ਅਧਿਆਪਕ ਦੇ ਪੁੱਤਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅਧਿਆਪਕ ਦਿਵਸ ’ਤੇ ਕਾਲਜ ਅਧਿਆਪਕਾਂ ਨੂੰ ਦਿੱਤੀਆਂ ਵੱਡੀਆਂ ਸੌਗਾਤਾਂ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ) -ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਅਧਿਆਪਕ ਦੇ ਪੁੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਸੀ.ਜੀ.) ਦਾ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕਰਕੇ ਕਾਲਜ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ ਵੱਲੋਂ ਬਹੁਤ ਚਿਰਾਂ ਤੋਂ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਜਿਸਨੂੰ ਮੁੱਖ ਮੰਤਰੀ ਨੇ ਪ੍ਰਵਾਨ ਕਰਦੇ ਹੋਏ ਇਕ ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਾਲਜਾਂ ਵਿਚ ਗੈਸਟ ਫੈਕਲਟੀ ਟੀਚਰਾਂ ਦੀ ਭਰਤੀ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੱਚਿਆਂ ਦੇ ਬਿਹਤਰ ਭਵਿੱਖ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਾਲਜਾਂ ਵਿਚ ਪਹਿਲਾਂ ਤੋਂ ਪੜਾ ਰਹੇ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਵੀ ਸਨਮਾਨਯੋਗ ਵਾਧਾ ਕਰਨ ਦਾ ਐਲਾਨ ਵੀ ਕੀਤਾ ਹੈ। ਇਹ ਕਾਲਜ ਅਧਿਆਪਕ ਵੀ 18-20 ਸਾਲ ਦੇ ਸਮੇਂ ਤੋਂ ਤਾਲੀਮ ਦੇ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਇਨਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Leave a Reply

Your email address will not be published. Required fields are marked *