ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ -ਡਾ ਸੁਨੀਲ ਤਰਗੋਤਰਾ

ਦੋਆਬਾ

ਪੜਾਅਵਾਰ ਰੋਸ ਕਰਦਿਆਂ 9 ਅਕਤੂਬਰ ਨੂੰ ਧੂਰੀ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ  ਮਹਾਂ ਰੋਸ ਰੈਲੀ।

ਰੂਪਨਗਰ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਵੱਲੋਂ ਜਾਰੀ ਕੀਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਪੜਾਅ ਵਾਰ ਰੋਸ ਪ੍ਰਦਰਸ਼ਨ ਕਰਨ ਉਪਰੰਤ 9 ਅਕਤੂਬਰ ਨੂੰ ਸੂਬਾ ਪੱਧਰੀ ਮਹਾ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਐਨਐਚਐਮ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਡਾ ਸੁਨੀਲ ਤਰਗੋਤਰਾ ਨੇ ਪ੍ਰੈਸ ਨਾਲ ਗੱਲ ਬਾਤ ਕਰਦਿਆਂ ਦੱਸਿਆ ਕਿ 28 ਸਤੰਬਰ 2026 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਇਸ ਮੌਕੇ ਸਿਵਲ ਸਰਜਨਾਂ ਰਾਹੀਂ ਸਿਹਤ ਵਿਭਾਗ ਅਤੇ ਸਰਕਾਰ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ।

ਇਸ ਤੋਂ ਬਾਅਦ 1 ਅਕਤੂਬਰ 2026 ਨੂੰ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ। ਯੂਨੀਅਨ ਵੱਲੋਂ ਸਰਕਾਰ ਨੂੰ ਪਿਛਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਫੈਸਲਿਆਂ ਅਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਜਾਵੇਗੀ।

ਇਸੇ ਲੜੀ ਤਹਿਤ 9 ਅਕਤੂਬਰ 2026 ਨੂੰ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐਨ.ਐਚ.ਐਮ. ਮੁਲਾਜ਼ਮਾਂ ਤੋਂ ਇਲਾਵਾ ਹੋਰ ਭਰਾਤਰੀ ਸਿਹਤ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਡਾ ਰਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਸਰਕਾਰ ਅੱਗੇ ਮੁੱਖ ਤੌਰ ’ਤੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਵਿਭਾਗੀ ਕਮੇਟੀ ਰਾਹੀਂ ਹੱਲ ਕਰਨ, ਪਿਛਲੀ ਮੀਟਿੰਗ ਵਿੱਚ ਕੀਤੇ ਗਏ ਫੈਸਲਿਆਂ ਨੂੰ ਲਾਗੂ ਕਰਨ ਅਤੇ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਹੈ।

ਇਸ ਤੋਂ ਇਲਾਵਾ ਯੂਨੀਅਨ ਵੱਲੋਂ ‘ਬਰਾਬਰ ਕੰਮ ਬਰਾਬਰ ਤਨਖਾਹ’ ਦੇ ਸਿਧਾਂਤ ਨੂੰ ਲਾਗੂ ਕਰਨ, ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਜਬ ਵਾਧਾ ਕਰਨ ਅਤੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ ਹੈ।

ਯੂਨੀਅਨ ਆਗੂਆਂ ਨੇ ਲੰਬੇ ਸਮੇ ਤੋਂ ਵੱਖ-ਵੱਖ ਕੈਡਰਾਂ ਨਾਲ ਸਬੰਧਤ ਲੰਬਿਤ ਮਸਲਿਆਂ ਅਤੇ ਸਰਕਾਰ ਤੇ ਸਿਹਤ ਵਿਭਾਗ ਕੋਲ ਪਹਿਲਾਂ ਤੋਂ ਚੱਲ ਰਹੀਆਂ ਫਾਈਲਾਂ ਦਾ ਵੀ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਨਾ ਕਰਨਾ ਪਵੇ।

ਯੂਨੀਅਨ ਆਗੂਆਂ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਲਟਕਾਉਣ ਦੀ ਬਜਾਏ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕਰਕੇ ਗੱਲਬਾਤ ਰਾਹੀਂ ਠੋਸ ਅਤੇ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ।

ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ 9 ਅਕਤੂਬਰ ਦੀ ਮਹਾ ਰੈਲੀ ਉਪਰੰਤ ਸੰਘਰਸ਼ ਨੂੰ ਹੋਰ ਤਿੱਖਾ, ਤੇਜ਼  ਅਤੇ ਵਿਸ਼ਾਲ ਕੀਤਾ ਜਾਵੇਗਾ ਅਤੇ ਅਗਲੇ ਪੜਾਅ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ।

Leave a Reply

Your email address will not be published. Required fields are marked *