਉਂਦੇ ਦਿਨਾਂ ਵਿੱਚ ਵੀ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਲਾਇਜਾ ਲੈਣ ਲਈ ਆਉਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਸਰਕਾਰ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਵਾਸੀਆਂ ਦੀਆਂ ਸੀਵਰੇਜ, ਸੜਕਾਂ ਅਤੇ ਸਫ਼ਾਈ ਸਬੰਧੀ ਜੋ ਮੁਸ਼ਕਲਾਂ ਹਨ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ।