ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਏ ਗਏ ਸਟਾਲ
ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਭਾਰਤ ਸਰਕਾਰ, ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਮਲਟੀਮੀਡੀਆ ਫੋਟੋ ਪ੍ਰਦਰਸ਼ਨੀ ਅੱਜ ਤੋਂ 13 ਸਤੰਬਰ ਤੱਕ ਇੱਥੇ ਪੁਰਾਣੇ ਬੱਸ ਅੱਡੇ ਵਿਖੇ ਸ਼ੁਰੂ ਹੋ ਗਈ ਹੈ।
ਇਸ ਪ੍ਰਦਰਸ਼ਨੀ ਵਿੱਚ ਜਿੱਥੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਅਤੇ ਜਨਹਿੱਤ ਸਕੀਮਾਂ ਬਾਰੇ ਇਨਫੋਗ੍ਰਾਫ਼ਿਕਸ ਰਾਹੀਂ ਬਹੁਤ ਸਾਰੀਆਂ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਹਨ, ਉੱਥੇ ਹੀ ਆਮ ਲੋਕਾਂ ਨੂੰ ਆਧਾਰ ਕਾਰਡ, ਆਯੂਸ਼ਮਾਨ ਕਾਰਡ, ਅਪੰਗਤਾ ਕਾਰਡ, ਬੈਂਕ ਅਤੇ ਬਟਾਲਾ ਅਤੇ ਗੁਰਦਾਸਪੁਰ ਪੁਲਿਸ ਦੇ ਸਾਂਝ ਕੇਂਦਰ ਦੀਆਂ ਅਤੇ ਕੁਝ ਹੋਰਨਾਂ ਵਿਭਾਗਾਂ ਦੀਆਂ ਸੇਵਾਵਾਂ ਇੱਕ ਹੀ ਸਥਾਨ ‘ਤੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਵਿਭਾਗਾਂ ਦੇ ਸਟਾਲ ਲਾਏ ਗਏ ਹਨ।
ਗੁਰਦਾਸਪੁਰ ਹੈਰੀਟੇਜ ਸੋਸਾਇਟੀ ਵੱਲੋਂ ਜ਼ਿਲ੍ਹੇ ਦੀਆਂ ਵਿਰਾਸਤੀ ਥਾਵਾਂ ਨੂੰ ਤਸਵੀਰਾਂ ਰਾਹੀਂ ਦਰਸਾਉਂਦਾ ਸਟਾਲ ਵੀ ਲਗਾਇਆ ਗਿਆ ਹੈ।
ਪ੍ਰਦਰਸ਼ਨੀ ਦੇ ਮੁੱਖ ਮਹਿਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਰਮਨੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕੇਂਦਰੀ ਸੰਚਾਰ ਬਿਊਰੋ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਇੱਕ ਹੀ ਥਾਂ ’ਤੇ ਏਨੀ ਜਾਣਕਾਰੀ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ ਅਤੇ ਹਾਜ਼ਰੀਨ ਨੂੰ ਇਹ ਜਾਣਕਾਰੀ ਹੋਰਨਾਂ ਨਾਲ ਵੀ ਸਾਂਝੀ ਕਰਨ ਦਾ ਸੱਦਾ ਦਿੱਤਾ ਤਾਂ ਜੋ ਉਹ ਵੀ ਇਸ ਦਾ ਲਾਭ ਲੈ ਸਕਣ।
ਉਨ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਬਾਰੇ ਦੱਸਦਿਆਂ ਕਿਹਾ ਕਿ ਜਿਸ ਵੀ ਵਿਅਕਤੀ ਨੂੰ ਕਿਸੇ ਵੀ ਕਾਰਨ ਕਾਨੂੰਨੀ ਸਹਾਇਤਾ ਦੀ ਲੋੜ ਹੈ, ਉਹ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਉਸ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਕੇਂਦਰੀ ਸੰਚਾਰ ਬਿਊਰੋ ਦੇ ਖੇਤਰੀ ਪ੍ਰਚਾਰ ਅਫ਼ਸਰ ਅਤੇ ਪ੍ਰਦਰਸ਼ਨੀ ਦੇ ਨੋਡਲ ਅਫ਼ਸਰ ਰਾਜੇਸ਼ ਬਾਲੀ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਵੀ ਹਾਜ਼ਰ ਸਨ। ਬਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਲਗਾਈਆਂ ਗਈਆਂ ਇਨ੍ਹਾਂ ਪ੍ਰਦਰਸ਼ਨੀਆਂ ਅਤੇ ਪ੍ਰੋਗਰਾਮਾਂ ਦਾ ਮਕਸਦ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲਾਭਕਾਰੀ ਯੋਜਨਾਵਾਂ ਅਤੇ ਜਾਗਰੂਕਤਾ ਸਬੰਧੀ ਪਹਿਲਕਦਮੀਆਂ ਤੋਂ ਜਾਣੂ ਕਰਵਾਉਣਾ ਹੈ ਤਾਂ ਜੋ ਲੋਕ ਇਸ ਜਾਣਕਾਰੀ ਨਾਲ ਆਪਣੇ ਜੀਵਨ ਵਿੱਚ ਬਦਲਾਅ ਲਿਆ ਸਕਣ।
ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੇ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ – 7814545950, ਐਮਰਜੈਂਸੀ ਹੈਲਪਲਾਈਨ ਨੰਬਰ – 112, ਗੁੰਮਸ਼ੁਦਾ ਚਾਈਲਡ ਚੈਟਬੋਟ ਹੈਲਪਲਾਈਨ ਨੰਬਰ – 9517795178 ਅਤੇ ਚਾਈਲਡ ਹੈਲਪਲਾਈਨ ਨੰਬਰ – 1098 ਆਮ ਲੋਕਾਂ ਨਾਲ ਸਾਂਝੇ ਕੀਤੇ ਤਾਂ ਜੋ ਉਪਰੋਕਤ ਵਿੱਚੋਂ ਕਿਸੇ ਵੀ ਸਥਿਤੀ ਨਾਲ ਤੁਰੰਤ ਨਜਿੱਠਣ ਅਤੇ ਪੁਲਿਸ ਨੂੰ ਸੂਚਿਤ ਕਰਕੇ ਆਪਣੇ ਸਮਾਜ ਦੀ ਰਾਖੀ ਅਤੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਾਈਬਰ ਕਰਾਈਮ ਵਿਭਾਗ ਦੀ ਪੁਲਿਸ ਅਫਸਰ ਇੰਸਪੈਕਟਰ ਅਮਨਦੀਪ ਕੌਰ ਵੱਲੋਂ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣੂ ਕਰਵਾਇਆ ਗਿਆ। ਆਂਗਣਵਾੜੀ ਵਰਕਰਾਂ ਨੇ ਆਪਣੇ ਸਾਥੀਆਂ ਵੱਲੋਂ ਆਮ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਜੀਵਨ ਬਚਾਓ ਕਾਰਜਾਂ ਬਾਰੇ ਜਾਣਕਾਰੀ ਦਿੱਤੀ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਰਮਿਆਨ ਡਰਾਇੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ‘ਨਸ਼ਾ ਮੁਕਤ ਭਾਰਤ’ ਵਿਸ਼ੇ ’ਤੇ ਡਰਾਇੰਗ ਬਣਾਈਆਂ ਗਈਆਂ।
ਇਸ ਮੁਕਾਬਲੇ ਵਿੱਚ ਐਮੀਨੈਂਸ ਸਕੂਲ, ਗੁਰਦਾਸਪੁਰ ਦੀ ਨਿਤੀਸ਼ਾ ਨੂੰ ਪਹਿਲਾ, ਐੱਚਆਰਏ ਇੰਟਰਨੈਸ਼ਨਲ ਸਕੂਲ ਦੇ ਸਿਧਾਂਤ ਨੂੰ ਦੂਜਾ ਅਤੇ ਐਮੀਨੈਂਸ ਸਕੂਲ ਦੀ ਹੀ ਵਿਦਿਆਰਥਣ ਰਾਧਿਕਾ ਨੂੰ ਕੌਂਸੋਲੇਸ਼ਨ ਪੁਰਸਕਾਰ ਦਿੱਤਾ ਗਿਆ। ਜਦਕਿ ਤੀਜੇ ਸਥਾਨ ਲਈ ਦੋ ਵਿਦਿਆਰਥੀਆਂ ਨੂੰ ਚੁਣਿਆ ਗਿਆ, ਜਿਨ੍ਹਾਂ ਵਿੱਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਪਨ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੀ ਸ਼ਰਨਪ੍ਰੀਤ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਇਨਾਮਾਂ ਦੀ ਵੰਡ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਰਮਨੀਤ ਕੌਰ, ਕੇਂਦਰੀ ਸੰਚਾਰ ਬਿਊਰੋ ਦੇ ਖੇਤਰੀ ਪ੍ਰਚਾਰ ਅਧਿਕਾਰੀ ਅਤੇ ਪ੍ਰਦਰਸ਼ਨੀ ਦੇ ਨੋਡਲ ਅਧਿਕਾਰੀ ਰਾਜੇਸ਼ ਬਾਲੀ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਨੇ ਕੀਤੀ।