ਗੁਰਦਾਸਪੁਰ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਜ਼ਿਲ੍ਹੇ ਨੂੰ ਨੈਸ਼ਨਲ ਟੂਰਿਜ਼ਮ ਹੱਬ ਵਜੋਂ ਵਿਕਸਿਤ ਕਰਨ ਦੀਆਂ ਵਿਸ਼ਾਲ ਸੰਭਾਵਨਾਵਾਂ: ਡਾ. ਅਸ਼ਵਨੀ ਕੁਮਾਰ ਭੱਲਾ

ਗੁਰਦਾਸਪੁਰ

ਵਰਲਡ ਟੂਰਿਜ਼ਮ ਡੇ ਮੌਕੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)—ਵਰਲਡ ਟੂਰਿਜ਼ਮ ਡੇ ਦੇ ਮੌਕੇ ’ਤੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ (ਆਈ.ਆਈ.ਸੀ.) ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਅਜੇ ਸ਼ਰਮਾ, ਸੈਨੇਟ ਮੈਂਬਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਸੈਣੀ ਜ਼ਿਲਾ ਪਰੋਗਰਾਮ ਅਫਸਰ ਹੈਰੀਟੇਜ ਗੁਰਦਾਸਪੁਰ ਵੀ ਮੌਜੂਦ ਸਨ।

ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਸਟੇਜ ਵਕਤਾ ਡਾ. ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੈਰ-ਸਪਾਟੇ ਦੀ ਮਹੱਤਤਾ ਅਤੇ ਮੌਜੂਦਾ ਸਮੇਂ ਵਿੱਚ ਟੂਰਿਜ਼ਮ ਦੇ ਖੇਤਰ ਵਿੱਚ ਡਿਜੀਟਲ ਤਕਨਾਲੋਜੀ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ “Digital Agenda and Artificial Intelligence to Redesign Tourism” ਦੇ ਸੰਦਰਭ ਵਿੱਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ ਟੂਰਿਜ਼ਮ ਖੇਤਰ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ ਅਤੇ ਇਤਿਹਾਸਕ ਤੇ ਸੱਭਿਆਚਾਰਕ ਸਥਾਨਾਂ ਨੂੰ ਵਿਸ਼ਵ ਪੱਧਰ ’ਤੇ ਪਹੁੰਚ ਦਿੱਤੀ ਜਾ ਸਕਦੀ ਹੈ।

ਇਸ ਮੌਕੇ ਡਾ. ਸੰਦੀਪ ਕੌਰ ਵੱਲੋਂ ਤਿਆਰ ਕੀਤੀ ਗਈ ਇੱਕ ਵਿਸ਼ੇਸ਼ ਡਾਕਿਊਮੈਂਟਰੀ ਵੀ ਵਿਦਿਆਰਥੀਆਂ ਨੂੰ ਦਿਖਾਈ ਗਈ। ਡਾਕਿਊਮੈਂਟਰੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਪ੍ਰਮੁੱਖ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਸਥਾਨਾਂ ਨੂੰ ਉਜਾਗਰ ਕਰਦਿਆਂ ਗੁਰਦਾਸਪੁਰ ਨੂੰ ਇੱਕ ਮਹੱਤਵਪੂਰਨ ਟੂਰਿਸਟ ਡੈਸਟੀਨੇਸ਼ਨ ਵਜੋਂ ਪੇਸ਼ ਕਰਨ ਦਾ ਉਪਰਾਲਾ ਕੀਤਾ ਗਿਆ। ਇਸ ਰਾਹੀਂ ਗੁਰਦਾਸਪੁਰ ਵਿੱਚ ਸਸਟੇਨੇਬਲ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ, ਸਥਾਨਕ ਵਿਰਾਸਤੀ ਸਥਾਨਾਂ ਦੀ ਸੰਭਾਲ ਕਰਨ ਅਤੇ ਜ਼ਿਲ੍ਹੇ ਵਿੱਚ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਵਿਕਸਿਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।

ਵਿਦਿਆਰਥੀਆਂ ਨੂੰ ‘ਲੋਕਲ ਟੂਰਿਜ਼ਮ ਅੰਬੈਸਡਰ’ ਬਣਨ ਲਈ ਪ੍ਰੇਰਿਤ ਕੀਤਾ

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਪਿੰਡਾਂ, ਕਸਬਿਆਂ ਅਤੇ ਆਪਣੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਜੂਦ ਇਤਿਹਾਸਕ, ਧਾਰਮਿਕ, ਸੱਭਿਆਚਾਰਕ, ਕੁਦਰਤੀ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੀਆਂ ਛੋਟੀਆਂ-ਛੋਟੀਆਂ ਵੀਡੀਓਜ਼ ਤਿਆਰ ਕਰਨ।

ਮੁੱਖ ਮਹਿਮਾਨ ਡਾ. ਅਜੇ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਟੂਰਿਜ਼ਮ ਦੇ ਵੱਖ-ਵੱਖ ਪੱਖਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਟੂਰਿਜ਼ਮ ਦੇ ਖੇਤਰ ਵਿੱਚ ਮੌਜੂਦ ਸੰਭਾਵਨਾਵਾਂ ਨੂੰ ਸਮਝਣ ਅਤੇ ਆਧੁਨਿਕ ਤਕਨਾਲੋਜੀਆਂ ਨਾਲ ਆਪਣੇ ਆਪ ਨੂੰ ਜੋੜਨ ਲਈ ਪ੍ਰੇਰਿਤ ਕੀਤਾ।

ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਟੂਰਿਜ਼ਮ ਦੇ ਵਿਕਾਸ ਦਾ ਲਾਭ ਸਿਰਫ਼ ਵੱਡੇ ਸ਼ਹਿਰਾਂ ਜਾਂ ਪਹਿਲਾਂ ਤੋਂ ਪ੍ਰਸਿੱਧ ਟੂਰਿਸਟ ਹੱਬਾਂ ਤੱਕ ਸੀਮਿਤ ਨਹੀਂ ਰਹਿਣਾ ਚਾਹੀਦਾ, ਸਗੋਂ ਛੋਟੇ ਕਸਬਿਆਂ, ਪਿੰਡਾਂ ਅਤੇ ਸਥਾਨਕ ਇਲਾਕਿਆਂ ਨੂੰ ਵੀ ਟੂਰਿਜ਼ਮ ਦੇ ਨਕਸ਼ੇ ’ਤੇ ਲਿਆਉਣ ਦੀ ਲੋੜ ਹੈ। ਇਸ ਨਾਲ ਸਥਾਨਕ ਕਾਰੋਬਾਰੀਆਂ, ਕਾਰੀਗਰਾਂ, ਨੌਜਵਾਨਾਂ ਅਤੇ ਹੋਰ ਵਰਗਾਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੇ ਨਾਲ-ਨਾਲ ਖੇਤਰੀ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲ ਸਕਦਾ ਹੈ।

ਸਮਾਗਮ ਦੌਰਾਨ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਮੁੱਖ ਮਹਿਮਾਨ ਡਾ. ਅਜੇ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ।

ਅੰਤ ਵਿੱਚ ਡਾ. ਸੰਦੀਪ ਕੌਰ ਨੇ ਮੁੱਖ ਮਹਿਮਾਨ ਡਾ. ਅਜੇ ਸ਼ਰਮਾ, ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।

Leave a Reply

Your email address will not be published. Required fields are marked *