ਪਿੰਡ ਭੁੱਲੇ ਚੱਕ ਵਿਖੇ 2 ਏਕੜ ਜ਼ਮੀਨ ਠੇਕੇ ’ਤੇ ਲਈ, ਇੱਥੇ ਲੱਗੇਗਾ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ
ਗੁਰਦਾਸਪੁਰ,1 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੂੜੇ ਦੀ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਗੁਰਦਾਸਪੁਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹੁਣ ਕੂੜੇ ਦੀ ਸਮੱਸਿਆ ਦੇ ਹੱਲ ਲਈ ਵੀ ਉਨ੍ਹਾਂ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ।
ਚੇਅਰਮੈਨ ਰਾਜੀਵ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਭੁੱਲੇ ਚੱਕ ਵਿਖੇ 2 ਏਕੜ ਜ਼ਮੀਨ ਠੇਕੇ ’ਤੇ ਲਈ ਗਈ ਹੈ, ਜਿੱਥੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਬੰਧੀ ਅੱਜ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਨਾਲ ਜ਼ਮੀਨ ਦਾ ਜਾਇਜ਼ਾ ਲੈਣ ਲਈ ਪਹੁੰਚੇ।
ਰਾਜੀਵ ਸ਼ਰਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੰਬੇ ਸਮੇਂ ਤੋਂ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਨਾਕਾਮ ਰਹੀਆਂ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਅਤੇ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਾਸੀਆਂ ਦੀ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਇਹ ਪ੍ਰੋਜੈਕਟ ਅਹਿਮ ਸਾਬਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਗੁਰਦਾਸਪੁਰ ਨੂੰ 8 ਜ਼ੋਨਾਂ ਵਿੱਚ ਵੰਡਿਆ ਜਾਵੇਗਾ। ਇਸ ਦੇ ਤਹਿਤ ਟਰੱਸਟ ਵੱਲੋਂ 8 ਨਵੀਆਂ ਗੱਡੀਆਂ ਖਰੀਦੀਆਂ ਜਾਣਗੀਆਂ, ਜੋ ਘਰਾਂ ਤੋਂ ਕੂੜਾ ਇਕੱਠਾ ਕਰਕੇ ਇਸ ਪਲਾਂਟ ਤੱਕ ਲੈ ਕੇ ਆਉਣਗੀਆਂ। ਇਸ ਤੋਂ ਬਾਅਦ ਕੂੜੇ ਤੋਂ ਖਾਦ ਤਿਆਰ ਕੀਤੀ ਜਾਵੇਗੀ, ਜੋ ਕਿਸਾਨਾਂ ਅਤੇ ਘਰਾਂ ਵਿੱਚ ਪੌਦੇ ਲਗਾਉਣ ਵਾਲੇ ਲੋਕਾਂ ਦੇ ਕੰਮ ਆ ਸਕੇਗੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ ਗੁਰਦਾਸਪੁਰ ਨੂੰ ਖੁਸ਼ਹਾਲ ਅਤੇ ਹਰਿਆ-ਭਰਿਆ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦਾਸਪੁਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

