ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਕਤਲ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ
ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਗੰਭੀਰ ਸਵਾਲ ਉਠਾਏ ਹਨ।
ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਆ ਰਿਹਾ ਸੀ। ਮੈਡੀਕਲ ਸਟੋਰ ’ਤੇ ਨਸ਼ਾ ਵੇਚਣ ਦਾ ਵਿਰੋਧ ਕਰਨ ਗਏ ਪਰਵਿੰਦਰ ਸਿੰਘ ਝੋਟੇ ਨੂੰ ਕਥਿਤ ਤੌਰ ’ਤੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ।

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਸਰਕਾਰ ਦੇ ਦਾਅਵਿਆਂ ਅਨੁਸਾਰ ਹੁਣ ਤੱਕ 54 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਤਾਂ ਫਿਰ ਸੂਬੇ ਵਿੱਚ ਨਸ਼ਾ ਕਿਸ ਤਰ੍ਹਾਂ ਅਤੇ ਕਿਹੜੇ ਨੈੱਟਵਰਕ ਰਾਹੀਂ ਉਪਲਬਧ ਹੋ ਰਿਹਾ ਹੈ? ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਹਮਲੇ ਹੋਣ ਅਤੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਬਣਿਆ ਰਹਿਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ।
ਭੋਜਰਾਜ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਅਜਿਹੀਆਂ ਦੁਖਦਾਈ ਘਟਨਾਵਾਂ ਦਾ ਸੰਤਾਪ ਹੰਢਾ ਚੁੱਕਾ ਹੈ, ਜਿਨ੍ਹਾਂ ਵਿੱਚ ਪੰਜਾਬ ਨੇ ਆਪਣੇ ਹੋਣਹਾਰ ਨੌਜਵਾਨਾਂ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਗੁਆਇਆ ਹੈ। ਸਿੱਧੂ ਮੂਸੇਵਾਲਾ, ਦੀਪ ਸਿੱਧੂ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਵਰਗੀਆਂ ਸ਼ਖ਼ਸੀਅਤਾਂ ਦੇ ਚਲੇ ਜਾਣ ਨਾਲ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਹੁਣ ਪਰਵਿੰਦਰ ਸਿੰਘ ਝੋਟੇ ਦੀ ਮੌਤ ਨੇ ਲੋਕਾਂ ਦੇ ਮਨਾਂ ਵਿੱਚ ਹੋਰ ਵੀ ਡੂੰਘੇ ਸਵਾਲ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੁਕਸਾਨ ਦੀ ਭਰਪਾਈ ਕਰਨੀ ਮੁਸ਼ਕਲ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ਿਆਂ ਦੇ ਖ਼ਾਤਮੇ ਦਾ ਦਾਅਵਾ ਕਰਦੀ ਹੈ ਅਤੇ ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨਾਲ ਵਾਪਰ ਰਹੀਆਂ ਘਟਨਾਵਾਂ ਸਰਕਾਰ ਦੀ ਨੀਤੀ ਅਤੇ ਅਮਲ ਵਿਚਲੇ ਫ਼ਰਕ ਨੂੰ ਉਜਾਗਰ ਕਰਦੀਆਂ ਹਨ। ਉਨ੍ਹਾਂ ਮੋਹਣਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰ ਵਣਜਾਰਾ ਨਾਲ ਜੁੜੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਵੀ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
ਭੋਜਰਾਜ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਦਾ ਸਵਾਲ ਵੀ ਬੇਹੱਦ ਅਹਿਮ ਹੈ। ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਾ ਹੀ ਨਹੀਂ, ਸਗੋਂ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੇ ਹਾਲਾਤ ਵੱਲ ਨਹੀਂ ਧੱਕਿਆ ਜਾਣਾ ਚਾਹੀਦਾ, ਜਿੱਥੇ ਆਮ ਲੋਕ ਆਪਣੇ ਹੱਕਾਂ ਅਤੇ ਸਮਾਜ ਦੀ ਬਿਹਤਰੀ ਲਈ ਆਵਾਜ਼ ਉਠਾਉਣ ਤੋਂ ਵੀ ਡਰਨ।
ਸੁਖਦੇਵ ਸਿੰਘ ਭੋਜਰਾਜ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਤੁਰੰਤ ਅਤੇ ਠੋਸ ਕਾਰਵਾਈ ਨਾ ਕੀਤੀ, ਤਾਂ ਪੰਜਾਬ ਦੇ ਲੋਕਾਂ ਵਿੱਚ ਰੋਸ ਹੋਰ ਤਿੱਖਾ ਹੋ ਸਕਦਾ ਹੈ।

