15 ਅਕਤੂਬਰ ਨੂੰ ਪੰਜਾਬ ਬੰਦ ਦਾ ਪੂਰਨ ਸਮਰਥਨ ਕਰਦੇ ਹਾਂ
ਮਾਨਸਾ , ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ।
ਕਮੇਟੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਕਤਲ ਪਿੱਛੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਘਟਨਾ ਨਾਲ ਸਬੰਧਤ ਸਾਰੇ ਤੱਥਾਂ ਤੇ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਪੰਜਾਬ ਵਿੱਚ ਹਰ ਨਾਗਰਿਕ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਜਿੱਥੇ ਅਸੀਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਾਂ, ਉੱਥੇ ਪੰਜਾਬ ਦੇ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦੇ ਹਾਂ – ਆਓ ਮਿਲ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਦਾ ਸਮਰਥਨ ਕਰੀਏ, ਤਾਂ ਜੋ ਇਸ ਸੁੱਤੀ ਹੋਈ ਸਰਕਾਰ ਨੂੰ ਜਗਾਇਆ ਜਾ ਸਕੇ।
ਇੱਕ ਪਾਸੇ ਤੁਸੀਂ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਚਲਾ ਰਹੇ ਹੋ, ਦੂਜੇ ਪਾਸੇ ਨਸ਼ਾ ਅੱਜ ਵੀ ਪਿੰਡਾਂ, ਕਸਬਿਆਂ, ਸ਼ਹਿਰਾਂ ਅਤੇ ਕੁਝ ਮੈਡੀਕਲ ਸਟੋਰਾਂ ‘ਤੇ ਆਮ ਵਿਕ ਰਿਹਾ ਹੈ। ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ। ਜੋ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨ ਨਸ਼ਿਆਂ ਵਿਰੁੱਧ ਇੱਕ ਲਹਿਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਜਾਂਦਾ ਹੈ। ਆਓ ਇਨਸਾਫ਼ ਲਈ ਪਰਿਵਾਰ ਨਾਲ ਖੜ੍ਹੀਏ।

