ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ
ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਨੂੰ ਸ਼ੱੁਧ ਅਤੇ ਤਰੁੱਟੀ ਰਹਿਤ ਤਿਆਰ ਕਰਨ ਸਬੰਧੀ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਬਤੌਰ ਰਜਿਸਟਰ ਹੋਏ ਵੋਟਰਾਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਬੂਥ ਲੈਵਲ ਅਫ਼ਸਰਾਂ ਵੱਲੋਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ‘ਗਰੁੜਾ’ ਐਪ ਵਿਧੀ ਰਾਹੀਂ ਡਾਟਾ ਆਨ-ਲਾਈਨ ਕੀਤਾ ਜਾ ਰਿਹਾ ਹੈ।
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਅਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨ ਦੇ ਦਿੱਤੇ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹੇ ਵਿੱਚ ਮਿਤੀ 9 ਤੇ 10 ਸਤੰਬਰ 2022 ਨੂੰ ਦੋ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਸਮੂਹ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਵੱਲੋਂ ਆਪਣੇ-ਆਪਣੇ ਪੋਲਿੰਗ ਏਰੀਏ ਵਿੱਚ ਡੋਰ ਟੂ ਡੋਰ ਜਾ ਕੇ ਵੋਟਰਾਂ ਦਾ ਡਾਟਾ ਲਿੰਕ ਕੀਤਾਾ ਜਾਵੇਗਾ। ਇਸ ਦੌਰਾਨ ਸਮੂਹ ਏ.ਈ.ਆਰ.ਓਜ਼ ਅਤੇ ਸੁਪਰਵਾਈਜ਼ਰ ਇਹ ਯਕੀਨੀ ਬਣਾਉਣਗੇ ਕਿ ਸਾਰੇ ਬੀ.ਐੱਲ.ਓਜ਼ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਟੀਚੇ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ।
ਵਧੀਕ ਜ਼ਿਲ੍ਹਾ ਚੋਣ ਅਧਿਕਾਰੀਆ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੋਟਰਾਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦੇ ਉਪਰਾਲੇ ਵਿੱਚ ਬੀ.ਐੱਲ.ਓਜ਼ ਦਾ ਸਹਿਯੋਗ ਕਰਨ। ਉਨਾਂ ਕਿਹਾ ਕਿ ਵੋਟਰਾਂ ਵੱਲੋਂ ਅਧਾਰ ਕਾਰਡ ਲਿੰਕ ਕਰਵਾਉਣਾ ਲਾਜ਼ਮੀ ਹੈ। ਜੇਕਰ ਕਿਸੇ ਵੋਟਰ ਪਾਸ ਅਧਾਰ ਕਾਰਡ ਨਹੀਂ ਹੈ ਤਾਂ ਉਸ ਵੋਟਰ ਦੀ ਐਂਟਰੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕੀਤੇ ਦਸਤਾਵੇਜਾਂ ਵਿਚੋਂ ਕੋਈ ਇੱਕ ਦਸਤਾਵੇਜ਼ ਦਿਖਾ ਕੇ ਕਰਵਾ ਸਕਦਾ ਹੈ।