ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)—ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ‘ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਰਮਨ ਬਹਿਲ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਕਰੀਬ 1 ਕਰੋੜ 70 ਲੱਖ ਲੋਕ ਇਲਾਜ ਦੀ ਸਹੂਲਤ ਲੈ ਚੁੱਕੇ ਹਨ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 14 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ 58 ਹੋਰ ਨਵੀਆਂ ਹਾਈਟੈੱਕ ਐਂਬੂਲੈਂਸਾਂ ਪਿਛਲੇ ਦਿਨੀਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ ਜਿਸ ਪਿੱਛੋਂ ਸੂਬੇ ਵਿੱਚ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਤੈਨਾਤ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਵਾਂ ਮੈਡੀਕਲ ਕਾਲਜ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਸ਼ੁਰੂ ਕੀਤਾ ਹੈ। ਇਸੇ ਤਰ੍ਹਾਂ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਵਾਲੇ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਵਿਖੇ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕ੍ਰਮਵਾਰ 119 ਕਰੋੜ ਰੁਪਏ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ ਜਿਸ ਤੋਂ ਸੂਬਾ ਵਾਸੀ ਬੇਹੱਦ ਖੁਸ਼ ਹਨ।