ਸੰਵੇਦਨਸ਼ੀਲ ਹੌਟਸਪੌਟ ਪਿੰਡਾਂ ਵਿੱਚ ਐੱਸ.ਐੱਸ.ਪੀ ਅਦਿੱਤਿਆ ਤੇ ਏ.ਡੀ.ਸੀ ਗੁਰਸਿਮਰਨ ਸਿੰਘ ਢਿੱਲੋਂ ਨੇ ਕੀਤਾ ਦੌਰਾ

ਗੁਰਦਾਸਪੁਰ

ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਜ਼ਿਲਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਅਤੇ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਸੰਵੇਦਨਸ਼ੀਲ ਹੌਟਸਪੌਟ ਪਿੰਡਾਂ ਵਿੱਚ ਐੱਸ.ਐੱਸ.ਪੀ ਅਦਿੱਤਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਅਚਨਚੇਤ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਸਮੇਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਅਧਿਕਾਰੀਆਂ ਨੇ ਪਿੰਡਾਂ ਦੇ ਲੋਕਾਂ, ਕਿਸਾਨਾਂ ਅਤੇ ਮੋਹਤਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਅਤੇ ਪਰਾਲੀ ਪ੍ਰਬੰਧਨ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਐੱਸ.ਐੱਸ.ਪੀ ਅਦਿੱਤਿਆ ਨੇ ਜੌੜਾ ਛੱਤਰਾਂ ਸਮੇਤ ਹੋਰਨਾਂ ਇਲਾਕਿਆਂ ਦਾ ਦੌਰਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੁਲਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਆਪ੍ਰੇਸ਼ਨ ਚਲਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨ ਵਾਸਤੇ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਤਕਰੀਬਨ ਡੇਢ ਮਹੀਨੇ ਦੌਰਾਨ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ ਅਤੇ ਖ਼ਤਰਨਾਕ ਹਥਿਆਰਾਂ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਵੀ ਪ੍ਰਸ਼ਾਸਨ ਦੀ ਤਰਜੀਹ ਹੈ। ਇਸ ਲਈ ਪੁਲਿਸ ਦੀਆਂ ਟੀਮਾਂ ਲਗਾਤਾਰ ਸਰਗਰਮ ਹਨ ਅਤੇ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਗਈ ਹੈ। ਇਸ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਨੂੰ ਹੁਣ ਤੱਕ ਅੱਠ ਹਜ਼ਾਰ ਤੋਂ ਵੱਧ ਖੇਤੀ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਕਿਸਾਨ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤਾਂ ਵਿੱਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਸਮੇਤ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਨਾਲ ਪਰਾਲੀ ਦਾ ਨਿਪਟਾਰਾ ਕਰਕੇ ਕਣਕ ਦੀ ਬਿਜਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ।

ਡਾ. ਚੀਮਾ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਖੇਤੀ ਮਸ਼ੀਨਰੀ ਦੀ ਉਪਲਬਧਤਾ, ਵਰਤੋਂ ਜਾਂ ਪਰਾਲੀ ਦੇ ਬਿਨਾਂ ਅੱਗ ਲਗਾਏ ਨਿਪਟਾਰੇ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਤਕਨੀਕੀ ਮਾਰਗਦਰਸ਼ਨ ਦਿੱਤਾ ਜਾਵੇਗਾ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ, ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ, ਤਾਂ ਜੋ ਸਾਂਝੇ ਯਤਨਾਂ ਨਾਲ ਜ਼ਿਲ੍ਹੇ ਨੂੰ ਨਸ਼ਾ ਮੁਕਤ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।

Leave a Reply

Your email address will not be published. Required fields are marked *