ਧੂਰੀ ਵਿਖੇ ਐਨ.ਐਚ.ਐਮ. ਮੁਲਾਜ਼ਮਾਂ ਦੀ ਸੂਬਾ ਪੱਧਰੀ ਰੋਸ ਰੈਲੀ

ਮਾਲਵਾ

ਸਿਵਲ ਹਸਪਤਾਲ ਤੋਂ ਬਾਜ਼ਾਰਾਂ ਵਿੱਚ ਮਾਰਚ ਕਰਕੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਦਾ ਕੀਤਾ ਘਿਰਾਓ

53 ਮੀਟਿੰਗਾਂ ਤੋਂ ਬਾਅਦ ਵੀ ਮੰਗਾਂ ਦਾ ਹੱਲ ਨਾ ਹੋਣ ’ਤੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ

ਮੰਗਾਂ ਨਾ ਮੰਨੀਆਂ ਤਾਂ ਮੁੱਖ ਮੰਤਰੀ, ਸਿਹਤ ਮੰਤਰੀ ਜਾਂ ਵਿੱਤ ਮੰਤਰੀ ਦੇ ਹਲਕੇ ਵਿੱਚ ਪੱਕਾ ਧਰਨਾ ਅਤੇ ਭੁੱਖ ਹੜਤਾਲ ਦੀ ਚੇਤਾਵਨੀ

ਧੂਰੀ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਅੱਜ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਵਾਅਦਾ-ਖ਼ਿਲਾਫ਼ੀ ਵਿਰੁੱਧ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਮੁਲਾਜ਼ਮਾਂ ਨੇ ਸਿਵਲ ਹਸਪਤਾਲ ਧੂਰੀ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਤੋਂ ਬਾਅਦ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਸਬੰਧੀ ਜਾਗਰੂਕ ਕਰਨ ਲਈ ਪਰਚੇ ਵੰਡੇ।

ਰੋਸ ਮਾਰਚ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ਅੱਗੇ ਵਧਦਾ ਹੋਇਆ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੱਕ ਪਹੁੰਚਿਆ, ਜਿੱਥੇ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਦੇ ਵਿਰੋਧ ਵਿੱਚ ਧਰਨਾ ਦੇ ਕੇ ਆਪਣਾ ਰੋਸ ਦਰਜ ਕਰਵਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਡਾ ਸੁਨੀਲ ਤਰਗੋਤਰਾ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਆਪਣੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਹੁਣ ਤੱਕ ਤਕਰੀਬਨ 53 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇੰਨੀਆਂ ਮੀਟਿੰਗਾਂ ਦੇ ਬਾਵਜੂਦ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਕਾਰਾਤਮਕ ਹੱਲ ਨਹੀਂ ਕੱਢਿਆ ਗਿਆ।

