ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਚੱਕਰਾਜਾ ਦੇ 70 ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਵੰਡੇ

ਗੁਰਦਾਸਪੁਰ

ਦੀਨਾਨਗਰ, ਗੁਰਦਾਸਪੁਰ,16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਲੜੀ ਤਹਿਤ ਅੱਜ ਪਿੰਡ ਚੱਕਰਾਜਾ ਵਿਖੇ ਸਰਪੰਚ ਸੁਖਰਾਜ ਕੌਰ ਦੀ ਅਗਵਾਈ ਹੇਠ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡ ਦੇ ਲਾਲ ਲਕੀਰ ਅੰਦਰ ਆਉਂਦੇ 70 ਪਰਿਵਾਰਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਦਸਤਾਵੇਜ਼ ਸੌਂਪੇ ਗਏ।

ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਆਪਣੇ ਹੀ ਘਰਾਂ ਦੇ ਮਾਲਕਾਨਾ ਹੱਕ ਸਾਬਤ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਨੇ ਲੋਕਾਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਆਪਣੇ ਘਰਾਂ ਦਾ ਅਸਲੀ ਮਾਲਕ ਬਣਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅੱਜ 70 ਪਰਿਵਾਰਾਂ ਨੂੰ ਇਹ ਦਸਤਾਵੇਜ ਸੌਂਪ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਿਲੀ ਹੈ ਅਤੇ ਦੀਨਾਨਗਰ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਨਿਸ਼ਾਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਪੱਖਪਾਤ ਦੇ ਹਰੇਕ ਵਰਗ ਤੱਕ ਸਰਕਾਰੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਇਸ ਯੋਜਨਾ ਤਹਿਤ ਸਨਦਾਂ ਵੰਡਣ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ।

ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਚੱਕਰਾਜਾ ਪਿੰਡ ਦੀਆਂ ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ ਅਤੇ ਸਟ੍ਰੀਟ ਲਾਈਟਾਂ ਵਰਗੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ ਤਾਂ ਜੋ ਪਿੰਡ ਦੇ ਲੋਕਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ।

ਸਮਾਗਮ ਦੀ ਅਗਵਾਈ ਕਰ ਰਹੇ ਸਰਪੰਚ ਸੁਖਰਾਜ ਕੌਰ ਨੇ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਚੱਕਰਾਜਾ ਦੇ ਵਿਕਾਸ ਕਾਰਜਾਂ ਲਈ ਮੌਜੂਦਾ ਸਰਕਾਰ ਵਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਅੱਜ ਜਿਨ੍ਹਾਂ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇ ਦਸਤਾਵੇਜ ਮਿਲੇ ਹਨ, ਉਨ੍ਹਾਂ ਦੇ ਚਿਹਰਿਆਂ ਦੀ ਖੁਸ਼ੀ ਦੱਸ ਰਹੀ ਹੈ ਕਿ ਸਰਕਾਰ ਦੇ ਇਸ ਕਦਮ ਨਾਲ ਗਰੀਬ ਅਤੇ ਮੱਧਮ ਵਰਗ ਨੂੰ ਕਿੰਨੀ ਵੱਡੀ ਰਾਹਤ ਮਿਲੀ ਹੈ।

Leave a Reply

Your email address will not be published. Required fields are marked *