ਪੰਜਾਬ ਨਿਰਮਾਣ ਯੋਜਨਾ ਤਹਿਤ ਸੈਣੀ ਸਭਾ ਜਾਫਲਪੁਰ ਦੀ ਇਮਾਰਤ ਦੇ ਨਵੀਨੀਕਰਨ ਲਈ 15 ਲੱਖ ਰੁਪਏ ਦੀ ਰਾਸ਼ੀ ਜਾਰੀ-ਰਮਨ ਬਹਿਲ
ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਸੈਣੀ ਸਭਾ ਜਾਫਲਪੁਰ ਦੀ ਇਮਾਰਤ ਦੇ ਨਵੀਨੀਕਰਨ ਕਾਰਜ ਦੀ ਸ਼ੁਰੂਆਤਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਵਿਧੀਵਤ ਤਰੀਕੇ ਨਾਲ ਕਰਵਾਈ ਗਈ। ਇਸ ਮੌਕੇ ਸੈਣੀ ਸਭਾ ਜਾਫਲਪੁਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ੍ਰੀ ਰਮਨ ਬਹਿਲ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਦਾ ਦਿਨ ਸੈਣੀ ਸਭਾ ਜਾਫਲਪੁਰ ਅਤੇ ਸਮੁੱਚੇ ਭਾਈਚਾਰੇ ਲਈ ਬਹੁਤ ਖੁਸ਼ੀ ਵਾਲਾ ਦਿਨ ਹੈ। ਉਨ੍ਹਾਂ ਦੱਸਿਆ ਕਿ ਸੈਣੀ ਭਵਨ ਜਾਫਲਪੁਰ ਦੀ ਇਮਾਰਤ ਦੇ ਨਵੀਨੀਕਰਨ ਲਈ 15 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਅਤੇ ਅੱਜ ਤੋਂ ਇਸ ਨਵੀਨੀਕਰਨ ਕਾਰਜ ਦੀ ਵਿਧੀਵਤ ਤਰੀਕੇ ਨਾਲ ਸ਼ੁਰੂਆਤ ਕਰ ਦਿੱਤੀ ਗਈ ਹੈ।
ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਜੋ ਸੁਪਨਾ ਲਿਆ ਗਿਆ ਹੈ, ਉਸ ਤਹਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਨਿਰਮਾਣ ਯੋਜਨਾ ਰਾਹੀਂ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸੈਣੀ ਸਭਾ ਜਾਫਲਪੁਰ ਦੀ ਇਮਾਰਤ ਦੇ ਨਵੀਨੀਕਰਨ ਲਈ 15 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਰਾਸ਼ੀ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਦਿਆਂ ਸੈਣੀ ਭਵਨ ਜਾਫਲਪੁਰ ਦਾ ਨਵੀਨੀਕਰਨ ਬਹੁਤ ਵਧੀਆ ਤਰੀਕੇ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚਾ ਨਵੀਨੀਕਰਨ ਕਾਰਜ ਸੈਣੀ ਸਭਾ ਜਾਫਲਪੁਰ ਦੀ ਦੇਖ-ਰੇਖ ਹੇਠ ਕਰਵਾਇਆ ਜਾਵੇਗਾ, ਤਾਂ ਜੋ ਭਵਨ ਨੂੰ ਹੋਰ ਸੁੰਦਰ, ਸੁਵਿਧਾਜਨਕ ਅਤੇ ਲੋਕਾਂ ਲਈ ਵਧੇਰੇ ਉਪਯੋਗੀ ਬਣਾਇਆ ਜਾ ਸਕੇ।
ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੈਣੀ ਸਭਾ ਜਾਫਲਪੁਰ ਸਮਾਜ ਸੇਵਾ ਅਤੇ ਭਾਈਚਾਰੇ ਦੀ ਭਲਾਈ ਲਈ ਵੱਡਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸੈਣੀ ਸਭਾ ਜਾਫਲਪੁਰ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਹਮੇਸ਼ਾ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਜਿੱਥੇ ਵੀ ਉਨ੍ਹਾਂ ਦੀ ਲੋੜ ਹੋਵੇਗੀ, ਉਹ ਹਰ ਸਮੇਂ ਸੈਣੀ ਸਭਾ ਅਤੇ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਤਿਆਰ ਰਹਿਣਗੇ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸੜਕਾਂ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ, ਕਮਿਊਨਿਟੀ ਭਵਨਾਂ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ ਜਾਫਲਪੁਰ ਵਿਖੇ ਇੱਕ ਆਧੁਨਿਕ ਖੇਡ ਮੈਦਾਨ ਵੀ ਤਿਆਰ ਕੀਤਾ ਜਾਵੇਗਾ, ਜਿਸ ’ਤੇ ਲਗਭਗ 28 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਖੇਡ ਮੈਦਾਨ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕੇ ਮਿਲਣਗੇ।
ਉਨ੍ਹਾਂ ਸੈਣੀ ਭਵਨ ਜਾਫਲਪੁਰ ਦੇ ਨਵੀਨੀਕਰਨ ਲਈ ਰਾਸ਼ੀ ਮੁਹੱਈਆ ਕਰਵਾਉਣ ’ਤੇ ਪੰਜਾਬ ਸਰਕਾਰ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਕੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਸੈਣੀ ਸਭਾ ਜਾਫਲਪੁਰ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਨਵੀਨੀਕਰਨ ਕਾਰਜ ਦੀ ਸ਼ੁਰੂਆਤ ’ਤੇ ਵਧਾਈ ਦਿੱਤੀ।
ਇਸ ਮੌਕੇ ਚੇਅਰਮੈਨ ਵੈਲਫੇਅਰ ਬੋਰਡ ਦਵਿੰਦਰ ਸਿੰਘ ਹੈਪੀ, ਸੈਣੀ ਸਭਾ ਜਾਫਲਪੁਰ ਦੇ ਪ੍ਰਧਾਨ ਬਖਸ਼ੀਸ਼ ਸਿੰਘ ਸੈਣੀ, ਜਨਰਲ ਸਕੱਤਰ ਮਲਕੀਤ ਸਿੰਘ ਸੈਣੀ, ਉਪ ਪ੍ਰਧਾਨ ਸੁਰੇਸ਼ ਸੈਣੀ, ਉਪ ਪ੍ਰਧਾਨ ਕਮਲਜੀਤ ਸਿੰਘ ਰੱਬ, ਉਪ ਪ੍ਰਧਾਨ ਕਰਮ ਸਿੰਘ ਸੈਣੀ, ਬਲਜਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਦੀਪ ਸਿੰਘ, ਸਰਪ੍ਰਸਤ ਦਰਸ਼ਨ ਸਿੰਘ, ਬਲਬੀਰ ਸੈਣੀ ਅਤੇ ਦੀਪਕ ਸੈਣੀ ਸਮੇਤ ਸੈਣੀ ਸਭਾ ਦੇ ਹੋਰ ਅਹੁਦੇਦਾਰ, ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।

