ਸਰਹੱਦ ਦੇ 16 ਕਿਲੋਮੀਟਰ ਘੇਰੇ ਅੰਦਰ ਪੈਂਦੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਹੋਵੇਗਾ ਗਠਨ – ਡੀ.ਸੀ ਇਸ਼ਫਾਕ

ਗੁਰਦਾਸਪੁਰ

ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਮਾਰੇਗਾ ਹੰਭਲਾ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਿਹਤ ਵਿਭਾਗ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ 16 ਕਿਲੋਮੀਟਰ ਘੇਰੇ ਅੰਦਰ ਪੈਂਦੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣ ਅਤੇ ਨਾਲ ਹੀ ਇਨ੍ਹਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇ। ਇਹ ਕਮੇਟੀਆਂ ਆਪਣੇ ਪਿੰਡਾਂ ਵਿਚੋਂ ਨਸ਼ਾ ਰੋਕਣ ਲਈ ਪ੍ਰਸ਼ਾਸਨ ਦੇ ਨਾਲ ਮਿਲ ਕੇ ਕੰਮ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੀ ਬੁਰਾਈ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇਗਾ।  

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਆਪਣੇ ਦਫ਼ਤਰ ਵਿੱਚ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦਾ ਰੀਵਿਊ ਕਰ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਓਟ ਕੇਂਦਰਾਂ ਵਿੱਚ ਨਸ਼ਾ ਛੱਡਣ ਦੀ ਦਵਾਈ ਲੈਣ ਆਉਂਦੇ ਮਰੀਜ਼ਾਂ ਦੀ ਲਗਾਤਾਰ ਕੌਂਸਲਿੰਗ ਕਰਕੇ ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਉਹ ਨਸ਼ੇ ਛੱਡ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਮਰੀਜ਼ਾਂ ਨਾਲ ‘ਡੈਪੋ’ ਅਟੈਚ ਕੀਤੇ ਜਾਣ ਤਾਂ ਜੋ ਉਹ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਲਗਾਤਾਰ ਪ੍ਰੇਰਿਤ ਕਰਦੇ ਰਹਿਣ। ਇਸਦੇ ਨਾਲ ਹੀ ਡੈਪੋ ਇਹ ਵੀ ਯਕੀਨੀ ਬਣਾਉਣਗੇ ਕਿ ਮਰੀਜ਼ ਅੱਧ-ਵਿਚਾਲੇ ਆਪਣਾ ਇਲਾਜ ਨਾ ਛੱਡਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ਜ਼ਿਲ੍ਹੇ ਦੇ ਓਟ ਕੇਂਦਰਾਂ ਦਾ ਨਿਰੀਖਣ ਕਰਨ ਅਤੇ ਜੇ ਕੋਈ ਘਾਟ ਹੈ ਤਾਂ ਉਸ ਨੂੰ ਦੂਰ ਕਰਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਤ ਕੀਤਾ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਦੀ ਲੀਗ ਕਰਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਸਪੋਰਟਸ ਸੁਸਾਇਟੀ ਦਾ ਗਠਨ ਕਰਨ ਦਾ ਸੁਝਾਅ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਮੀਡੀਆ ਦੇ ਰਾਹੀਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਜ਼ਿਲ੍ਹੇ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਅੱਗੇ ਹੋ ਕੇ ਸਾਥ ਦੇਣ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਵਿੱਚ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ ਅਤੇ ਪ੍ਰਸ਼ਾਸਨ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਰ ਵਰਗ ਦਾ ਸਾਥ ਲਿਆ ਜਾਵੇਗਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਬਾਮਬਾ, ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ, ਸਿਹਤ ਵਿਭਾਗ ਤੋਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ, ਡਾ. ਪ੍ਰਭਜੋਤ ਕੌਰ ਕਲਸੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ, ਡੀ.ਈ.ਓ (ਅ) ਅਮਰਜੀਤ ਸਿੰਘ ਭਾਟੀਆ, ਸੈਕਟਰੀ ਰੈੱਡ ਕਰਾਸ ਰਾਜੀਵ ਠਾਕੁਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *