ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੰਘਰਸ਼ ਦੀ ਸੀ.ਐਚ.ਓ ਐਸੋਸੀਏਸ਼ਨ ਵੱਲੋਂ ਪੂਰਨ ਹਮਾਇਤ ਦਾ ਐਲਾਨ

ਗੁਰਦਾਸਪੁਰ

19 ਅਕਤੂਬਰ ਦੇ ਧਰਨੇ ਵਿੱਚ ਸੀ.ਐਚ.ਓ ਮੁਲਾਜ਼ਮ ਵੀ ਭਰਵੀਂ ਸ਼ਮੂਲੀਅਤ ਕਰਨਗੇ, ਸਾਂਝੇ ਸੰਘਰਸ਼ ਰਾਹੀਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਈਆਂ ਜਾਣਗੀਆਂ।- ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ 19 ਅਕਤੂਬਰ ਨੂੰ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਕਮਿਊਨਿਟੀ ਹੈਲਥ ਅਫ਼ਸਰ (ਸੀ.ਐਚ.ਓ) ਐਸੋਸੀਏਸ਼ਨ ਵੱਲੋਂ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ: ਸੁਨੀਲ ਤਰਗੋਤਰਾ ਨੇ ਕਿਹਾ ਕਿ ਸਿਹਤ ਵਿਭਾਗ ਦੇ ਵੱਖ-ਵੱਖ ਕੇਡਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸੀ.ਐਚ.ਓ ਐਸੋਸੀਏਸ਼ਨ ਦੇ ਆਗੂ ਡਾ: ਪ੍ਰੀਤ ਮਖੀਜਾ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਪੈਰਾ ਮੈਡੀਕਲ ਮੁਲਾਜ਼ਮਾਂ ਸਮੇਤ ਸਮੂਹ ਸਿਹਤ ਕਾਮੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਇਸ ਦੇ ਬਾਵਜੂਦ ਜਦੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੱਕ ਅਣਗੌਲਿਆ ਕੀਤਾ ਜਾਂਦਾ ਹੈ ਅਤੇ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਕਾਰਵਾਈ ਨਹੀਂ ਹੁੰਦੀ, ਤਾਂ ਇਹ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਹੈ। ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਸਿਰਫ਼ ਭਰੋਸੇ ਦੇਣਾ ਕਾਫ਼ੀ ਨਹੀਂ, ਸਗੋਂ ਮੰਨੀਆਂ ਗਈਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨਾ ਸਰਕਾਰ ਅਤੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ।

ਆਗੂਆਂ ਨੇ ਕਿਹਾ ਕਿ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਡਾਇਰੈਕਟਰ ਦਫ਼ਤਰ ਦੀ ਜਾਰੀ ਕੀਤੀ ਪ੍ਰੋਸੀਡਿੰਗ ਉੱਤੇ ਪ੍ਰਗਟਾਇਆ ਗਿਆ ਰੋਸ ਜਾਇਜ਼ ਹੈ। ਜੇਕਰ ਮੀਟਿੰਗਾਂ ਦੌਰਾਨ ਮੰਗਾਂ ਉੱਤੇ ਸਹਿਮਤੀ ਬਣਦੀ ਹੈ, ਤਾਂ ਉਸ ਅਨੁਸਾਰ ਸਪੱਸ਼ਟ ਫ਼ੈਸਲੇ ਲੈ ਕੇ ਸਮਾਂਬੱਧ ਢੰਗ ਨਾਲ ਲਾਗੂ ਕੀਤੇ ਜਾਣੇ ਚਾਹੀਦੇ ਹਨ। ਮੁਲਾਜ਼ਮ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗਾਂ ਅਤੇ ਭਰੋਸਿਆਂ ਦੇ ਚੱਕਰ ਵਿੱਚ ਪਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਠੋਸ ਹੱਲ ਕੀਤਾ ਜਾਣਾ ਚਾਹੀਦਾ ਹੈ।

ਸੀ.ਐਚ.ਓ ਐਸੋਸੀਏਸ਼ਨ ਦੇ ਆਗੂ ਡਾ: ਕਾਹਲੋ ਨੇ ਕਿਹਾ ਕਿ ਸਿਹਤ ਵਿਭਾਗ ਦੇ ਵੱਖ-ਵੱਖ ਕੇਡਰਾਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਇੱਕ-ਦੂਜੇ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਕਿਸੇ ਵੀ ਕੇਡਰ ਦੇ ਮੁਲਾਜ਼ਮਾਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣਾ ਸਮੁੱਚੇ ਮੁਲਾਜ਼ਮ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਮੁਲਾਜ਼ਮ ਜਥੇਬੰਦੀਆਂ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਦੀਆਂ ਹਨ, ਤਾਂ ਸਰਕਾਰ ਅਤੇ ਵਿਭਾਗ ਉੱਤੇ ਮੰਗਾਂ ਦੇ ਹੱਲ ਲਈ ਦਬਾਅ ਹੋਰ ਮਜ਼ਬੂਤ ਹੋਵੇਗਾ।

ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀਆਂ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇ, ਮੀਟਿੰਗਾਂ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਅਮਲੀ ਰੂਪ ਦਿੱਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਦਾ ਵੀ ਗੱਲਬਾਤ ਰਾਹੀਂ ਜਲਦ ਨਿਪਟਾਰਾ ਕੀਤਾ ਜਾਵੇ।

ਸੀ.ਐਚ.ਓ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਉਹ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ 19 ਅਕਤੂਬਰ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਚੱਲ ਰਹੀ ਇਸ ਲੜਾਈ ਵਿੱਚ ਜਥੇਬੰਦੀ ਦੇ ਨਾਲ ਖੜ੍ਹੀ ਹੈ। ਐਸੋਸੀਏਸ਼ਨ ਨੇ ਸਮੂਹ ਸੀ.ਐਚ.ਓ ਸਾਥੀਆਂ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ, ਭਾਈਚਾਰੇ ਅਤੇ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਦਿਆਂ ਮੁਲਾਜ਼ਮ ਹਿੱਤਾਂ ਦੀ ਰਾਖੀ ਲਈ ਅੱਗੇ ਆਉਣ।

ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਏਕਤਾ ਹੀ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹੱਕੀ ਮੰਗਾਂ ਦੀ ਪੂਰਤੀ ਤੱਕ ਸਾਂਝੀ ਆਵਾਜ਼ ਬੁਲੰਦ ਰੱਖੀ ਜਾਵੇਗੀ।

Leave a Reply

Your email address will not be published. Required fields are marked *