ਪਿੰਡ ਗਜਨੀਪੁਰ ਤੋਂ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ, 175 ਪਰਿਵਾਰਾਂ ਨੂੰ ਮਿਲੇਗਾ ਆਪਣੇ ਘਰਾਂ ਦੀ ਮਾਲਕੀ ਦਾ ਹੱਕ

ਗੁਰਦਾਸਪੁਰ

80 ਸਾਲ ਪੁਰਾਣੀ ਮੰਗ ਹੋਈ ਪੂਰੀ, ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗੀ ਘਰਾਂ ਦੀ ਕਾਨੂੰਨੀ ਮਾਲਕੀ: ਰਮਨ ਬਹਿਲ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦੇਣ ਲਈ ਅੱਜ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵੱਲੋਂ ਅੱਜ ਪਿੰਡ ਗਜਜਨੀਪੁਰ ਤੋਂ ਇਸ ਯੋਜਨਾ ਦੀ ਸ਼ੁਰੂਆਤ ਕਰਵਾਈ ਗਈ। ਇਸ ਤਹਿਤ ਪਿੰਡ ਗਜ਼ਨੀਪੁਰ ਦੇ 175 ਘਰਾਂ ਨੂੰ ਮਾਲਕੀ ਦਾ ਹੱਕ ਮਿਲਣ ਦੀ ਪ੍ਰਕਿਰਿਆ ਸ਼ੁਰੂ ਹੋਈ ਹੈ।

ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਅੱਜ ਦਾ ਦਿਨ ਪਿੰਡ ਗਜ਼ਨੀਪੁਰ ਦੇ ਵਾਸੀਆਂ ਲਈ ਬਹੁਤ ਭਾਗਾਂ ਵਾਲਾ ਹੈ, ਕਿਉਂਕਿ ਲਗਭਗ 80 ਸਾਲਾਂ ਤੋਂ ਚੱਲੀ ਆ ਰਹੀ ਇੱਕ ਅਹਿਮ ਮੰਗ ਨੂੰ ਪੂਰਾ ਕਰਨ ਵੱਲ ਕਦਮ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜ੍ਹੀਆਂ ਤੋਂ ਲਾਲ ਲਕੀਰ ਅੰਦਰ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਕੋਲ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਸਬੰਧੀ ਪੱਕੇ ਦਸਤਾਵੇਜ਼ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲੇਗਾ।

ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਪੇਂਡੂ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ। ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਾਲਕੀ ਸਪਸ਼ਟ ਰਹੇਗੀ। ਇਸ ਤੋਂ ਇਲਾਵਾ ਜਾਇਦਾਦ ਸਬੰਧੀ ਝਗੜਿਆਂ ਨੂੰ ਘਟਾਉਣ, ਬੈਂਕਿੰਗ ਅਤੇ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਅਤੇ ਪਿੰਡਾਂ ਦੇ ਯੋਜਨਾਬੱਧ ਵਿਕਾਸ ਵਿੱਚ ਵੀ ਇਸ ਯੋਜਨਾ ਦਾ ਲਾਭ ਹੋਵੇਗਾ।

ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਆਪਣੇ ਮਾਲਕੀ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਅਤੇ ਪੇਂਡੂ ਖੇਤਰਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਸਬੰਧੀ ਜਾਗਰੂਕ ਹੋਣ ਅਤੇ ਯੋਗ ਪਰਿਵਾਰ ਇਸ ਦਾ ਲਾਭ ਜ਼ਰੂਰ ਲੈਣ।

ਉਨ੍ਹਾਂ ਕਿਹਾ ਕਿ ਗਜਜਨੀਪੁਰ ਤੋਂ ਸ਼ੁਰੂ ਹੋਈ ਇਹ ਪ੍ਰਕਿਰਿਆ ਹਲਕਾ ਗੁਰਦਾਸਪੁਰ ਦੇ ਹੋਰ ਪਿੰਡਾਂ ਤੱਕ ਵੀ ਪਹੁੰਚਾਈ ਜਾਵੇਗੀ, ਤਾਂ ਜੋ ਲਾਲ ਲਕੀਰ ਅੰਦਰ ਰਹਿੰਦੇ ਯੋਗ ਪਰਿਵਾਰਾਂ ਨੂੰ ਵੀ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਹੱਕ ਮਿਲ ਸਕਣ।

ਇਸ ਮੌਕੇ ਤਹਿਸੀਲਦਾਰ ਗੁਰਦਾਸਪੁਰ ਮੁਨੀਸ਼ ਕੁਮਾਰ, ਸਟਾਫ ਮੈਂਬਰ ਮਨਦੀਪ, ਰੋਹਿਤ ਕੁਮਾਰ ਅਤੇ ਸੁਨੀਲ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਸਰਪੰਚ ਪਿੰਡ ਗਜ਼ਨੀਪੁਰ ਦਵਿੰਦਰ ਸਿੰਘ, ਸਰਪੰਚ ਪਿੰਡ ਬੋਪਾਰਾਏ ਬਲਜੀਤ ਸਿੰਘ, ਸਰਪੰਚ ਪਿੰਡ ਰਾਜਪੂਤਾਂ ਰਮੇਸ਼ ਲਾਲ, ਪਿੰਡ ਗਜ਼ਨੀਪੁਰ ਸਕੂਲ ਦੇ ਹੈੱਡ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *