ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਕੀਤਾ ਪ੍ਰੇਰਿਤ
ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ, ਖੁਸ਼ਹਾਲ, ਸਿਹਤਯਾਬ ਪੰਜਾਬ ਬਣਾਉਣ ਲਈ ”ਖੇਡਾਂ ਵਤਨ ਪੰਜਾਬ ਦੀਆਂ-2024” ਸੀਜ਼ਨ -3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਇਹ ਖੇਡਾਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਅਤੇ ਸੂਬੇ ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਇੱਕ ਅਹਿਮ ਕਦਮ ਸਾਬਿਤ ਹੋਣਗੀਆਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਸਥਾਨਕ ਸਰਕਾਰੀ ਕਾਲਜ ਦੇ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ’ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਨੂੰ ਸ਼ੁਰੂ ਕਰਵਾਉਣ ਮੌਕੇ ਕੀਤੇ । ਇਸ ਮੌਕੇ ਕਰਮਜੀਤ ਸਿੰਘ ਐਸਡੀਐਮ ਗੁਰਦਾਸਪੁਰ,ਸਿਮਰਨਜੀਤ ਸਿੰਘ ਜਿਲਾ ਖੇਡ ਅਫਸਰ, ਕੋਚ ਮਨੋਹਰ ਸਿੰਘ, ਤਲਵਿੰਦਰ ਸਿੰਘ ਤੋਂ ਇਲਾਵਾ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।ਇਸ ਮੌਕੇ ਉਨ੍ਹਾਂ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸੂਬਾ ਸਰਕਾਰ ਵੱਲੋਂ ’ਖੇਡਾਂ ਵਤਨ ਪੰਜਾਬ ਦੀਆਂ’ ਸੀਜਨ-3 ਕਰਵਾਈਆਂ ਜਾ ਰਹੀਆਂ ਹਨ ਜੋ ਕਿ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ।ਇਹ ਖੇਡਾਂ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰ ਰਹੀਆਂ ਹਨ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਾਹੇਵੰਦ ਸਿੱਧ ਹੋਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਪੰਜਾਬ ਦੀ ਜਵਾਨੀ ਨੂੰ ਮੁੜ ਖੇਡ ਮੈਦਾਨਾਂ ਨਾਲ ਜੋੜਿਆ ਹੈ ਅਤੇ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। ਖਿਡਾਰੀ ਆਪਣੀ ਮਿਹਨਤ ਅਤੇ ਲਗਨ ਨਾਲ ਇਨ੍ਹਾਂ ਖੇਡਾਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ । ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ 23 ਤੋਂ 28 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਐਥਲੈਟਿਕਸ, ਫੁੱਟਬਾਲ, ਬਾਕਸਿੰਗ, ਜੂਡੋ, ਕੁਸ਼ਤੀ, ਬੈਡਮਿੰਟਨ, ਪਾਵਰਲਿਫਟਿੰਗ, ਟੇਬਲ ਟੈਨਿਸ, ਚੈੱਸ, ਤੈਰਾਕੀ, ਵੇਟਲਿਫਟਿੰਗ, ਕਬੱਡੀ (ਸਰਕਲ ਅਤੇ ਨੈਸ਼ਨਲ), ਖੋ- ਖੋ, ਗੱਤਕਾ, ਵਾਲੀਬਾਲ ਸ਼ੂਟਿੰਗ ਅਤੇ ਸਮੈਸਿੰਗ, ਕਿੱਕ ਬਾਕਸਿੰਗ, ਬਾਸਕਿਟ ਬਾਲ, ਸਵਿਮਿੰਗ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।ਅੰਡਰ-21 ਦੇ 5000 ਮੀਟਰ ਦੌੜ ਮੁਕਾਬਲੇ ਵਿੱਚ ਹਰਦੀਪ ਕੁਮਾਰ ਨੇ ਪਹਿਲਾ, ਦੀਵਾਕਰ ਨੇ ਦੂਜਾ, ਕੁਲਵਿੰਦਰ ਸਿੰਘ ਨੇ ਤੀਜਾ ਤੇ ਰਵਿੰਦਰ ਮਸੀਹ ਨੇ ਚੌਥਾ ਸਥਾਨ ਹਾਸਿਲ ਕੀਤਾ।