ਸਿਵਲ ਸਰਜਨ ਦਫਤਰ ਵਿਖੇ ਦਿੱਤਾ ਰੋਸ ਧਰਨਾ, ਪੜਾਅਵਾਰ ਰੋਸ ਕਰਦਿਆਂ 9 ਅਕਤੂਬਰ ਨੂੰ ਧੂਰੀ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਮਹਾਂ ਰੋਸ ਰੈਲੀ
ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚਲਦਿਆਂ ਜਿਲਾ ਗੁਰਦਾਸਪੁਰ ਦੀ ਐਨਐਚਐਮ ਮੁਲਾਜ਼ਮ ਯੂਨੀਅਨ ਵੱਲੋਂ ਸੰਘਰਸ਼ ਪ੍ਰੋਗਰਾਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ । ਇਸ ਮੌਕੇ ਸਿਵਲ ਸਰਜਨਾਂ ਰਾਹੀਂ ਸਿਹਤ ਵਿਭਾਗ ਅਤੇ ਸਰਕਾਰ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪੇ ਗਏ।
ਸੂਬਾ ਆਗੂ ਡਾ ਸੁਨੀਲ ਤਰਗੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਬਾਅਦ 1 ਅਕਤੂਬਰ 2026 ਨੂੰ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ। ਯੂਨੀਅਨ ਵੱਲੋਂ ਸਰਕਾਰ ਨੂੰ ਪਿਛਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਫੈਸਲਿਆਂ ਅਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਜਾਵੇਗੀ।
ਇਸੇ ਲੜੀ ਤਹਿਤ 9 ਅਕਤੂਬਰ 2026 ਨੂੰ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐਨ.ਐਚ.ਐਮ. ਮੁਲਾਜ਼ਮਾਂ ਤੋਂ ਇਲਾਵਾ ਹੋਰ ਭਰਾਤਰੀ ਸਿਹਤ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਯੂਨੀਅਨ ਆਗੂਆਂ ਵੱਲੋਂ ਸਰਕਾਰ ਅੱਗੇ ਮੁੱਖ ਤੌਰ ’ਤੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਵਿਭਾਗੀ ਕਮੇਟੀ ਰਾਹੀਂ ਹੱਲ ਕਰਨ, ਪਿਛਲੀ ਮੀਟਿੰਗ ਵਿੱਚ ਕੀਤੇ ਗਏ ਫੈਸਲਿਆਂ ਨੂੰ ਲਾਗੂ ਕਰਨ ਅਤੇ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਯੂਨੀਅਨ ਵੱਲੋਂ ‘ਬਰਾਬਰ ਕੰਮ ਬਰਾਬਰ ਤਨਖਾਹ’ ਦੇ ਸਿਧਾਂਤ ਨੂੰ ਲਾਗੂ ਕਰਨ, ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਜਬ ਵਾਧਾ ਕਰਨ ਅਤੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ ਹੈ।
ਯੂਨੀਅਨ ਆਗੂਆਂ ਨੇ ਲੰਬੇ ਸਮੇ ਤੋਂ
ਵੱਖ-ਵੱਖ ਕੈਡਰਾਂ ਨਾਲ ਸਬੰਧਤ ਲੰਬਿਤ ਮਸਲਿਆਂ ਅਤੇ ਸਰਕਾਰ ਤੇ ਸਿਹਤ ਵਿਭਾਗ ਕੋਲ ਪਹਿਲਾਂ ਤੋਂ ਚੱਲ ਰਹੀਆਂ ਫਾਈਲਾਂ ਦਾ ਵੀ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਨਾ ਕਰਨਾ ਪਵੇ।
ਯੂਨੀਅਨ ਆਗੂ ਡਾ ਰਵਿੰਦਰ ਸਿੰਘ ਅਤੇ ਡਾ ਵਿਕਰਮ ਸੂਰੀ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਲਟਕਾਉਣ ਦੀ ਬਜਾਏ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕਰਕੇ ਗੱਲਬਾਤ ਰਾਹੀਂ ਠੋਸ ਅਤੇ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ।
ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ 9 ਅਕਤੂਬਰ ਦੀ ਮਹਾ ਰੈਲੀ ਉਪਰੰਤ ਸੰਘਰਸ਼ ਨੂੰ ਹੋਰ ਤਿੱਖਾ, ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ ਅਤੇ ਅਗਲੇ ਪੜਾਅ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐਨ ਐਚ ਐਮ ਮੁਲਾਜ਼ਮ ਡਾ ਰਵਿੰਦਰ ਸਿੰਘ ਕਾਹਲੋਂ,ਵਿਕਾਸ
ਜੋਇਲ,ਸੂਰਜ ਪ੍ਰਕਾਸ਼,ਨਵਜੋਤ ਕੌਰ,ਸਿਮਰਨਜੀਤ ਕੌਰ,ਗੌਰਵ ਸ਼ਰਮਾ,ਡਾ ਵਿਕਰਮ ਸੂਰੀ,ਅਮਨਦੀਪ ਸਿੰਘ,ਗੁਰਪ੍ਰੀਤ ਸਿੰਘ,ਅਸ਼ਵਨੀ ਸ਼ਰਮਾ,ਦਿਲਰਾਜ ਕੌਰ,ਅਮਨਦੀਪ ਕੌਰ,ਡਾ ਆਰਤੀ,ਡਾ ਰਜਤ ਆਦਿ ਵੀ ਹਾਜ਼ਰ ਸਨ ।