ਉਨ੍ਹਾਂ ਕਿਹਾ ਕਿ ਹਰ ਵਾਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮੀਟਿੰਗਾਂ, ਕਮੇਟੀਆਂ ਅਤੇ ਭਰੋਸਿਆਂ ਦੇ ਚੱਕਰ ਵਿੱਚ ਪਾ ਕੇ ਮਸਲੇ ਨੂੰ ਅੱਗੇ ਟਾਲਿਆ ਜਾਂਦਾ ਰਿਹਾ ਹੈ। ਮੁਲਾਜ਼ਮ ਆਗੂਆਂ ਅਨੁਸਾਰ ਸਰਕਾਰ ਦੀ ਇਹ ਨੀਤੀ ਹੁਣ ਮੁਲਾਜ਼ਮਾਂ ਦੇ ਸਬਰ ਦੀ ਹੱਦ ਪਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕਰ ਰਹੇ ਐਨ.ਐਚ.ਐਮ. ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਲਾਰੇ ਅਤੇ ਡੰਗ ਟਪਾਊ ਨੀਤੀਆਂ ਨਾਲ ਚਲਾਇਆ ਜਾ ਰਿਹਾ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ ਕੋਵਿਡ ਸਮੇਤ ਹਰ ਮੁਸ਼ਕਲ ਦੌਰ ਵਿੱਚ ਐਨ.ਐਚ.ਐਮ. ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਸਿਹਤ ਸੇਵਾਵਾਂ ਨੂੰ ਲੋਕਾਂ ਦੀ ਪਹੁੰਚ ਤੱਕ ਪਹੁੰਚਾਉਣ ਵਿੱਚ ਐਨ.ਐਚ.ਐਮ. ਮੁਲਾਜ਼ਮਾਂ ਦਾ ਵੱਡਾ ਯੋਗਦਾਨ ਹੈ। ਇਸ ਦੇ ਬਾਵਜੂਦ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ, ਭਵਿੱਖ ਦੀ ਸੁਰੱਖਿਆ ਅਤੇ ਜਾਇਜ਼ ਮੰਗਾਂ ਸਬੰਧੀ ਸਰਕਾਰ ਵੱਲੋਂ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਸੋਚ ਕਿ ਮੀਟਿੰਗਾਂ ਕਰਕੇ, ਕਮੇਟੀਆਂ ਬਣਾਕੇ ਅਤੇ ਭਰੋਸੇ ਦੇ ਕੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਖ਼ਤਮ ਕਰ ਦਿੱਤਾ ਜਾਵੇਗਾ, ਹੁਣ ਪੂਰੀ ਤਰ੍ਹਾਂ ਗਲਤ ਸਾਬਤ ਹੋ ਚੁੱਕੀ ਹੈ। ਪੰਜਾਬ ਭਰ ਦੇ ਐਨ.ਐਚ.ਐਮ. ਮੁਲਾਜ਼ਮ ਹੁਣ ਆਪਣੇ ਹੱਕਾਂ ਲਈ ਇੱਕਜੁੱਟ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਅੱਜ ਧੂਰੀ ਦੀਆਂ ਸੜਕਾਂ ’ਤੇ ਕੀਤਾ ਗਿਆ ਰੋਸ ਮਾਰਚ ਸਿਰਫ਼ ਮੁਲਾਜ਼ਮਾਂ ਦਾ ਰੋਸ ਨਹੀਂ, ਬਲਕਿ ਪੰਜਾਬ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਇੱਕ ਕੋਸ਼ਿਸ਼ ਵੀ ਹੈ, ਜਿਨ੍ਹਾਂ ਕਾਰਨ ਠੇਕਾ ਆਧਾਰਿਤ ਮੁਲਾਜ਼ਮਾਂ ਵਿੱਚ ਲੰਬੇ ਸਮੇਂ ਤੋਂ ਅਸੁਰੱਖਿਆ ਅਤੇ ਬੇਚੈਨੀ ਬਣੀ ਹੋਈ ਹੈ।

ਇਸ ਮੌਕੇ ਮੁਲਾਜ਼ਮਾਂ ਵੱਲੋਂ ਧੂਰੀ ਦੇ ਬਾਜ਼ਾਰਾਂ ਵਿੱਚ ਪਰਚੇ ਵੰਡ ਕੇ ਆਮ ਲੋਕਾਂ ਨੂੰ ਦੱਸਿਆ ਗਿਆ ਕਿ ਐਨ.ਐਚ.ਐਮ. ਮੁਲਾਜ਼ਮ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦਿਆਂ ਦੀ ਮੌਜੂਦਾ ਸਥਿਤੀ ਕੀ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਸਭ ਤੋਂ ਪਹਿਲਾਂ ਉਨ੍ਹਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਚਾਹੀਦਾ ਹੈ ਜੋ ਦਿਨ-ਰਾਤ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।

ਰੈਲੀ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਹੁਣ ਸਿਰਫ਼ ਭਰੋਸਿਆਂ ਨਾਲ ਕੰਮ ਨਹੀਂ ਚੱਲੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ’ਤੇ ਤੁਰੰਤ ਵਿਚਾਰ ਕਰਕੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਠੋਸ ਫ਼ੈਸਲਾ ਲਿਆ ਜਾਵੇ।

ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਅਤੇ ਪਹਿਲਾਂ ਵਾਂਗ ਕਮੇਟੀਆਂ ਦੇ ਨਾਮ ’ਤੇ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿਹਤ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਜਾਂ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਪੱਕਾ ਧਰਨਾ ਲਗਾਇਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਵੱਲੋਂ ਕੋਈ ਸਾਰਥਕ ਅਤੇ ਸਕਾਰਾਤਮਕ ਹੱਲ ਨਹੀਂ ਕੀਤਾ ਜਾਂਦਾ ਤਾਂ ਯੂਨੀਅਨ ਦੇ ਆਗੂਆਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨਾਲ ਟਕਰਾਅ ਨਹੀਂ ਚਾਹੁੰਦੇ, ਸਗੋਂ ਗੱਲਬਾਤ ਰਾਹੀਂ ਮਸਲੇ ਦਾ ਸਥਾਈ ਅਤੇ ਸਨਮਾਨਜਨਕ ਹੱਲ ਚਾਹੁੰਦੇ ਹਨ। ਪਰ ਜੇ ਸਰਕਾਰ ਗੱਲਬਾਤ ਦੇ ਨਾਮ ’ਤੇ ਵਾਰ-ਵਾਰ ਸਮਾਂ ਬਰਬਾਦ ਕਰਦੀ ਰਹੀ ਅਤੇ ਫ਼ੈਸਲੇ ਲੈਣ ਤੋਂ ਪਿੱਛੇ ਹਟਦੀ ਰਹੀ ਤਾਂ ਮੁਲਾਜ਼ਮਾਂ ਕੋਲ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਬਚੇਗਾ।

ਉਨ੍ਹਾਂ ਕਿਹਾ ਕਿ 53 ਮੀਟਿੰਗਾਂ ਕੋਈ ਛੋਟੀ ਗਿਣਤੀ ਨਹੀਂ ਹੈ। ਜੇਕਰ ਇੰਨੀਆਂ ਮੀਟਿੰਗਾਂ ਤੋਂ ਬਾਅਦ ਵੀ ਸਰਕਾਰ ਕੋਲ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਹੈ ਤਾਂ ਇਹ ਸਰਕਾਰ ਦੀ ਨੀਅਤ ਅਤੇ ਨੀਤੀ ਦੋਵਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮ ਸਿਰਫ਼ ਮੀਟਿੰਗਾਂ ਦੇ ਸੱਦੇ ਜਾਂ ਨਵੇਂ ਭਰੋਸਿਆਂ ਨੂੰ ਸਵੀਕਾਰ ਨਹੀਂ ਕਰਨਗੇ। ਸਰਕਾਰ ਨੂੰ ਹੁਣ ਲਿਖਤੀ ਅਤੇ ਠੋਸ ਫ਼ੈਸਲਾ ਲੈਣਾ ਪਵੇਗਾ।

ਐਨ.ਐਚ.ਐਮ. ਮੁਲਾਜ਼ਮਾਂ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਇਹ ਵੀ ਦੱਸਣਾ ਚਾਹੁੰਦੇ ਹਨ ਕਿ ਸਿਹਤ ਵਿਭਾਗ ਦੀਆਂ ਬਹੁਤ ਸਾਰੀਆਂ ਸੇਵਾਵਾਂ ਵਿੱਚ ਐਨ.ਐਚ.ਐਮ. ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਨਜ਼ਰਅੰਦਾਜ਼ ਕਰਕੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਦਾਅਵੇ ਹਕੀਕਤ ਤੋਂ ਦੂਰ ਹਨ।

ਰੋਸ ਰੈਲੀ ਦੌਰਾਨ ਸਮੂਹ ਮੁਲਾਜ਼ਮਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਯੂਨੀਅਨ ਵੱਲੋਂ ਲਏ ਜਾਣ ਵਾਲੇ ਹਰ ਅਗਲੇ ਸੰਘਰਸ਼ਮਈ ਫ਼ੈਸਲੇ ਨੂੰ ਪੂਰੀ ਤਾਕਤ ਨਾਲ ਲਾਗੂ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਕਿਸੇ ਇੱਕ ਵਿਅਕਤੀ ਜਾਂ ਕਿਸੇ ਇੱਕ ਅਧਿਕਾਰੀ ਵਿਰੁੱਧ ਨਹੀਂ, ਸਗੋਂ ਉਨ੍ਹਾਂ ਨੀਤੀਆਂ ਵਿਰੁੱਧ ਹੈ ਜੋ ਲੰਬੇ ਸਮੇਂ ਤੋਂ ਠੇਕਾ ਆਧਾਰਿਤ ਮੁਲਾਜ਼ਮਾਂ ਦੇ ਹੱਕਾਂ ਨੂੰ ਅਣਦੇਖਾ ਕਰ ਰਹੀਆਂ ਹਨ।

ਅੰਤ ਵਿੱਚ ਸੂਬਾ ਪ੍ਰਧਾਨ ਮੈਡਮ ਸੰਦੀਪ ਕੌਰ ਸਮੇਤ ਹੋਰ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਹੁਣ ਲਾਰਿਆਂ, ਭਰੋਸਿਆਂ ਅਤੇ ਕਮੇਟੀਆਂ ਦਾ ਸਮਾਂ ਖ਼ਤਮ ਹੋ ਚੁੱਕਾ ਹੈ। ਸਰਕਾਰ ਤੁਰੰਤ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਮੰਗਾਂ ’ਤੇ ਠੋਸ ਫ਼ੈਸਲਾ ਕਰੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਦੀ ਅਜਿਹੀ ਲਹਿਰ ਖੜ੍ਹੀ ਕੀਤੀ ਜਾਵੇਗੀ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਮੌਕੇ ਸਮੂਹ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਫੈਸੇਲੀਟੇਸ਼ਨ ਸੈਂਟਰ ਧੂਰੀ ਦੇ ਗੇਟ ਤੱਕ ਮੁੱਖ ਬਾਜ਼ਾਰਾਂ ਵਿੱਚੋਂ ਹੁੰਦੇ ਹੋਏ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਲੋਕਾਂ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਪੈਫਲੇਟ ਵੰਡੇ ਗਏ।

ਮੌਕੇ ਤੇ ਮੁੱਖ ਮੰਤਰੀ ਪੰਜਾਬ ਦੇ ਓਐਸਡੀ ਵੱਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਹਨਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਕੀਤਾ ਜਾਵੇਗਾ ਅਤੇ ਆਉਣ ਵਾਲੀ 14 ਅਕਤੂਬਰ 2026  ਨੂੰ ਸਿਹਤ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਨਾਲ ਉਹਨਾਂ ਦੀ ਮੀਟਿੰਗ ਕਰਵਾ ਕੇ ਉਹਨਾਂ ਦੇ ਮੁੱਦੇ ਹੱਲ ਕਰਵਾਏ ਜਾਣਗੇ।

ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਨੂੰ ਆਖ਼ਰੀ ਚੇਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਪਿੱਛੇ ਹਟਣ ਵਾਲੇ ਨਹੀਂ ਹਨ। ਜਦੋਂ ਤੱਕ ਮੰਗਾਂ ਦਾ ਠੋਸ ਅਤੇ ਸਨਮਾਨਜਨਕ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ ਅਤੇ ਜੇਕਰ ਇਸ 14 ਤਰੀਕ ਦੀ ਮੀਟਿੰਗ ਵਿੱਚ ਹੱਲ ਨਹੀਂ ਹੁੰਦਾ ਤਾਂ ਇਸੇ ਫੈਸਿਲੀਟੇਸ਼ਨ ਸੈਂਟਰ ਦੇ ਬਾਹਰ ਪੱਕਾ ਧਰਨਾ ਲਗਾ ਦਿੱਤਾ ਜਾਵੇਗਾ।

ਇਸ ਮੌਕੇ ਡਾਕਟਰ ਵਾਹਿਦ ਮੁਹੰਮਦ ਮਲੇਰ ਕੋਟਲਾ, ਸੁਖਜੀਤ ਕੰਬੋਜ ਰੋਪੜ, ਜਗਦੇਵ ਸਿੰਘ ਮਾਨਸਾ ,ਅਮਨਦੀਪ ਸਿੰਘ ਪਟਿਆਲਾ ,ਜਸਵੀਰ ਸਿੰਘ ਬਰਨਾਲਾ, ਗੁਲਸ਼ਨ ਸ਼ਰਮਾ ਫਰੀਦਕੋਟ, ਬਗੀਚ ਸਿੰਘ ਨਾਗਪਾਲ ਫਿਰੋਜ਼ਪੁਰ, ਨਰਿੰਦਰ ਸਿੰਘ ਫਿਰੋਜ਼ਪੁਰ, ਗੁਰਿੰਦਰ ਸਿੰਘ ਮੋਗਾ, ਪਵਨ ਬਿਆਲਾ ਅੰਮ੍ਰਿਤਸਰ ਸਾਹਿਬ, ਡਾਕਟਰ ਵਿਕਰਮ ਸੂਰੀ ਗੁਰਦਾਸਪੁਰ, ਰਵਿੰਦਰ ਸਿੰਘ ਫਾਜਿਲਕਾ, ਅਵਤਾਰ ਸਿੰਘ ਮਾਨਸਾ ਅਤੇ ਵੱਡੀ ਗਿਣਤੀ ਵਿੱਚ ਐਨਐਚਐਮ ਮੁਲਾਜ਼ਮ ਮੌਜੂਦ ਸਨ।

Leave a Reply

Your email address will not be published. Required fields are marked *