ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ ਤੇ ਆਪ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਖੇਡ ਟੂਰਨਾਮੈਂਟ ਦਾ ਉਦਘਾਟਨ ਕੀਤਾ
ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਅਗਾਜ਼ ਹੋ ਗਿਆ ਹੈ। ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਇਹ ਬਲਾਕ ਪੱਧਰੀ ਖੇਡਾਂ 5 ਤੋਂ 7 ਸਤੰਬਰ ਤੱਕ ਚੱਲਣਗੀਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ ਤੇ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਪ੍ਰਿੰਸੀਪਲ ਵਰਿੰਦਰ ਸਿੰਘ ਕਾਹਲੋਂ, ਪ੍ਰਿੰਸੀਪਲ ਬਿਕਰਮਜੀਤ ਸਿੰਘ ਚਾਹਲ, ਪ੍ਰਿੰਸੀਪਲ ਰੁਪਿੰਦਰਜੀਤ ਧਾਲੀਵਾਲ, ਈ.ਓ. ਜਤਿੰਦਰ ਮਹਾਜਨ, ਜੀ.ਓ.ਜੀ. ਇੰਚਾਰਜ ਤਰਲੋਕ ਸਿੰਘ, ਖੇਡ ਵਿਭਾਗ ਦੇ ਅਧਿਕਾਰੀ, ਕੋਚ ਅਤੇ ਹੋਰ ਮੋਹਤਬਰ ਹਾਜ਼ਰ ਸਨ।
ਖੇਡਾਂ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਉਹ ਖੇਡ ਭਾਵਨਾਂ ਨਾਲ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ ਹੋਏ ਆਪਣਾ ਬੇਹਤਰ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਦੀ ਜੋ ਪਹਿਲਕਦਮੀ ਕੀਤੀ ਗਈ ਹੈ ਇਸਦਾ ਬਹੁਤ ਹਾਂ-ਪੱਖੀ ਅਸਰ ਦੇਖਣ ਨੂੰ ਮਿਲਿਆ ਹੈ ਅਤੇ ਖਿਡਾਰੀਆਂ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਲਈ ਬਹੁਤ ਉਤਸ਼ਾਹ ਹੈ। ਏ.ਡੀ.ਸੀ. ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੀਆਂ ਬਲਾਕ ਪੱਧਰੀ ਖੇਡਾਂ ਵਿੱਚ ਫੁੱਟਬਾਲ, ਅਥਲੈਟਿਕਸ, ਖੋ-ਖੋ, ਕਬੱਡੀ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਰੱਸਾ-ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਇਨਾਂ ਖੇਡਾਂ ਵਿੱਚ ਭਾਗ ਲੈਣਗੇ।
ਇਸ ਮੌਕੇ ਡੇਰਾ ਬਾਬਾ ਨਾਨਕ ਤੋਂ ਆਪ ਆਗੂ ਸ. ਗੁਰਦੀਪ ਸਿੰਘ ਰੰਧਾਵਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਾਡੀ ਨੌਜਵਾਨ ਪੀੜੀ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਭਵਿੱਖ ਵਿੱਚ ਚੰਗੀ ਕੋਚਿੰਗ ਲੈ ਕੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ 6 ਕਰੋੜ ਰੁਪਏ ਦੇ ਇਨਾਮ ਤਕਸੀਮ ਕੀਤੇ ਜਾਣਗੇ ਅਤੇ ਨਾਲ ਹੀ ਜੇਤੂ ਖਿਡਾਰੀਆਂ ਨੂੰ ਗ੍ਰੇਡਏਸ਼ਨ ਨੀਤੀ ਤਹਿਤ ਕਵਰ ਕੀਤਾ ਜਾਵੇਗਾ।
ਖੇਡਾਂ ਦੀ ਸ਼ੁਰੂਆਤ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਗੁਰਿੰਦਰ ਸਿੰਘ, ਵਿਸਾਖਾ ਸਿੰਘ ਮੀਰ ਕਚਾਨਾ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਰਜਤ ਮਰਵਾਹਾ, ਪਲਵਿੰਦਰ ਸਿੰਘ ਰੰਧਾਵਾ, ਕੋਚ ਅਨਿਲ ਕੁਮਾਰ, ਰਾਮ ਸਰੂਪ, ਕਸ਼ਮੀਰ ਮਸੀਹ, ਇੰਦਰਜੀਤ ਸਿੰਘ, ਪ੍ਰਭਜੋਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਦੀਪਕਾ ਕੁਮਾਰੀ, ਗੁਰਮੀਤ ਸਿੰਘ, ਅਮਰਬੀਰ ਸਿੰਘ, ਅਸ਼ੋਕ ਕੁਮਾਰ, ਹਰਜੀਤ ਸਿੰਘ ਠੇਠਰਕੇ, ਮੇਜਰ ਸਿੰਘ ਆਦਿ ਹਾਜ਼ਰ ਸਨ।