ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਰੋਕਣ, ਆਰ.ਓ. ਵਧਾਉਣ ਅਤੇ ਮੀਂਹ ਕਾਰਨ ਹੋਏ ਨੁਕਸਾਨ ਦੀ 100 ਫ਼ੀਸਦੀ ਭਰਪਾਈ ਦੀ ਮੰਗ ਉਠਾਈ
ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)—ਅੱਜ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ, ਬਲਬੀਰ ਸਿੰਘ ਰੰਧਾਵਾ, ਹਰਜੀਤ ਸਿੰਘ ਕਾਹਲੋ, ਅਸ਼ਵਨੀ ਕੁਮਾਰ ਲੱਖਣ ਕਲਾਂ, ਤਰਲੋਕ ਸਿੰਘ ਬਹਿਰਾਮਪੁਰ, ਦਿਲਬਾਗ ਸਿੰਘ ਪੱਬਾਂਰਾਲੀ, ਕਵਲਜੀਤ ਸਿੰਘ ਖੁਸ਼ਹਾਲਪੁਰ, ਜਰਨੈਲ ਸਿੰਘ ਆਦਿ ਕਿਸਾਨ ਆਗੂਆਂ ਦੇ ਵਫ਼ਦ ਨੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੀਟਿੰਗ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਨੇ ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਲੁੱਟ ਦਾ ਮੁੱਦਾ ਉਠਾਉਂਦਿਆਂ ਇਸ ਨੂੰ ਤੁਰੰਤ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੀ ਮੰਗ ਕੀਤੀ। ਵਫ਼ਦ ਨੇ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦੀਆਂ ਮੰਡੀਆਂ ਸਮੇਤ ਜ਼ਿਲ੍ਹੇ ਦੀਆਂ ਹੋਰਨਾਂ ਮੰਡੀਆਂ ਵਿੱਚ ਵਧੇਰੇ ਆਰ.ਓ. (ਰਾਈਸ ਮਿੱਲਾਂ) ਲਗਾਉਣ ਸਬੰਧੀ ਮੰਗ ਪੱਤਰ ਵੀ ਮੰਤਰੀ ਨੂੰ ਸੌਂਪਿਆ, ਤਾਂ ਜੋ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਕਿਸਾਨ ਆਗੂਆਂ ਨੇ ਬੀਤੇ ਕੱਲ੍ਹ ਫਾਜ਼ਿਲਕਾ ਮੰਡੀ ਸਮੇਤ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਭਾਰੀ ਮੀਂਹ ਕਾਰਨ ਕਿਸਾਨਾਂ ਦੀ ਫ਼ਸਲ ਅਤੇ ਹੋਰ ਹੋਏ ਨੁਕਸਾਨ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਰਾਹਤ ਮਿਲ ਸਕੇ।
ਕਿਸਾਨ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਬੰਦ ਕਰਵਾਉਣਾ, ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣਾ ਅਤੇ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।

