ਹਯਾਤਨਗਰ ਦੇ ਈਸਾਈ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ
ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਆਪਣੀ ਕਰਮਭੂਮੀ ਪਿੰਡ ਹਯਾਤਨਗਰ ਵਿਖੇ ਈਸਾਈ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਈਸਾਈ ਧਰਮਸ਼ਾਲਾ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਹਾਲ 19.5 ਲੱਖ ਰੁਪਏ ਦੀ ਲਾਗਤ ਨਾਲ 1575 ਵਰਗ ਫੁੱਟ ਖੇਤਰ ਵਿੱਚ ਤਿਆਰ ਕੀਤਾ ਜਾਵੇਗਾ। ਹਾਲ ਦੀ ਉਸਾਰੀ ਪੰਜਾਬ ਮੰਡੀ ਬੋਰਡ ਵੱਲੋਂ ਕਰਵਾਈ ਜਾਵੇਗੀ ਅਤੇ ਨੀਂਹ ਪੱਥਰ ਰੱਖਣ ਦੇ ਨਾਲ ਹੀ ਨਿਰਮਾਣ ਕਾਰਜ ਵਿਧੀਵਤ ਤਰੀਕੇ ਨਾਲ ਸ਼ੁਰੂ ਕਰ ਦਿੱਤਾ ਗਿਆ।
ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ “ਇਹ ਪਿੰਡ ਮੇਰਾ ਹੈ ਅਤੇ ਮੈਨੂੰ ਤੇ ਮੇਰੇ ਪਰਿਵਾਰ ਨੂੰ ਇਸ ਪਿੰਡ ਨੇ ਬਹੁਤ ਕੁਝ ਦਿੱਤਾ ਹੈ। ਇਹ ਜੋ ਤੁਸੀਂ ਸੰਗਤ ਵੇਖ ਰਹੇ ਹੋ, ਇਹ ਮੇਰਾ ਇੱਕ ਮਸੀਹ ਪਰਿਵਾਰ ਹੈ, ਜੋ ਮੈਨੂੰ ਬਹੁਤ ਕਰਮਾਂ ਨਾਲ ਮਿਲਿਆ ਹੈ।” ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਰ ਵਰਗ ਅਤੇ ਹਰ ਧਰਮ ਦੀਆਂ ਜਾਇਜ਼ ਲੋੜਾਂ ਨੂੰ ਪੂਰਾ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਯਾਤਨਗਰ ਵਿਖੇ ਬਣਨ ਵਾਲਾ ਇਹ ਧਰਮਸ਼ਾਲਾ ਹਾਲ ਪਿੰਡ ਵਾਸੀਆਂ ਲਈ ਮਹੱਤਵਪੂਰਨ ਸਹੂਲਤ ਸਾਬਤ ਹੋਵੇਗਾ, ਜਿੱਥੇ ਧਾਰਮਿਕ, ਸਮਾਜਿਕ ਅਤੇ ਹੋਰ ਸਮਾਗਮ ਕਰਵਾਏ ਜਾ ਸਕਣਗੇ।
ਰਮਨ ਬਹਿਲ ਨੇ ਦੱਸਿਆ ਕਿ ਈਸਾਈ ਧਰਮਸ਼ਾਲਾ ਹਾਲ ਲਈ 19.5 ਲੱਖ ਰੁਪਏ ਪੰਜਾਬ ਨਿਰਮਾਣ ਯੋਜਨਾ ਵਿਕਾਸ ਸਕੀਮ ਤਹਿਤ ਮੁੱਖ ਮੰਤਰੀ ਪੰਜਾਬ ਵੱਲੋਂ ਪਿੰਡ ਹਯਾਤਨਗਰ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਜਾਇਜ਼ ਮੰਗਾਂ ਅਨੁਸਾਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਰਗ ਅਤੇ ਹਰ ਭਾਈਚਾਰੇ ਨੂੰ ਨਾਲ ਲੈ ਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਹਲਕੇ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਖੇਡਾਂ ਅਤੇ ਨੌਜਵਾਨਾਂ ਨਾਲ ਸਬੰਧਤ ਪ੍ਰੋਜੈਕਟਾਂ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨੌਜਵਾਨਾਂ ਲਈ 29 ਖੇਡ ਮੈਦਾਨ ਤਿਆਰ ਕਰਵਾਏ ਗਏ ਹਨ, ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਸਕਣ।
ਸ੍ਰੀ ਬਹਿਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਦੇ ਨਾਲ-ਨਾਲ ਮਾਪਿਆਂ, ਪੰਚਾਇਤਾਂ ਅਤੇ ਸਮਾਜ ਦੇ ਹਰੇਕ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ “ਖੇਡਾਂ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਸੰਦੇਸ਼ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ।
ਰਮਨ ਬਹਿਲ ਨੇ ਕਿਹਾ ਕਿ “ਭਾਜਪਾ ਨੂੰ ਪੰਜਾਬ ਵਿੱਚ ਨਸ਼ਾ ਮੁਕਤ ਯਾਤਰਾ ਕੱਢਣ ਤੋਂ ਪਹਿਲਾਂ ਆਪਣੇ ਘਰ ਵੱਲ ਵੀ ਦੇਖਣਾ ਚਾਹੀਦਾ ਹੈ। ਮੇਰਾ ਸਵਾਲ ਹੈ ਕਿ ਜੇਕਰ ਨਸ਼ਿਆਂ ਦੀ ਸਪਲਾਈ ਪੰਜਾਬ ਤੱਕ ਪਹੁੰਚਾਉਣ ਵਾਲੇ ਰਸਤੇ ਅਤੇ ਸਰੋਤਾਂ ’ਤੇ ਹੀ ਸਖ਼ਤੀ ਨਾਲ ਰੋਕ ਲਗਾਈ ਜਾਵੇ ਤਾਂ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਆਪਣੇ ਆਪ ਵੱਡੇ ਪੱਧਰ ’ਤੇ ਘੱਟ ਹੋ ਸਕਦੀ ਹੈ।”
2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਵਿਧਾਇਕ ਬਣੇ ਵੀ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਹੁਣ ਤੱਕ ਉਨ੍ਹਾਂ ਵੱਲੋਂ ਕਰਵਾਏ ਕੰਮ ਆਪਣੀਆਂ ਅੱਖਾਂ ਨਾਲ ਦੇਖੇ ਹਨ ਅਤੇ ਹੁਣ ਇੱਕ ਵਾਰ ਉਨ੍ਹਾਂ ’ਤੇ ਵਿਸ਼ਵਾਸ ਕਰਕੇ ਉਨ੍ਹਾਂ ਨੂੰ 2027 ਵਿੱਚ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ।
ਉਨ੍ਹਾਂ ਹਯਾਤਨਗਰ ਵਿਖੇ ਧਰਮਸ਼ਾਲਾ ਹਾਲ ਦੀ ਉਸਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

