ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਆਗੂ ਰਮਨ ਬਹਿਲ ਦੇ ਘਰ ਦਾ ਘਿਰਾਓ, ਮੰਗ ਪੱਤਰ ਸੌਂਪਿਆ

ਗੁਰਦਾਸਪੁਰ

ਸਰਕਾਰ ਨਾਲ ਪੰਜ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ’ਤੇ ਮੁਲਾਜ਼ਮਾਂ ਵਿੱਚ ਰੋਸ, ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ

ਗੁਰਦਾਸਪੁਰ , 1 ਅਕਤੂਬਰ (ਸਰਬਜੀਤ ਸਿੰਘ)- ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਰਮਨ ਬਹਿਲ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਹਲਕਾ ਵਿਧਾਇਕ ਨੂੰ ਸੌਂਪਿਆ ਗਿਆ ਅਤੇ ਸਰਕਾਰ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦੀ ਆਵਾਜ਼ ਪਹੁੰਚਾਉਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਡਾ ਸੁਨੀਲ ਤਰਗੋਤਰਾ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕੋਵਿਡ-19 ਮਹਾਂਮਾਰੀ ਸਮੇਤ ਵੱਖ-ਵੱਖ ਸਿਹਤ ਮੁਹਿੰਮਾਂ ਅਤੇ ਸਰਕਾਰੀ ਸਿਹਤ ਪ੍ਰੋਗਰਾਮਾਂ ਦੌਰਾਨ ਐਨ.ਐਚ.ਐਮ. ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈਆਂ ਹਨ। ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਹੁਣ ਤੱਕ 53 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਐਨ.ਐਚ.ਐਮ. ਮੁਲਾਜ਼ਮਾਂ ਦੀ ਇੱਕ ਵੀ ਮੁੱਖ ਮੰਗ ਨੂੰ ਸਰਕਾਰ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਗਾਂ ਦੇ ਸਥਾਈ ਅਤੇ ਸਾਰਥਕ ਹੱਲ ਲਈ ਕੋਈ ਠੋਸ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਮੀਟਿੰਗਾਂ ਦੌਰਾਨ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਜ਼ਮੀਨੀ ਪੱਧਰ ’ਤੇ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ।

ਡਾ ਰਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਿਛਲੇ ਦਿਨੀਂ ਵਿੱਤ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਮੀਟਿੰਗ ਵਿੱਚ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦੇ ਹੱਲ ਲਈ ਐਨ.ਐਚ.ਐਮ. ਇੰਪਲੋਈਜ਼ ਵੈਲਫੇਅਰ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਣੀ ਸੀ।

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਪੰਜਾਬ ਵੱਲੋਂ ਇਸ ਸਬੰਧੀ 15 ਦਿਨਾਂ ਦੀ ਡੈਡਲਾਈਨ ਦਿੱਤੀ ਗਈ ਸੀ, ਪਰ ਡੈਡਲਾਈਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਐਨ.ਐਚ.ਐਮ. ਇੰਪਲੋਈਜ਼ ਵੈਲਫੇਅਰ ਕਮੇਟੀ ਦੀ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ। ਇਸ ਕਾਰਨ ਐਨ.ਐਚ.ਐਮ. ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ।

ਡਾ ਵਿਕਰਮ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਅਤੇ ਦਿੱਤੇ ਗਏ ਭਰੋਸਿਆਂ ਦੇ ਬਾਵਜੂਦ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਨੂੰ ਮੁਲਾਜ਼ਮਾਂ ਨਾਲ ਗੰਭੀਰ ਬੇਇਨਸਾਫ਼ੀ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਕੇ ਤੁਰੰਤ ਸਾਰਥਕ ਹੱਲ ਵੱਲ ਵਧਣਾ ਚਾਹੀਦਾ ਹੈ।

