ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਮਿਸ਼ਨ ‘ਕਲੀਨ ਪੰਜਾਬ’ ਤਹਿਤ ਵਾਰਡ ਨੰਬਰ 5 (ਕੋਠੇ ਘੁਰਾਲਾ) ਵਿਖੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਓ, ਸਾਰੇ ਮਿਲ ਕੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖੀਏ ਅਤੇ “ਸਾਫ਼ ਪੰਜਾਬ, ਹਰਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰੀਏ।
ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਫਾਈ ਕਰਮਚਾਰੀ ਕੰਮ ਵਿੱਚ ਲੱਗੇ ਹੋਏ ਹਨ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।


