ਬੱਪੀਆਣਾ ਵਿੱਚ ਤਿੰਨ ਦਿਨਾਂ ਤੋਂ ਬਿਜਲੀ ਗੁੱਲ, ਝੋਨੇ ਦੀ ਫ਼ਸਲ ਪ੍ਰਭਾਵਿਤ; ਸਪਲਾਈ ਬਹਾਲ ਨਾ ਹੋਈ ਤਾਂ 12 ਸਤੰਬਰ ਨੂੰ ਲਲੂਆਣਾ ਗ੍ਰਿਡ ਦਾ ਘਿਰਾਓ

ਮਾਲਵਾ

ਬੱਪੀਆਣਾ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪਿੰਡ ਬੱਪੀਆਣਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਹੋ ਰਹੇ ਨੁਕਸਾਨ ’ਤੇ ਗੰਭੀਰ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਵਿੱਚ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ ਮੋਰਚਾ ਦੇ ਬਲਵਿੰਦਰ ਘਰਾਗਣਾ, ਪੰਜਾਬ ਕਿਸਾਨ ਯੂਨੀਅਨ ਪਿੰਡ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ, ਰਮਨਦੀਪ ਸਿੰਘ, ਪਰਿਸਪਰੀਤ ਸਮੇਤ ਹੋਰ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।

ਆਗੂਆਂ ਨੇ ਕਿਹਾ ਕਿ ਝੋਨੇ ਦੇ ਮਹੱਤਵਪੂਰਨ ਸੀਜ਼ਨ ਦੌਰਾਨ ਲਗਾਤਾਰ ਬਿਜਲੀ ਬੰਦ ਰਹਿਣ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫ਼ਸਲ ਦੇ ਨੁਕਸਾਨ ਦਾ ਖ਼ਤਰਾ ਵਧ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਬੱਪੀਆਣਾ ਦੀ ਬਿਜਲੀ ਸਪਲਾਈ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਤੁਰੰਤ ਬਹਾਲ ਨਾ ਕੀਤੀ ਗਈ ਤਾਂ 12 ਸਤੰਬਰ ਨੂੰ ਲਲੂਆਣਾ ਬਿਜਲੀ ਗ੍ਰਿਡ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਨੁਕਸਾਨ ਲਈ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਮੀਟਿੰਗ ਵਿੱਚ ਮਹਿੰਗਾਈ, ਬੇਰੁਜ਼ਗਾਰੀ, ਕਰਜ਼ੇ ਅਤੇ ਕਿਸਾਨਾਂ-ਮਜ਼ਦੂਰਾਂ ਵਿਰੋਧੀ ਕਾਰਪੋਰੇਟ ਨੀਤੀਆਂ ਵਿਰੁੱਧ ਵੀ ਰੋਸ ਪ੍ਰਗਟ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਸਾਂਝਾ ਸੰਘਰਸ਼ ਸਮੇਂ ਦੀ ਲੋੜ ਹੈ।

ਉਨ੍ਹਾਂ ਐਲਾਨ ਕੀਤਾ ਕਿ 20 ਸਤੰਬਰ ਨੂੰ ਜਲੰਧਰ ਵਿਖੇ ਹੋ ਰਹੀ ਮਜ਼ਦੂਰ-ਕਿਸਾਨ ਏਕਤਾ ਰੈਲੀ ਵਿੱਚ ਬੱਪੀਆਣਾ ਅਤੇ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਸਾਨਾਂ ਨੂੰ 20 ਸਤੰਬਰ ਨੂੰ ਜਲੰਧਰ ਪਹੁੰਚਣ ਦਾ ਸੱਦਾ ਦਿੱਤਾ।

Leave a Reply

Your email address will not be published. Required fields are marked *