ਇਸ ਮੌਕੇ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਇਸ ਗੱਲ ’ਤੇ ਵੀ ਸਖ਼ਤ ਇਤਰਾਜ਼ ਜਤਾਇਆ ਗਿਆ ਕਿ ਪੰਜਾਬ ਸਰਕਾਰ ਦੇ ਕਿਸੇ ਵੀ ਵਿਧਾਇਕ ਵੱਲੋਂ ਹੁਣ ਤੱਕ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਨਹੀਂ ਉਠਾਈ ਗਈ। ਮੁਲਾਜ਼ਮਾਂ ਨੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਸਬੰਧਤ ਮੰਤਰੀਆਂ ਦੇ ਧਿਆਨ ਵਿੱਚ ਲਿਆਉਣ ਅਤੇ ਵਿਧਾਨ ਸਭਾ ਅਤੇ ਸਰਕਾਰ ਦੇ ਪੱਧਰ ’ਤੇ ਐਨ.ਐਚ.ਐਮ. ਮੁਲਾਜ਼ਮਾਂ ਦੀ ਆਵਾਜ਼ ਬੁਲੰਦ ਕਰਨ।

ਵਿਕਾਸ ਜੋਇਲ,ਸੂਰਜ ਪ੍ਰਕਾਸ਼ ਅਤੇ ਅਮਨਦੀਪ ਸਿੰਘ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਸਰਕਾਰ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪਰ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾਉਂਦੀ ਅਤੇ ਵੈਲਫੇਅਰ ਕਮੇਟੀ ਦੀ ਮੀਟਿੰਗ ਬੁਲਾ ਕੇ ਮੰਗਾਂ ਦੇ ਹੱਲ ਲਈ ਠੋਸ ਕਦਮ ਨਹੀਂ ਚੁੱਕਦੀ ਤਾਂ ਐਨ.ਐਚ.ਐਮ. ਇੰਪਲੋਈਜ਼ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਜਾਵੇਗਾ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਕੋਈ ਸਾਰਥਕ ਪਹਿਲਕਦਮੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਵਿੱਤ ਮੰਤਰੀ ਪੰਜਾਬ, ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਅਤੇ ਸਬੰਧਤ ਹਲਕਾ ਵਿਧਾਇਕਾਂ ਦਾ ਵੱਖ-ਵੱਖ ਥਾਵਾਂ ’ਤੇ ਘਿਰਾਓ ਕੀਤਾ ਜਾਵੇਗਾ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਸੰਘਰਸ਼ ਨੂੰ ਹੋਰ ਵਿਆਪਕ ਰੂਪ ਦੇਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਅੰਤ ਵਿੱਚ ਐਨ.ਐਚ.ਐਮ. ਇੰਪਲੋਈਜ਼ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਤੁਰੰਤ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ, ਐਨ.ਐਚ.ਐਮ. ਇੰਪਲੋਈਜ਼ ਵੈਲਫੇਅਰ ਕਮੇਟੀ ਦੀ ਤੁਰੰਤ ਮੀਟਿੰਗ ਬੁਲਾਈ ਜਾਵੇ ਅਤੇ ਮੰਗਾਂ ਦੇ ਹੱਲ ਲਈ ਸਮਾਂਬੱਧ ਢੰਗ ਨਾਲ ਠੋਸ ਫ਼ੈਸਲੇ ਕੀਤੇ ਜਾਣ, ਤਾਂ ਜੋ ਐਨ.ਐਚ.ਐਮ. ਮੁਲਾਜ਼ਮ ਬਿਨਾਂ ਕਿਸੇ ਰੁਕਾਵਟ ਦੇ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਜਾਰੀ ਰੱਖ ਸਕਣ।

ਇਸ ਮੌਕੇ ਉਹਨਾਂ ਨਾਲ ਨਵਜੋਤ ਕੌਰ,ਸਿਮਰਨਜੀਤ ਕੌਰ,ਗੌਰਵ ਸ਼ਰਮਾ,ਗੁਰਪ੍ਰੀਤ ਸਿੰਘ,ਅਸ਼ਵਨੀ ਸ਼ਰਮਾ,ਦਿਲਰਾਜ ਕੌਰ,ਅਮਨਦੀਪ ਕੌਰ,ਡਾ ਆਰਤੀ,ਡਾ ਰਜਤ ਆਦਿ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *