ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵੱਲੋਂ ਪਿੰਡ ਮਸਤਕੋਟ ਅਤੇ ਸ਼ਹੂਰ ਕਲਾਂ ਵਿਖੇ ਪਹੁੰਚ ਕੇ ਕਿਸਾਨਾਂ ਨਾਲ ਮੀਟਿੰਗ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਲੋਂ ਨਾੜ ਨੂੰ ਅੱਗ ਨਾ ਲਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

ਕਲਾਨੌਰ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਯੋਗ ਨਿਪਟਾਰੇ ਲਈ ਸਮੂਹ ਕਿਸਾਨਾਂ ਨੂੰ ਜਿਲਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਅੱਜ ਡਿਪਟੀ ਕਮਿਸ਼ਨਰ ਵਲੋਂ ਕਲਾਨੋਰ ਬਲਾਕ ਦੇ ਪਿੰਡ ਮਸਤਕੋਟ ਅਤੇ ਸ਼ਹੂਰ ਕਲਾਂ ਵਿਖੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨਾਲ ਗੱਲ ਕਰਕੇ, ਉਨ੍ਹਾਂ ਕੋਲੋ ਅੱਗ ਲਗਾਉਣ ਦੇ ਕਾਰਨਾਂ ਦੀ ਜਾਣਕਾਰੀ ਲਈ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦਾ ਇਥੇ ਆਉਣ ਦਾ ਮਕਸਦ ਇਹੀ ਹੈ ਕਿ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾਣ। ਉਨਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾ ਨੂੰ ਸੁਪਰਸੀਡਰ, ਬੇਲਰ ਸਮੇਤ ਲੋੜੀਦੇ ਖੇਤੀ ਸਾਧਨ ਮੁਹੱਈਆ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਬਸਿਡੀ ਉੱਪਰ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦਾ ਯੋਗ ਇਸਤੇਮਾਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜਿਲੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਯੋਗ ਮਸ਼ੀਨਰੀ ਉਪਲੱਬਧ ਹੈ। ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਕੋਲੇ ਛੋਟੇ ਕਿਸਾਨਾਂ ਨੂੰ ਵਾਜਬ ਰੇਟ ਤੇ ਮਸ਼ੀਨਰੀ ਉਪਲੱਬਧ ਕਰਵਾਉਣ ਲਈ ਸਬੰਧਤ ਵਿਭਾਗ ਨੂੰ ਸਖਤ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਗੁਰਦਾਸਪੁਰ ਜਿਲੇ ਵਿੱਚ ਪੰਜਾਬ ਭਰ ਵਿੱਚੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਘਟੀਆ ਸਨ ਅਤੇ ਇਸ ਵਾਰ ਵੀ ਕਿਸਾਨਾਂ ਦੇ ਸਹਿਯੋਗ ਨਾਲ ਪਿਛਲੇ ਸਾਲ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਉਹ, ਉਨ੍ਹਾਂ ਕਿਸਾਨਾਂ ਨੂੰ ਮਿਲੇ ਹਨ, ਜਿਨ੍ਹਾਂ ਵਲੋਂ ਪਿਛਲੇ ਸਾਲ ਕਿਸੇ ਕਾਰਨ ਫਸਲ ਦੀ ਰਹਿੰਦ-ਖੂੰਹਦ/ ਨਾੜ ਨੂੰ ਅੱਗ ਲਾਈ ਸੀ ਪਰ ਹੁਣ ਕਿਸਾਨਾਂ ਨੇ ਯਕੀਨ ਦਿਵਾਇਆ ਹੈ ਕਿ ਉਹ ਇਸ ਵਾਰ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਸਾਨਾਂ ਦੇ ਇਸ ਫੈਸਲੇ ਦੀ ਭਰਵੀਂ ਸ਼ਲਾਘਾ ਕੀਤੀ।
