ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਕੀਤਾ ਜਾਵੇਗਾ ਭਰਵਾਂ ਸਵਾਗਤ
ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ ) – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਭਲਕੇ ਮਿਤੀ 22 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਹੁੰਚੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਿਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲ੍ਹਾ ਹੈੱਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 20 ਅਗਸਤ ਤੋਂ ਲੁਧਿਆਣਾ ਤੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਸ਼ੁਰੂ ਹੋ ਕੇ ਇਹ ਮਸ਼ਾਲ ਯਾਤਰਾ ਜ਼ਿਲ੍ਹਾ ਮੋਗਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ ਤੋਂ ਹੁੰਦੀ ਹੋਈ ਮਿਤੀ 21 ਅਗਸਤ ਨੂੰ ਸਵੇਰੇ 9:00 ਵਜੇ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਵਿੱਚ ਦਾਖਲ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੈਂਤੀਪੁਰ ਦੇ ਨੇੜੇ ਪਿੰਡ ਸ਼ੇਖ਼ੂਪੁਰਾ ਵਿਖੇ ਇਸ ਮਸ਼ਾਲ ਯਾਤਰਾ ਦਾ ਜ਼ਿਲ੍ਹਾ ਪ੍ਰਸ਼ਾਸਨ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਇਹ ਮਸ਼ਾਲ ਯਾਤਰਾ ਮਾਰਚ ਬਟਾਲਾ ਸ਼ਹਿਰ ਵਿੱਚ ਦਾਖਲ ਹੋਵੇਗੀ ਅਤੇ ਉਸ ਉਪਰੰਤ ਨੌਸ਼ਹਿਰਾ ਮੱਝਾ ਸਿੰਘ, ਧਾਰੀਵਾਲ ਵਿਚੋਂ ਹੁੰਦੀ ਹੋਈ ਦੁਪਹਿਰ ਨੂੰ ਗੁਰਦਾਸਪੁਰ ਸ਼ਹਿਰ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਵਿਖੇ ਇਸ ਮਸ਼ਾਲ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਉਸ ਤੋਂ ਬਾਅਦ ਦੀਨਾਨਗਰ ਤੋਂ ਅੱਗੇ ਇਹ ਮਸ਼ਾਲ ਯਾਤਰਾ ਜ਼ਿਲ੍ਹਾ ਪਠਾਨਕੋਟ ਵਿੱਚ ਦਾਖਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਮਸ਼ਾਲ ਯਾਤਰਾ ਦੇ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।