ਖੇਡ ਮੈਦਾਨਾਂ ਵਿੱਚ ਗੂੰਜਦੀ ਨੌਜਵਾਨੀ ਊਰਜਾ ਹੀ ਰੰਗਲੇ ਪੰਜਾਬ ਦੀ ਅਸਲ ਤਾਕਤ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ

‘ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ’ ਸਫਲਤਾਪੂਰਵਕ ਸੰਪੰਨ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਮਨ ਬਹਿਲ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਕੀਤੇ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਮੈਦਾਨ ਵਿੱਚ ‘ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ’ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਸਮੇਤ ਪਾਰਟੀ ਦੇ ਆਗੂ ਵਰਕਰ ਅਤੇ ਖਿਡਾਰੀ ਮੌਜੂਦ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਵਰਗੀ ਸ਼੍ਰੀ ਖੁਸ਼ਹਾਲ ਬਹਿਲ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਰਾਜਨੀਤੀ ਦੇ ਖੇਤਰ ਵਿੱਚ ਕਦਰਾਂ-ਕੀਮਤਾਂ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਕਾਇਮ ਰੱਖਿਆ। ਉਨ੍ਹਾਂ ਆਪਣਾ ਸਾਰਾ ਜੀਵਨ ਲੋਕ ਸੇਵਾ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦੀ ਲੋਕਾਂ ਪ੍ਰਤੀ ਸੇਵਾ ਭਾਵਨਾ ਹਮੇਸ਼ਾ ਯਾਦ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਇੱਕ ਸਿਹਤਮੰਦ ਤੇ ਉਜਵਲ ਭਵਿੱਖ ਵੱਲ ਲੈ ਜਾਣ ਦਾ ਮਜ਼ਬੂਤ ਜ਼ਰੀਆ ਵੀ ਹਨ। ਉਨ੍ਹਾਂ ਕਿਹਾ ਕਿ ਮੈਦਾਨਾਂ ਵਿੱਚ ਗੂੰਜਦੀ ਨੌਜਵਾਨੀ ਦੀ ਇਹ ਊਰਜਾ ਹੀ ਰੰਗਲੇ ਪੰਜਾਬ ਦੀ ਅਸਲ ਤਾਕਤ ਹੈ।

ਉਨ੍ਹਾਂ ਕਿਹਾ ਕਿ ਰਮਨ ਬਹਿਲ ਦੀ ਅਗਵਾਈ ਹੇਠ ਹੋਇਆ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਵਾਲਾ ਇਹ ਟੂਰਨਾਮੈਂਟ ਬਹੁਤ ਹੀ ਸ਼ਾਨਦਾਰ ਅਤੇ ਸਫਲ ਰਿਹਾ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਦੇ ਖਿਡਾਰੀ ਅੱਜ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਗਭਗ 3100 ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੇ ਨੇੜੇ ਹੀ ਖੇਡਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰ ਕੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲੈ ਕੇ ਜਾਣਾ ਹੈ।

ਇਸ ਮੌਕੇ ਰਮਨ ਬਹਿਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਕ੍ਰਿਕਟ ਟੂਰਨਾਮੈਂਟ ਉਨ੍ਹਾਂ ਦੇ ਸਵਰਗੀ ਪਿਤਾ ਸ਼੍ਰੀ ਖੁਸ਼ਹਾਲ ਬਹਿਲ ਦੀ ਯਾਦ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਨੇ ਲੰਮਾ ਸਮਾਂ ਸਾਫ਼-ਸੁਥਰੀ ਲੋਕ ਸੇਵਾ ਅਤੇ ਰਾਜਨੀਤੀ ਨੂੰ ਸਮਰਪਿਤ ਕੀਤਾ। ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਹਮੇਸ਼ਾ ਉਨ੍ਹਾਂ ਲਈ ਰੋਲ ਮਾਡਲ ਰਹਿਣਗੇ ਅਤੇ ਉਨ੍ਹਾਂ ਦੀ ਸਾਫ਼-ਸੁਥਰੀ ਛਵੀ ਅਤੇ ਲੋਕ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਟੂਰਨਾਮੈਂਟ ਕਰਵਾਉਣ ਵਾਲੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੁਸ਼ਹਾਲ ਬਹਿਲ ਦੀ ਯਾਦ ਨੂੰ ਤਾਜ਼ਾ ਕਰਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਟੂਰਨਾਮੈਂਟ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਮੂਹ ਪ੍ਰਬੰਧਕਾਂ, ਖਿਡਾਰੀਆਂ, ਕੋਚਾਂ, ਖੇਡ ਪ੍ਰੇਮੀਆਂ ਅਤੇ ਨੌਜਵਾਨਾਂ ਨੇ ਪੂਰਾ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।

ਟੂਰਨਾਮੈਂਟ ਵਿੱਚ ਲਗਭਗ 16 ਟੀਮਾਂ ਨੇ ਭਾਗ ਲਿਆ ਅਤੇ ਫਾਈਨਲ ਮੁਕਾਬਲੇ ਵਿੱਚ ਪਹੁੰਚੀਆਂ ਦੋਵੇਂ ਟੀਮਾਂ ਵੱਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਭਾਰਤ ਭੂਸ਼ਣ ਸ਼ਰਮਾ ਸੰਗਠਨ ਇੰਚਾਰਜ ਗੁਰਦਾਸਪੁਰ, ਚੇਅਰਮੈਨ ਸਪੋਰਟਸ ਵੈਲਫੇਅਰ ਸਵਿੰਦਰ ਸਿੰਘ ਲੰਬੜ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਅਸ਼ਵਨੀ ਕੁਮਾਰ ਭੱਲਾ, ਚੇਅਰਮੈਨ ਬਲਵਿੰਦਰ ਸਿੰਘ, ਸਰਪੰਚ ਬਲਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Leave a Reply

Your email address will not be published. Required fields are marked *