ਇਸ ਮੌਕੇ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਵਲੋਂ ਕੀਤੇ ਜਾ ਰਹੇ ਕਾਰਜ ਦੀ ਰੱਜਵੀਂ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਦਰਵੇਸ਼ ਕਿਸਾਨ ਸਮਾਜ ਲਈ ਚਾਨਣ ਮੁਨਾਰਾ ਹਨ। ਜੋ ਬਿਨਾਂ ਨਾੜ ਨੂੰ ਅੱਗ ਲਗਾਏ ਖੇਤੀ ਕਰ ਰਹੇ ਹਨ। ਕਿਸਾਨ ਸੁਖਵਿੰਦਰ ਸਿੰਘ ਵਲੋਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਅਤੇ ਖਾਸਕਰਕੇ ਉਹ ਕੁਦਰਤੀ ਜੀਵ ਜੰਤੂਆਂ ਦੀ ਬਹੁਤ ਚਿੰਤਾ ਰੱਖਦੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨ ਸੁਖਵਿੰਦਰ ਸਿੰਘ ਦੀ ਉਸਾਰੀ ਸੋਚ ਨੂੰ ਸਰਾਹਿਆ ਤੇ ਕਿਹਾ ਕਿ ਦੂਸਰੇ ਕਿਸਾਨਾਂ ਲਈ ਸੁਖਵਿੰਦਰ ਸਿੰਘ ਵੱਡੀ ਮਿਸਾਲ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਦੇ ਸਿੱਟੇ ਵਜੋਂ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ, ਉਥੇ ਹੀ ਇਸ ਤੋਂ ਜ਼ਹਿਰੀਲਾ ਧੂੰਆ ਪੈਦਾ ਹੁੰਦਾ ਹੈ ਜੋ ਕਿ ਮਨੁੱਖਾਂ ਅਤੇ ਜੀਵਾਂ ਲਈ ਕਾਫ਼ੀ ਹਾਨੀਕਾਰਕ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦੇ ਹਾਂ, ਤਾਂ ਉਸ ਕਾਰਨ ਆਲੇ-ਦੁਆਲੇ ਦਰੱਖਤਾਂ ਨੂੰ ਵੀ ਅੱਗ ਲੱਗ ਜਾਂਦੀ ਹੈ, ਜਿਸ ਨਾਲ ਵਾਤਾਵਰਨ ਦਾ ਕਾਫ਼ੀ ਨੁਕਸਾਨ ਹੁੰਦਾ ਹੈ। ਕਈ ਵਾਰ ਦਰੱਖਤਾਂ ’ਤੇ ਪੰਛੀਆਂ ਨੇ ਆਲ੍ਹਣੇ ਬਣਾਏ ਹੁੰਦੇ ਹਨ, ਜਿਸ ਵਿੱਚ ਪੰਛੀ ਅਤੇ ਉਨ੍ਹਾਂ ਦੇ ਛੋਟੇ ਬੱਚੇ ਹੁੰਦੇ ਹਨ, ਉਹ ਵੀ ਇਸ ਅੱਗ ਦੀ ਚਪੇਟ ਵਿੱਚ ਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਸਾਫ਼-ਸੁਥਰੇ ਵਾਤਾਵਰਣ ਵਿੱਚ ਹੀ ਅਸੀਂ ਬਿਮਾਰੀ ਰਹਿਤ ਜ਼ਿੰਦਗੀ ਬਤੀਤ ਕਰ ਸਕਦੇ ਹਾਂ।
ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਗਾਮੀ ਸੀਜ਼ਨ ਦੌਰਾਨ ’ਜ਼ੀਰੋ ਸਟਬਲ ਬਰਨਿੰਗ’ ਵਾਲੇ ਪਿੰਡਾਂ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ ਤਾਂ ਜੋ ਹੋਰ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਪਰਾਲੀ ਦਾ ਸਹੀ ਨਿਪਟਾਰਾ ਕਰ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ, ਫੌਜਾ ਸਿੰਘ,ਪਰੇਮ ਸਿੰਘ, ਮਨਦੀਪ ਸਿੰਘ ਭੰਗੂ ਸਰਪੰਚ, ਸੁਖਦੇਵ ਸਿੰਘ, ਰਣਯੋਧ ਸਿੰਘ, ਲਵਲੀ ਧਾਲੀਵਾਲ, ਰਣਦੀਪ ਸਿੰਘ ਭੰਗੂ, ਅੰਗਰੇਜ ਤੇ ਦਿਲਬਾਗ ਸਿੰਘ ਆਦਿ ਕਿਸਾਨ ਜਿਨ੍ਹਾਂ ਵਲੋਂ ਪਿਛਲੇ ਸਾਲਾਂ ਦੌਰਾਨ ਨਾੜ ਨੂੰ ਅੱਗ ਨਹੀਂ ਲਗਾਈ ਸੀ, ਉਨਾਂ ਨੂੰ ਪ੍ਰਸੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਾਂਹਵਧੂ ਕਿਸਾਨਾਂ ਦਾ ਜਿਲਾ ਪ੍ਰਸ਼ਾਸਨ ਵਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਸਰਕਾਰੀ ਦਫਤਰਾਂ ਵਿੱਚ ਅਗਾਂਹਵਧੂ ਕਿਸਾਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ।

Leave a Reply

Your email address will not be published. Required fields are marked *