ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਗੁਰਦਾਸਪੁਰ ਪਹੁੰਚੇ, ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼- ਉੱਪ ਚੇਅਰਮੈਨ, ਕੀਮਤੀ ਭਗਤ

ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਵੰਡ ਪ੍ਰਕਿਰਿਆ

ਕਲਾਨੌਰ ਗਊਸ਼ਾਲਾ ਵਿੱਚ ਗਊਧੰਨ ਦੀ ਮੌਤ ਦੇ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀ ਗਠਿਤ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਗੁਰਦਾਸਪੁਰ ਪਹੁੰਚੇ ਅਤੇ ਬੇਸਹਾਰਾ ਗਊਧੰਨ ਦੀ ਸੇਵਾ ਸੰਭਾਲ ਲਈ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਮਨ ਬਹਿਲ,ਹਲਕਾ ਇੰਚਾਰਜ ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰੋਬਨਜੀਤ ਕੌਰ ਆਰ ਟੀ ਏ ਗੁਰਦਾਸਪੁਰ, ਜਸਪ੍ਰੀਤ ਸਿੰਘ ਨਾਗਪਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ.ਰਮੇਸ਼ ਅੱਤਰੀ, ਹਰਵਿੰਦਰ ਸੋਨੀ, ਸਮੂਹ ਈ. ਓਜ਼, ਬੀ.ਡੀ.ਪੀ.ਓ ਸਮੇਤ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਮੌਜੂਦ ਸਨ।

ਮੀਟਿੰਗ ਦੌਰਾਨ ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੇਵਾ ਸੰਭਾਲ ਅਤੇ ਗਊਸ਼ਾਲਾਵਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਕਮਿਸ਼ਨ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਵਾਏ ਗਏ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀ 01 ਗਊਸ਼ਾਲਾ ਵੀ ਸ਼ਾਮਲ ਹੈ।

ਇਸ ਮੌਕੇ ਉਨ੍ਹਾਂ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਉਹ ਆਪਣੀਆਂ ਗਊਸ਼ਾਲਾਵਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਕਰਵਾਉਣ। ਉਨ੍ਹਾਂ ਸਾਰੇ ਗਊਸ਼ਾਲਾ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀਆਂ ਗਊਸ਼ਾਲਾਵਾਂ ਦਾ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾ ਚੁੱਕੇ ਹਨ। ਇਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਖ਼ਮੀ ਗਊਧਨ ਦੇ ਇਲਾਜ ਲਈ ਵੀ ਕਮਿਸ਼ਨ ਦੀ ਸਿਫ਼ਾਰਸ਼ ’ਤੇ ਸਰਕਾਰ ਵੱਲੋਂ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਸੂਬੇ ਦੀਆਂ ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖਾਂ ਰੁਪਏ ਦੀ ਲਾਗਤ 500 ਕਾਓ ਲਿਫਟਰ ਮਿਲੇ ਹਨ, ਜਿਨ੍ਹਾਂ ਵਿੱਚੋਂ ਗੁਰਦਾਸਪੁਰ ਜ਼ਿਲ੍ਹੇ ਨੂੰ 09 ਮੁਹੱਈਆ ਕਰਵਾਏ ਗਏ ਹਨ।

ਉਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਵਿੱਚ ਰੱਖੀ ਹਰੇਕ ਗਾਂ ਲਈ ਰੋਜ਼ਾਨਾ 61 ਰੁਪਏ ਦੇਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਲਦ ਹੀ ਇਸ ਸਬੰਧੀ ਮੀਟਿੰਗ ਕਰਕੇ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਹੂਲਤ ਵੀ ਸਿਰਫ਼ ਕਮਿਸ਼ਨ ਨਾਲ ਰਜਿਸਟਰਡ ਗਊਸ਼ਾਲਾਵਾਂ ਨੂੰ ਹੀ ਮਿਲੇਗੀ।

ਇੱਕ ਸਵਾਲ ਦੇ ਜਵਾਬ ਵਿੱਚ ਕੀਮਤੀ ਭਗਤ ਨੇ ਕਿਹਾ ਕਿ ਸੂਬੇ ਵਿੱਚ ਇਸ ਸਮੇਂ ਕਰੀਬ 80 ਹਜ਼ਾਰ ਗਊਧਨ ਸੜਕਾਂ ’ਤੇ ਬੇਸਹਾਰਾ ਘੁੰਮ ਰਿਹਾ ਹੈ। ਇਸ ਨਾਲ ਜਿੱਥੇ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ, ਉੱਥੇ ਸੜਕ ਹਾਦਸਿਆਂ ਅਤੇ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਗਊਸ਼ਾਲਾਵਾਂ ਦੀ ਸਮਰੱਥਾ ਵਧਾਉਣ ਲਈ ਉਹ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਡਿਪਟੀ ਕਮਿਸ਼ਨਰਾਂ ਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਇਸ ਸਬੰਧੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 62 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।

ਇਸ ਮੌਕੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਪਿਛਲੇ ਦਿਨੀਂ ਕਲਾਨੌਰ ਗਊਸ਼ਾਲਾ ਵਿੱਚ ਗਊਧੰਨ ਦੀ ਮੌਤਾਂ ‘ਤੇ ਦੁੱਖ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ, ਜਿਸ ਐੱਸ ਪੀ (ਐੱਚ) ਅਤੇ ਐੱਸ ਡੀ ਐੱਮ ਸ਼ਾਮਲ ਹਨ, ਦਾ ਗਠਨ ਕਰਨ ਦੇ ਆਦੇਸ਼ ਦਿੱਤੇ , ਜੋ ਅਗਲੇ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਣਗੇ।

ਕੀਮਤੀ ਭਗਤ ਨੇ ਗਊਸ਼ਾਲਾ ਪ੍ਰਬੰਧਕਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ-ਗ੍ਰਾਮ ਪੋਰਟਲ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 20 ਅਗਸਤ ਨੂੰ ਪੋਰਟਲ ’ਤੇ 6 ਕਰੋੜ ਰੁਪਏ ਦੀ ਰਾਸ਼ੀ ਉਪਲਬੱਧ ਹੋਈ ਹੈ, ਜਿਸ ਦੀ ਵਰਤੋਂ ਗਊਸ਼ਾਲਾਵਾਂ ਵਿੱਚ ਸ਼ੈੱਡ, ਵਾਹਨ, ਚਾਰਾ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਲੋੜੀਂਦੇ ਸਰੋਤਾਂ ਦੀ ਵਿਵਸਥਾ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਗਊਸ਼ਾਲਾ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ’ਤੇ ਜਲਦ ਤੋਂ ਜਲਦ ਅਰਜ਼ੀ ਦੇਣ। ਉਨ੍ਹਾਂ ਕਿਹਾ ਕਿ ਮਨਜ਼ੂਰਸ਼ੁਦਾ ਸਹਾਇਤਾ ਰਾਸ਼ੀ ਸਬੰਧਤ ਗਊਸ਼ਾਲਾ ਦੇ ਬੈਂਕ ਖਾਤੇ ਵਿੱਚ ਸਿੱਧੀ ਭੇਜੀ ਜਾਵੇਗੀ।

Leave a Reply

Your email address will not be published. Required fields are marked *